ਪਿੰਡ ਬੁਰਜ ਗਿੱਲ ’ਚ 244 ਪਰਿਵਾਰ ਬਣੇ ਕਾਨੂੰਨੀ ਮਾਲਕ
ਪਿੰਡ ਬੁਰਜ ਗਿੱਲ ਵਿਚ 244 ਪਰਿਵਾਰ ਬਣੇ ਕਾਨੂੰਨੀ ਮਾਲਕ
Publish Date: Tue, 31 Mar 2026 05:26 PM (IST)
Updated Date: Wed, 01 Apr 2026 04:05 AM (IST)

ਸੰਜੀਵ ਸਿੰਗਲਾ, ਪੰਜਾਬੀ ਜਾਗਰਣ, ਭਾਈ ਰੂਪਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਲੋਕ-ਪੱਖੀ ਯੋਜਨਾ “ਮੇਰਾ ਘਰ ਮੇਰੇ ਨਾਮ” ਹੇਠ ਹਲਕਾ ਰਾਮਪੁਰਾ ਫੂਲ ਦੇ ਪਿੰਡ ਬੁਰਜ ਗਿੱਲ ਵਿਚ ਵੱਡਾ ਵਿਕਾਸੀ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਪਿੰਡ ਦੇ 244 ਘਰਾਂ ਦੇ ਪ੍ਰਾਪਰਟੀ ਕਾਰਡ ਬਣਨ ਨਾਲ ਪਰਿਵਾਰਾਂ ਨੂੰ ਕਾਨੂੰਨੀ ਮਾਲਕੀ ਹੱਕ ਪ੍ਰਾਪਤ ਹੋ ਗਿਆ ਹੈ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿਚ ਆਪਣੇ ਵਾਅਦੇ ਪੂਰੇ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ “‘ਮੇਰਾ ਘਰ ਮੇਰੇ ਨਾਮ’ ਯੋਜਨਾ ਆਮ ਲੋਕਾਂ ਲਈ ਇਤਿਹਾਸਕ ਫੈਸਲਾ ਹੈ, ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ‘ਤੇ ਪੂਰਾ ਕਾਨੂੰਨੀ ਹੱਕ ਮਿਲਿਆ ਹੈ।” ਵਿਧਾਇਕ ਸਿੱਧੂ ਨੇ ਦੱਸਿਆ ਕਿ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਮੁਫ਼ਤ ਬਿਜਲੀ ਦੀ ਸੁਵਿਧਾ ਦਿੱਤੀ ਹੈ, ਜਿਸ ਨਾਲ ਵੱਡੀ ਗਿਣਤੀ ਵਿਚ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਲਈ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਦੇ ਵਧੇਰੇ ਪ੍ਰਬੰਧ ਨਾਲ ਖੇਤੀਬਾੜੀ ਖੇਤਰ ਨੂੰ ਵੱਡਾ ਫ਼ਾਇਦਾ ਮਿਲਿਆ ਹੈ। ਸਿੱਖਿਆ ਖੇਤਰ ਵਿਚ ਆਈ ਸਿੱਖਿਆ ਕ੍ਰਾਂਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਆਧੁਨਿਕ ਸੁਵਿਧਾਵਾਂ, ਸਮਾਰਟ ਕਲਾਸਰੂਮ ਅਤੇ ਬਿਹਤਰ ਢਾਂਚੇ ਨਾਲ ਵਿਦਿਆਰਥੀਆਂ ਦਾ ਭਵਿੱਖ ਨਿਖਰ ਰਿਹਾ ਹੈ। ਸਿਹਤ ਸੇਵਾਵਾਂ ਲਈ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਰਾਹੀਂ ਲੱਖਾਂ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ, ਜਦਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾ ਰਿਹਾ ਹੈ। ਰੁਜ਼ਗਾਰ ਦੇ ਖੇਤਰ ਵਿਚ ਵੀ ਸਰਕਾਰ ਨੇ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ ਸਿਫ਼ਾਰਸ਼ ਤੋਂ ਬਿਨਾਂ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਅਤੇ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਹਨ। ਇਸ ਤੋਂ ਇਲਾਵਾ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਵਰਗੀਆਂ ਲੋਕ-ਹਿਤੈਸ਼ੀ ਯੋਜਨਾਵਾਂ ਵੀ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਇਸ ਯੋਜਨਾ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਯੋਗ ਪਰਿਵਾਰ ਨੂੰ ਉਸਦਾ ਹੱਕ ਮਿਲ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਪਾਰਦਰਸ਼ਿਤਾ ਤੇ ਤੇਜ਼ੀ ਨਾਲ ਲੋਕਾਂ ਤੱਕ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ।