ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਸਰਕਾਰ ਤੁਰੰਤ ਕਰਵਾਵੇ ਗਿਰਦਾਵਰੀ : ਦਿਆਲ ਸੋਢੀ
ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਤਰੁੰਤ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਕਰੇ ਸਰਕਾਰ---ਦਿਆਲ ਸੋਢੀ
Publish Date: Fri, 03 Apr 2026 07:02 PM (IST)
Updated Date: Sat, 04 Apr 2026 04:10 AM (IST)
-ਭਾਜਪਾ ਆਗੂਆਂ ਨੇ ਮੁਆਵਜ਼ੇ ਲਈ ਡੀਸੀ ਰਾਜੇਸ਼ ਧੀਮਾਨ ਨੂੰ ਸੌਂਪਿਆ ਮੰਗ ਪੱਤਰ
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ
ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਅਤੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਸਕੱਤਰ ਮੇਜਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਬੇਮੌਸਮੀ ਹੋਈ ਬਾਰਸ਼ ਨਾਲ ਹੋਏ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਪੀੜਤ ਕਿਸਾਨਾਂ ਨੂੰ ਨਾਲ ਲੈ ਕੇ ਜ਼ਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਤੇ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਆਲ ਸੋਢੀ ਨੇ ਕਿਹਾ ਕਿ ਬੇਮੌਸਮੀ ਬਰਸਾਤ ਨਾਲ ਹਾੜੀ ਦੀਆਂ ਫਸਲਾਂ ਦਾ ਜੋ ਨੁਕਸਾਨ ਹੋਇਆ ਹੈ ਉਸਦਾ ਮੁਆਵਜ਼ਾ ਦੇਣ ਲਈ ਤਰੁੰਤ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਜਾਣ ਤਾਂ ਕਿ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਕੇ ਪੂਰਾ ਮੁਆਵਜ਼ਾ ਮਿਲ ਸਕੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸਭਗਵੰਤ ਮਾਨ ’ਤੇ ਤੰਜ ਕਸਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਇਹ ਕਿਹਾ ਕਰਦੇ ਸਨ ਕਿ ਕਿਸਾਨਾਂ ਨੂੰ ਬਿਨਾਂ ਗਿਰਦਾਵਰੀ ਕੀਤਿਆਂ ਹੀ ਮੁਆਵਜ਼ਾ ਮਿਲਣਾ ਚਾਹੀਦਾ ਹੈ, ਪਰ ਅੱਜ ਉਹ ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਸਾਰਾ ਕੁੱਝ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਦੇ ਨਾਤੇ ਵੀ ਅੱਜ ਪੰਜਾਬ ਦੇ ਵਿੱਚ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਲਾਗੂ ਨਹੀਂ ਹੋ ਸਕੀ ਜਿਸ ਕਰਕੇ ਪੰਜਾਬ ਦਾ ਕਿਸਾਨ ਇਸ ਸਕੀਮ ਤੋਂ ਵਾਝਾਂ ਹੈ ਅਤੇ ਦੇਸ਼ ਦੇ ਦੂਸਰੇ ਸੂਬੇ ਇਸ ਸਕੀਮ ਦਾ ਪੂਰਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਵੀ ਇਹ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਲਾਗੂ ਹੁੰਦੀ ਤਾਂ ਅੱਜ ਪੰਜਾਬ ਦੇ ਕਿਸਾਨਾਂ ਦੇ ਹੋਏ ਫਸਲਾਂ ਦੇ ਨੁਕਸਾਨ ਦੀ ਭਰਪਾਈ ਹੋ
ਸਕਦੀ ਸੀ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪਿੰਡ ਬਾਲਿਆਂਵਾਲੀ ਅਤੇ ਭੂੰਦੜ ਵਿਖੇ ਜਾਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ ਅਤੇ ਪੀੜਤ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ ਹੈ ਜਿਸ ਤੋਂ ਇਹ ਪਤਾ ਲੱਗਿਆ ਹੈ ਕਿ ਬਹੁਤ ਸਾਰੇ ਕਿਸਾਨਾਂ ਨੇ ਜ਼ਮੀਨ ਠੇਕੇ ’ਤੇ ਲਈ ਹੋਈ ਹੈ, ਜਿਸ ਕਰਕੇ ਉਨ੍ਹਾਂ ਨੂੰ ਠੇਕੇ ਦੀ ਅਗਲੀ ਕਿਸ਼ਤ ਦੇਣ ਵਿੱਚ ਦਿੱਕਤ ਆਵੇਗੀ। ਇਸ ਕਰਕੇ ਸੂਬਾ ਸਰਕਾਰ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮੇਜਰ ਸਿੰਘ ਰੰਧਾਵਾ ਸੂਬਾ ਸਕੱਤਰ ਕਿਸਾਨ ਮੋਰਚਾ ਤੋਂ ਇਲਾਵਾ ਪੀੜਤ ਕਿਸਾਨ ਵੀ ਹਾਜ਼ਰ ਸਨ।