ਜ਼ਿਲ੍ਹੇ ’ਚ 9,32,520 ਮੀਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ
ਜ਼ਿਲ੍ਹੇ ’ਚ ਇਸ ਸਾਲ ਜ਼ਿਲ੍ਹੇ ਵਿੱਚ 932520 ਮੀਟਗਕ ਟਨ ਕਣਕ ਦੀ ਆਮਦ ਦੀ ਉਮੀਦ
Publish Date: Thu, 02 Apr 2026 06:50 PM (IST)
Updated Date: Thu, 02 Apr 2026 06:52 PM (IST)

- ਡਿਪਟੀ ਕਮਿਸ਼ਨਰ ਵੱਲੋਂ ਜ਼ਰੂਰੀ ਪ੍ਰਬੰਧ ਕਰਨ ਦੇ ਦਿੱਤੇ ਗਏ ਹੁਕਮ ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਰਾਜੇਸ਼ ਧੀਮਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਜ਼ਿਲ੍ਹੇ ਦੇ ਆੜ੍ਹਤੀਆਂ ਅਤੇ ਸਬੰਧਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਣਕ ਦੀ ਖ਼ਰੀਦ ਸੁਚਾਰੂ ਬਣਾਉਣ ਸਬੰਧੀ ਅਹਿਮ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 9,32,520 ਮੀਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ। ਕਣਕ ਦੀ ਖਰੀਦ ਨੂੰ ਸੁਚਾਰੂ ਤਰੀਕੇ ਨਾਲ ਯਕੀਨੀ ਬਣਾਉਣ ਲਈ ਜ਼ਿਲ੍ਹੇ ’ਚ 275 ਮੰਡੀਆਂ ਸਥਾਪਿਤ ਕੀਤੀਆਂ ਹਨ, ਜਿਸ ਵਿੱਚ 200 ਸਥਾਈ ਮੰਡੀਆਂ ਅਤੇ 75 ਆਰਜ਼ੀ ਮੰਡੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜਿਣਸ ਦੇ ਭੰਡਾਰਨ ਲਈ ਬਾਰਦਾਨਾ ਉਪਲਬਧ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਭੰਡਾਰਨ ਲਈ ਥਾਂ ਦੀ ਕੋਈ ਕਮੀ ਨਹੀਂ ਹੈ। ਕਣਕ ਖਰੀਦ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨ ਲਈ ਉਨ੍ਹਾਂ ਫੂਡ ਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਨਿਯੁਕਤ ਕੀਤਾ ਜਾਵੇ ਅਤੇ ਉਹ ਇਨ੍ਹਾਂ ਮੰਡੀਆਂ ਵਿੱਚ ਨਿਯਮਤ ਤੌਰ ਤੇ ਦੌਰੇ ਕਰਨੇ ਯਕੀਨੀ ਬਣਾਉਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵੱਲ ਜਾਣ ਵਾਲੀਆਂ ਸੜਕਾਂ ਤੇ ਟ੍ਰੈਫਿਕ ਭੀੜ ਅਤੇ ਖ਼ਰਾਬ ਸੜਕਾਂ ਨਾਲ ਜੁੜੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਟ੍ਰੈਫਿਕ ਭੀੜ ਘਟਾਉਣ ਲਈ ਬਠਿੰਡਾ ਪੁਲਿਸ ਤੋਂ ਮਦਦ ਲਈ ਜਾਵੇ। ਡਿਪਟੀ ਕਮਿਸ਼ਨਰ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਕਣਕ ਦੀ ਖਰੀਦ ਨੂੰ ਸੁਚਾਰੂ ਤਰੀਕੇ ਨਾਲ ਯਕੀਨੀ ਬਣਾਉਣ ਲਈ ਅਸੀਂ ਮਜ਼ਦੂਰ ਵਰਗ ਲਈ ਵੀ ਬਿਹਤਰ ਜੀਵਨ ਯਕੀਨੀ ਬਣਾਈਏ। ਉਨ੍ਹਾਂ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਗ਼ਰੀਬ ਲੋਕਾਂ ਅਤੇ ਮਜ਼ਦੂਰ ਵਰਗ ਦੇ ਭਲੇ ਲਈ ਕੰਮ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸੇ ਤਰ੍ਹਾਂ ਉਨ੍ਹਾਂ ਨੇ ਮਜ਼ਦੂਰਾਂ ਨੂੰ ਕਿਰਤ ਵਿਭਾਗ ਦੇ ਈ-ਸ਼੍ਰਮ ਪੋਰਟਲ ਤੇ ਰਜਿਸਟ੍ਰੇਸ਼ਨ ਤੇ ਜ਼ੋਰ ਦਿੱਤਾ, ਜੋ ਉਨ੍ਹਾਂ ਨੂੰ ਬੱਚਿਆਂ ਦੀ ਪੜ੍ਹਾਈ, ਸਿਹਤ ਅਤੇ ਵਿਆਹ ਲਈ ਲਾਭ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਆੜ੍ਹਤੀਏ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਵੀ ਜਾਗਰੂਕਤਾ ਪੈਦਾ ਕਰਨ ਤਾਂ ਜੋ ਲੋਕਾਂ ਨੂੰ 10 ਲੱਖ ਰੁਪਏ ਤੱਕ ਮੁਫਤ ਸਿਹਤ ਸਹੂਲਤ ਮਿਲ ਸਕੇ। ਇਸ ਮੌਕੇ ਏਡੀਸੀ (ਜ) ਕੰਚਨ, ਐੱਸਡੀਐੱਮ ਬਠਿੰਡਾ ਬਲਕਰਨ ਸਿੰਘ, ਐੱਸਡੀਐੱਮ ਰਾਮਪੁਰਾ ਅਤੇ ਮੌੜ ਵੀਰਪਾਲ ਕੌਰ, ਐੱਸਡੀਐੱਮ ਤਲਵੰਡੀ ਸਾਬੋ ਰਾਜੇਸ਼ ਕੁਮਾਰ ਸ਼ਰਮਾ, ਡੀਡੀਪੀਓ ਅਭਿਨਵ ਗੋਇਲ, ਡੀਐੱਫਐੱਸਓ ਹਰਸ਼ਿਤ ਮਹਿਤਾ, ਬਠਿੰਡਾ ਮਾਰਕੀਟ ਕਮੇਟੀ ਚੇਅਰਮੈਨ ਬੱਲੀ ਬਲਜੀਤ, ਡੀਐੱਮਓ ਗੌਰਵ ਗਾਰਗ ਆਦਿ ਮੌਜੂਦ ਸਨ।