- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੜੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਸਰਕਾਰ ਤਰੁੰਤ ਮੁਆਵਜ਼ਾ ਜਾਰੀ ਕਰੇ: ਆਗੂ

ਵੀਰਪਾਲ ਭਗਤਾ, ਪੰਜਾਬੀ ਜਾਗਰਣ
ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਕਿਹਾ ਕਿ ਗੜੇਮਾਰੀ ਨੇ ਪੰਜਾਬ ਦੇ ਕਿਸਾਨਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਕਣਕ ਦੀ ਫਸਲ ਦਾ ਕਰੀਬ 90 ਫ਼ੀਸਦੀ ਨੁਕਸਾਨ ਹੋ ਚੁੱਕਾ ਹੈ, ਜੋ ਕਿਸਾਨਾਂ ਲਈ ਵੱਡੀ ਆਰਥਿਕ ਮਾਰ ਹੈ। ਉਨ੍ਹਾਂ ਨੇ ਦੱਸਿਆ ਕਿ ਕਈ ਥਾਵਾਂ ‘ਤੇ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਅਤੇ ਜਿੱਥੇ ਬਚੀ ਹੈ, ਉੱਥੇ ਵੀ ਤੇਜ਼ ਝੱਖੜ ਅਤੇ ਮੀਂਹ ਕਾਰਨ ਫਸਲ ਡਿੱਗ ਪਈ ਹੈ, ਜਿਸ ਨਾਲ ਝਾੜ ਘਟਣ ਦਾ ਡਰ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਜਲਦੀ ਫੈਸਲਾ ਨਾ ਕੀਤਾ ਤਾਂ ਕਿਸਾਨ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ।
ਭਾਰਤੀ ਜਨਤਾ ਪਾਰਟੀ ਦੇ ਆਗੂ ਬਲਦੇਵ ਸਿੰਘ ਅਕਲੀਆ ਕਿਹਾ ਕਿ ਗੜੇਮਾਰੀ ਅਤੇ ਮੌਸਮੀ ਤਬਦੀਲੀਆਂ ਨੇ ਇਸ ਵਾਰ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਕਈ ਇਲਾਕਿਆਂ ਵਿੱਚ ਫਸਲ ਲਗਭਗ ਪੂਰੀ ਤਰ੍ਹਾਂ ਖਤਮ ਹੋ ਗਈ ਹੈ, ਜਦਕਿ ਕੁਝ ਥਾਵਾਂ ‘ਤੇ ਮੀਂਹ ਅਤੇ ਝੱਖੜ ਕਾਰਨ ਫਸਲ ਡਿੱਗ ਗਈ ਹੈ, ਜਿਸ ਨਾਲ ਉਪਜ ‘ਤੇ ਅਸਰ ਪੈਣਾ ਯਕੀਨੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਗੰਭੀਰ ਸਥਿਤੀ ਨੂੰ ਸਮਝਦੇ ਹੋਏ ਕਿਸਾਨਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ ਅਤੇ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਨੁਕਸਾਨ ਦੀ ਜਲਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ, ਤਾਂ ਜੋ ਉਹ ਅਗਲੀ ਫਸਲ ਲਈ ਤਿਆਰੀ ਕਰ ਸਕਣ।
