ਕਣਕ ਦੀ ਸਰਕਾਰੀ ਖਰੀਦ ਲਈ ਪ੍ਰਬੰਧ ਮੁਕੰਮਲ : ਬਲਜੀਤ ਬੱਲੀ
ਕਣਕ ਦੀ ਸਰਕਾਰੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ: ਬਲਜੀਤ ਬੱਲੀ
Publish Date: Fri, 03 Apr 2026 06:11 PM (IST)
Updated Date: Sat, 04 Apr 2026 04:08 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਇੱਥੇ ਹਾੜੀ ਦੀ ਮੁੱਖ ਫਸਲ ਕਣਕ ਦੀ ਸਰਕਾਰੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਤੇ 1 ਅਪ੍ਰੈਲ 2026 ਤੋਂ ਖਰੀਦ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਹਾਲਾਂਕਿ ਇਸ ਵਾਰ ਬੇਮੌਸਮੀ ਬਾਰਿਸ਼ ਅਤੇ ਹਵਾ ਵਿੱਚ ਵਧੀ ਨਮੀ ਕਾਰਨ ਕਣਕ ਦੀ ਵਾਢੀ ਵਿੱਚ ਦੇਰੀ ਹੋ ਰਹੀ ਹੈ, ਜਿਸ ਕਰਕੇ ਕਈ ਥਾਵਾਂ ‘ਤੇ ਫਸਲ ਅਜੇ ਵੀ ਖੇਤਾਂ ਵਿੱਚ ਖੜ੍ਹੀ ਹੈ। ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਬੱਲੀ ਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੰਡੀ ਇਲਾਕਿਆਂ ਵਿੱਚ ਸਾਫ-ਸਫ਼ਾਈ, ਪੀਣ ਵਾਲੇ ਸਾਫ ਪਾਣੀ ਦੀ ਵਿਵਸਥਾ, ਕਿਸਾਨਾਂ ਲਈ ਛਾਂ ਦੇ ਪ੍ਰਬੰਧ ਤੇ ਪਖਾਨਿਆਂ ਦੀ ਸੁਵਿਧਾ ਮੁਹੱਈਆ ਕਰਵਾ ਦਿੱਤੀ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਚੇਅਰਮੈਨ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਸੈਕਟਰੀ ਰਵਿੰਦਰ ਸਿੰਗਲਾ ਅਤੇ ਸਮੂਹ ਸਟਾਫ ਨਾਲ ਮਿਲ ਕੇ ਬਠਿੰਡਾ ਦੀ ਮੇਨ ਮੰਡੀ ਦਾ ਮੁਆਇਨਾ ਕੀਤਾ ਹੈ ਤੇ ਉੱਥੇ ਖਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਸ ਵਾਰ ਵੀ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਸਰਕਾਰ ਵੱਲੋਂ ਕਣਕ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 2585 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇਗੀ। ਇਸ ਨਾਲ ਹੀ ਸਰਕਾਰ ਵੱਲੋਂ ਨਮੀ ਦੀ ਹੱਦ 12 ਫੀਸਦੀ ਤੱਕ ਨਿਰਧਾਰਿਤ ਕੀਤੀ ਗਈ ਹੈ, ਜਿਸ ਅਨੁਸਾਰ ਹੀ ਖਰੀਦੀ ਜਾਵੇਗੀ। ਚੇਅਰਮੈਨ ਬੱਲੀ ਬਲਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਸੁੱਕਾ ਕੇ ਹੀ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਬੋਲੀ ਸਮੇਂ ਸਿਰ ਹੋ ਸਕੇ ਅਤੇ ਕਿਸੇ ਤਰ੍ਹਾਂ ਦੀ ਕਟੌਤੀ ਤੋਂ ਬਚਿਆ ਜਾ ਸਕੇ। ਜੇਕਰ ਨਮੀ ਵੱਧ ਹੋਵੇਗੀ ਤਾਂ ਖਰੀਦ ਵਿੱਚ ਰੁਕਾਵਟ ਆ ਸਕਦੀ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ। ਮਾਰਕਿਟ ਕਮੇਟੀ ਵੱਲੋਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਆਉਣ ਵਾਲੀ ਫਸਲ ਦੀ ਸਹੀ ਤੋਲ ਅਤੇ ਤੁਰੰਤ ਭੁਗਤਾਨ ਯਕੀਨੀ ਬਣਾਉਣ ਲਈ ਵੀ ਉਚਿਤ ਪ੍ਰਬੰਧ ਕੀਤੇ ਗਏ ਹਨ।