ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ
Publish Date: Thu, 02 Apr 2026 05:39 PM (IST)
Updated Date: Thu, 02 Apr 2026 05:43 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਬੀੜ ਤਲਾਬ ਚਿੜਿਆਘਰ ਦੇ ਨੇੜੇ ਇਕ ਸ਼ਰਾਬ ਦੇ ਠੇਕੇ ਸਾਹਮਣੇ ਪਏ ਖਾਲੀ ਪਲਾਟ ਵਿੱਚ ਇਕ ਨੌਜਵਾਨ ਦੀ ਸੰਦੇਹਜਨਕ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਿਕ ਇਹ ਸੁਚਨਾ ਸਾਹਰਾ ਮੁੱਖ ਦਫ਼ਤਰ ਨੂੰ ਮਿਲਣ ਉਪਰੰਤ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗਿੱਲ ਅਤੇ ਰਾਜਿੰਦਰ ਕੁਮਾਰ ਤੁਰੰਤ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ। ਉੱਥੇ ਇਕ ਨੌਜਵਾਨ ਦੀ ਲਾਸ਼ ਪਈ ਮਿਲੀ ਅਤੇ ਨੇੜੇ ਹੀ ਇਕ ਮੋਟਰਸਾਈਕਲ ਖੜ੍ਹਾ ਸੀ। ਸਹਰਾ ਟੀਮ ਵੱਲੋਂ ਤੁਰੰਤ ਥਾਣਾ ਸਦਰ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਮ੍ਰਿਤਕ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਹਿਚਾਣ ਹੋ ਸਕੇ। ਟੀਮ ਵੱਲੋਂ ਵੀ ਮ੍ਰਿਤਕ ਦੀ ਸ਼ਿਨਾਖ਼ਤ ਲਈ ਕਾਫ਼ੀ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਕੋਈ ਸਫਲਤਾ ਹਾਸਲ ਨਹੀਂ ਹੋ ਸਕੀ। ਪੁਲਿਸ ਕਾਰਵਾਈ ਪੂਰੀ ਹੋਣ ਤੋਂ ਬਾਅਦ ਸਹਾਰਾ ਟੀਮ ਨੇ ਨੌਜਵਾਨ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ। ਇਸ ਸਬੰਧੀ ਸਹਾਰਾ ਦੇ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਸੰਦੇਹਜਨਕ ਹਾਲਾਤਾਂ ਵਿੱਚ ਹੋਈ ਲੱਗਦੀ ਹੈ। ਉਨ੍ਹਾਂ ਕਿਹਾ ਕਿ ਸਾਹਰਾ ਸੰਸਥਾ ਵੱਲੋਂ ਮ੍ਰਿਤਕ ਦੀ ਪਛਾਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਰਵਾਈ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ। ਇਲਾਕਾ ਵਾਸੀਆਂ ਵਿੱਚ ਇਸ ਘਟਨਾ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।