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ ਪੂਹਲੀ ਨੇ ਕਿਹਾ ਕਿ ਇਸ ਵਾਰ ਦੀ ਗੜੇਮਾਰੀ ਨੇ ਕਿਸਾਨਾਂ ਨੂੰ ਭਾਰੀ ਆਰਥਿਕ ਝਟਕਾ ਦਿੱਤਾ ਹੈ। ਕਣਕ ਦੀ ਫਸਲ ਤਿਆਰ ਖੜੀ ਸੀ, ਪਰ ਕੁਝ ਮਿੰਟਾਂ ਦੀ ਗੜੇਮਾਰੀ ਨੇ ਸਾਰਾ ਕੁਝ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ 90 ਫ਼ੀਸਦੀ ਤਕ ਨੁਕਸਾਨ ਹੋਣਾ ਕਿਸਾਨਾਂ ਲਈ ਸਹਿਣਯੋਗ ਨਹੀਂ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਕਿਸਾਨਾਂ ਦੇ ਕਰਜ਼ਿਆਂ ‘ਤੇ ਵੀ ਰਾਹਤ ਦਿੱਤੀ ਜਾਵੇ, ਨਹੀਂ ਤਾਂ ਕਿਸਾਨ ਹੋਰ ਕਰਜ਼ੇ ਹੇਠ ਦਬਣਗੇ। ਜੇਕਰ ਸਰਕਾਰ ਤੁਰੰਤ ਮੁਆਵਜ਼ਾ ਰਾਸ਼ੀ ਜਾਰੀ ਕਰਦੀ ਹੈ ਤਾਂ ਕਿਸਾਨਾਂ ਨੂੰ ਕਾਫ਼ੀ ਹੱਦ ਤਕ ਰਾਹਤ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰੇ।
ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਹਰ ਸਾਲ ਮੌਸਮੀ ਆਫ਼ਤਾਂ ਨਾਲ ਕਿਸਾਨਾਂ ਨੂੰ ਨੁਕਸਾਨ ਹੁੰਦਾ ਹੈ, ਪਰ ਸਰਕਾਰ ਵੱਲੋਂ ਸਮੇਂ ’ਤੇ ਕੋਈ ਢੰਗ ਦੀ ਮਦਦ ਨਹੀਂ ਮਿਲਦੀ। ਇਸ ਵਾਰ ਗੜੇਮਾਰੀ ਅਤੇ ਝੱਖੜ ਨਾਲ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ 50 ਹਜ਼ਾਰ ਰੁਪਏ ਪ੍ਰਤੀ ਏਕੜ ਤੋਂ ਘੱਟ ਮੁਆਵਜ਼ਾ ਮਨਜ਼ੂਰ ਨਹੀਂ ਹੋਵੇਗਾ। ਜੇ ਸਰਕਾਰ ਨੇ ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਸੂਬੇ ਭਰ ਵਿੱਚ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਹਿ ਰਹੇ ਹਨ ਕਿ ਉਹ ਆਮ ਕਿਸਾਨ ਹਨ ਪਰ ਹਾਲੇ ਤਕ ਉਨ੍ਹਾਂ ਕਿਸਾਨਾਂ ਦੀ ਬਾਂਹ ਨਹੀਂ ਫੜੀ।
ਕਿਸਾਨ ਆਗੂ ਭੋਲਾ ਸਿੰਘ ਮਾਨ ਦਾ ਕਹਿਣਾ ਸੀ ਕਿ ਗੜੇਮਾਰੀ ਨਾਲ ਹੋਏ ਨੁਕਸਾਨ ਨੇ ਸਾਬਤ ਕਰ ਦਿੱਤਾ ਹੈ ਕਿ ਕਿਸਾਨ ਅਜੇ ਵੀ ਕੁਦਰਤੀ ਆਫ਼ਤਾਂ ਦੇ ਸਾਹਮਣੇ ਬੇਬੱਸ ਹਨ। ਉਨ੍ਹਾਂ ਕਿਹਾ ਕਿ ਸਿਰਫ ਮੁਆਵਜ਼ਾ ਹੀ ਨਹੀਂ, ਸਗੋਂ ਲੰਬੇ ਸਮੇਂ ਲਈ ਨੀਤੀਆਂ ਬਣਾਉਣ ਦੀ ਲੋੜ ਹੈ, ਤਾਂ ਜੋ ਅਜਿਹੇ ਨੁਕਸਾਨ ਤੋਂ ਬਚਾਅ ਹੋ ਸਕੇ। ਉਨ੍ਹਾਂ ਨੇ ਮੰਗ ਕੀਤੀ ਕਿ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਨਾਲ ਹੀ ਫਸਲ ਬੀਮਾ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸਾਨਾਂ ਨੂੰ ਅਜਿਹੀ ਮਾਰ ਨਾ ਸਹਿਣੀ ਪਵੇ। ਉਨ੍ਹਾਂ ਕਿਹਾ ਕਿ ਗੜੇਮਾਰੀ ਤੇ ਮੀਂਹ ਕਾਰਨ ਕਣਕ ਦੀ ਫਸਲ ਧਰਤੀ ’ਤੇ ਡਿੱਗ ਪਈ ਹੈ, ਜਿਸ ਕਾਰਨ ਫਸਲ ਦਾ ਝਾੜ ਘਟਣ ਦੀ ਸੰਭਾਵਨਾ ਹੈ।