ਰਾਏਕੇ ਕਲਾਂ ਵਿਖੇ ਘਰਾਂ ਦੇ ਮਾਲਕਾਨਾ ਕਾਰਡ ਵੰਡੇ
ਰਾਏਕੇ ਕਲਾਂ ਵਿਚ ਘਰਾਂ ਦੇ ਮਾਲਕਾਨਾ ਕਾਰਡ ਵੰਡੇ
Publish Date: Tue, 31 Mar 2026 06:07 PM (IST)
Updated Date: Wed, 01 Apr 2026 04:07 AM (IST)

ਸਟਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਅੱਜ ਰਾਏਕੇ ਕਲਾਂ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਮਲਕੀਅਤ ਸਬੰਧੀ ਕਾਰਡ ਘਰਾਂ ਦੇ ਮਾਲਕਾਂ ਨੂੰ ਵੰਡੇ ਗਏ। ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਅਤੇ ਜ਼ਮੀਨਾਂ ਦਾ ਕਾਨੂੰਨੀ ਹੱਕ ਦੇਣਾ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿਚ ਸਥਿਰਤਾ ਅਤੇ ਸੁਰੱਖਿਆ ਯਕੀਨੀ ਬਣੇਗੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਦਿਹਾਤੀ ਹਲਕੇ ਦੇ ਕੁੱਲ 550 ਲੋਕਾਂ ਨੂੰ ਕਾਰਡ ਵੰਡੇ ਜਾਣੇ ਹਨ, ਜਿਨ੍ਹਾਂ ਵਿੱਚੋਂ 212 ਨੂੰ ਕਾਰਡ ਵੰਡੇ ਗਏ। ਇਸ ਮੌਕੇ ਤੇ ਤਹਿਸੀਲਦਾਰ ਕੰਵਲਦੀਪ ਸਿੰਘ ਤੇ ਪਟਵਾਰੀ ਗੁਰਵਿੰਦਰ ਸਿੰਘ ਵੀ ਹਾਜ਼ਰ ਸਨ। ਆਪਣੇ ਸੰਬੋਧਨ ਦੌਰਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਰਤੀਬਵਾਰ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸਾਨੀ ਪੰਜਾਬ ਦੀ ਰੀੜ ਦੀ ਹੱਡੀ ਹੈ ਅਤੇ ਇਸ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਕਿਸਾਨਾਂ ਦੀਆਂ ਮੋਟਰਾਂ ਲਈ ਲਗਾਤਾਰ ਬਿਜਲੀ ਦੇ ਨਾਲ ਨਾਲ ਘਰੇਲੂ ਖਪਤਕਾਰਾਂ ਲਈ 600 ਯੂਨਿਟ ਤਕ ਮੁਫ਼ਤ ਬਿਜਲੀ ਦੀ ਸਹੂਲਤ ਨੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਮੌਕੇ ਨਸ਼ਾ ਮੁਕਤੀ ਮੁਹਿੰਮ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਲੜਾਈ ਵਿਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਿੱਖਿਆ, ਖੇਡਾਂ ਅਤੇ ਚੰਗੀਆਂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ।