ਸ਼ਹਿਰ ਦੇ ਵਿਕਾਸ ਸਬੰਧੀ ਭੱਲਾ ਨੇ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ
ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਭੱਲਾ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ
Publish Date: Wed, 01 Apr 2026 07:36 PM (IST)
Updated Date: Thu, 02 Apr 2026 04:11 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸ਼ਹਿਰ ਦੇ ਸਮੁੱਚੇ ਵਿਕਾਸ ਨੂੰ ਲੈ ਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਸ਼ਹਿਰ ਦੇ ਚੱਲ ਰਹੇ ਅਤੇ ਭਵਿੱਖੀ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਕਾਤ ਦੌਰਾਨ ਮੰਤਰੀ ਸੰਜੀਵ ਅਰੋੜਾ ਨੇ ਭੱਲਾ ਨੂੰ ਭਰੋਸਾ ਦਿਵਾਇਆ ਕਿ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਸ਼ਹਿਰਾਂ ਦੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਸੰਦਰਭ ਵਿੱਚ ਬਠਿੰਡਾ ਨੂੰ ਵੀ ਤਰਜੀਹ ਦਿੱਤੀ ਜਾਵੇਗੀ। ਚੇਅਰਮੈਨ ਭੱਲਾ ਨੇ ਮੰਤਰੀ ਨੂੰ ਬਠਿੰਡਾ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹਿਰ ਵਿੱਚ ਸੜਕਾਂ ਦੀ ਮੁਰੰਮਤ, ਸਫ਼ਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ, ਪਾਰਕਾਂ ਦਾ ਸੁਧਾਰ, ਨਵੀਂ ਬਣਨ ਵਾਲੀ ਕਲੋਨੀ, ਬਲੂ ਫੌਕਸ ਪ੍ਰੋਜੈਕਟ ਸਮੇਤ ਨਵੇਂ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਨਵੇਂ ਪ੍ਰੋਜੈਕਟ ਵੀ ਲਿਆਂਦੇ ਜਾਣਗੇ। ਉਨ੍ਹਾਂ ਦੱਸਿਆ ਕਿ ਬਠਿੰਡਾ ਨੂੰ ਇੱਕ ਮਾਡਰਨ ਅਤੇ ਸੁਵਿਧਾਜਨਕ ਸ਼ਹਿਰ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੀ ਕਮੀ ਨੂੰ ਦੂਰ ਕਰਨ ਲਈ ਮੁੱਢਲੇ ਆਧਾਰ ’ਤੇ ਕੰਮ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਲੰਬੇ ਸਮੇਂ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਨਿਕਾਸੀ ਪ੍ਰਣਾਲੀ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਆਵਾਜਾਈ ਪ੍ਰਣਾਲੀ ਨੂੰ ਹੋਰ ਸੁਧਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਿਤਾ ਤੇ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭੱਲਾ ਨੇ ਇਸ ਮੁਲਾਕਾਤ ਤੋਂ ਬਾਅਦ ਉਮੀਦ ਜਤਾਈ ਜਾ ਰਹੀ ਹੈ ਕਿ ਬਠਿੰਡਾ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਨੂੰ ਕਈ ਨਵੇਂ ਪ੍ਰੋਜੈਕਟਾਂ ਦੀ ਸੌਗਾਤ ਮਿਲੇਗੀ।