ਗੜਿਆਂ ਕਾਰਨ ਨੁਕਸਾਨੀ ਫ਼ਸਲ ਦਾ ਮੁਆਵਜ਼ੇ ਦੇਵੇ ਸਰਕਾਰ : ਸਰੂਪ ਸਿੰਘ
ਗੜਿਆਂ ਕਾਰਨ ਨੁਕਸਾਨੀ ਕਣਕ ਲਈ ਤੁਰੰਤ ਮੁਆਵਜ਼ੇ ਦੇਵੇ ਸਰਕਾਰ : ਸਰੂਪ ਸਿੰਘ ਰਾਮਾਂ
Publish Date: Tue, 31 Mar 2026 05:32 PM (IST)
Updated Date: Wed, 01 Apr 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਹਾਲ ਹੀ ਵਿੱਚ ਪਏ ਗੜਿਆਂ ਕਾਰਨ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਨੂੰ ਲੈ ਕੇ ਕਿਸਾਨਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਸਰਕਾਰ ਤੋਂ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗੜਿਆਂ ਦੀ ਮਾਰ ਕਾਰਨ ਕਣਕ ਦੀ ਪੱਕੀ ਫ਼ਸਲ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ‘ਤੇ ਪਾਣੀ ਫਿਰ ਗਿਆ ਹੈ। ਬਾਲਿਆਂਵਾਲੀ ਖੇਤਰ ਵਿੱਚ ਕਰੀਬ 2 ਹਜ਼ਾਰ ਏਕੜ ਕਣਕ ਦੀ ਫਸਲ ਪ੍ਰਭਾਵਿਤ ਹੋਈ ਹੈ। ਜ਼ਿਲ੍ਹੇ ਦੇ ਹੋਰ ਕਈ ਇਲਾਕਿਆਂ ਵਿੱਚ ਵੀ ਫਸਲ ਨੂੰ ਨੁਕਸਾਨ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਕਈ ਥਾਵਾਂ ’ਤੇ ਤੇਜ਼ ਹਵਾਵਾਂ ਤੇ ਗੜਿਆਂ ਕਾਰਨ ਕਣਕ ਦੀ ਫਸਲ ਧਰਤੀ ‘ਤੇ ਵਿਛ ਗਈ ਹੈ, ਜਿਸ ਕਾਰਨ ਝਾੜ ‘ਤੇ ਵੱਡਾ ਅਸਰ ਪੈਣ ਦੀ ਸੰਭਾਵਨਾ ਹੈ। ਫਸਲ ਦੇ ਧਰਤੀ ’ਤੇ ਵਿਛ ਜਾਣ ਨਾਲ ਨਾ ਸਿਰਫ਼ ਉਪਜ ਘੱਟ ਹੁੰਦੀ ਹੈ, ਸਗੋਂ ਕਟਾਈ ’ਚ ਵੀ ਵਾਧੂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨਾਲ ਕਿਸਾਨਾਂ ਦੇ ਖਰਚੇ ਵੱਧ ਜਾਣਗੇ ਅਤੇ ਆਮਦਨ ਘਟੇਗੀ।
ਕਿਸਾਨ ਆਗੂ ਨੇ ਕਿਹਾ ਕਿ ਮੌਜੂਦਾ ਸਮੇਂ ਕਿਸਾਨ ਪਹਿਲਾਂ ਹੀ ਵੱਧਦੇ ਖਰਚਿਆਂ ਤੇ ਮੌਸਮੀ ਅਸਥਿਰਤਾ ਨਾਲ ਜੂਝ ਰਹੇ ਹਨ। ਐਸੇ ਵਿੱਚ ਕੁਦਰਤੀ ਆਫ਼ਤਾਂ ਕਾਰਨ ਹੋਇਆ ਨੁਕਸਾਨ ਉਨ੍ਹਾਂ ਲਈ ਵੱਡੀ ਆਰਥਿਕ ਚੁਣੌਤੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਏ ਤੇ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਮੁਆਵਜ਼ਾ ਦਿੱਤਾ ਜਾਵੇ। ਸਰੂਪ ਸਿੰਘ ਰਾਮਾਂ ਨੇ ਕਿਹਾ ਕਿ ਜੇਕਰ ਸਮੇਂ ਸਿਰ ਕਿਸਾਨਾਂ ਦੀ ਮਦਦ ਨਾ ਕੀਤੀ ਗਈ ਤਾਂ ਉਨ੍ਹਾਂ ਨੂੰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਰਾਹ ਅਪਣਾਇਆ ਜਾ ਸਕਦਾ ਹੈ। ਕਿਸਾਨਾਂ ਨੇ ਵੀ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਹ ਮੌਕੇ ‘ਤੇ ਟੀਮਾਂ ਭੇਜ ਕੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਮਦਦ ਦੇਣ ਵਿੱਚ ਦੇਰੀ ਨਾ ਕਰੇ। ਫ਼ਸਲ ਹੀ ਉਨ੍ਹਾਂ ਦੀ ਆਮਦਨ ਦਾ ਮੁੱਖ ਸਰੋਤ ਹੈ ਅਤੇ ਇਸ ਦੇ ਨੁਕਸਾਨ ਨਾਲ ਉਨ੍ਹਾਂ ਦੇ ਘਰੇਲੂ ਖਰਚੇ ਅਤੇ ਕਰਜ਼ੇ ਦੀ ਅਦਾਇਗੀ ‘ਤੇ ਵੀ ਅਸਰ ਪਵੇਗਾ।