ਪੰਜਾਬ ਹਾਟ ਮਿਕਸ ਪਲਾਂਟ ਮਾਲਕਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਵਾ
ਪੰਜਾਬ ਹਾਟ ਮਿਕਸ ਪਲਾਂਟ ਮਾਲਕਾਂ ਵੱਲੋਂ ਸਰਕਾਰ ਖ਼ਿਲਾਫ਼ ਨਾਰਾਜ਼ਗੀ ਪ੍ਰਗਟ
Publish Date: Sat, 04 Apr 2026 05:05 PM (IST)
Updated Date: Sun, 05 Apr 2026 04:02 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਹਾਟ ਮਿਕਸ ਪਲਾਂਟ ਓਨਰਜ਼ ਐਸੋਸੀਏਸ਼ਨ ਬਠਿੰਡਾ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਗੰਭੀਰ ਨਾਰਾਜ਼ਗੀ ਜਤਾਈ ਹੈ। ਐਸੋਸੀਏਸ਼ਨ ਦੇ ਪ੍ਰਧਾਨ ਤਾਰਾ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਲਏ ਜਾ ਰਹੇ ਫੈਸਲਿਆਂ ਕਾਰਨ ਪਲਾਂਟ ਮਾਲਕਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਨਵੀਆਂ ਸ਼ਰਤਾਂ ਤੇ ਨਿਯਮ ਲਾਗੂ ਕੀਤੇ ਜਾ ਰਹੇ ਹਨ, ਜਿਸ ਨਾਲ ਕੰਮ ਕਰਨਾ ਦਿਨੋਂ-ਦਿਨ ਔਖਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਟੈਂਡਰ ਪ੍ਰਕਿਰਿਆ ਤੇ ਹੋਰ ਪ੍ਰਸ਼ਾਸਨਿਕ ਫੈਸਲਿਆਂ ਵਿੱਚ ਪਾਰਦਰਸ਼ਤਾ ਦੀ ਘਾਟ ਹੈ, ਜਿਸ ਨਾਲ ਸਥਾਨਕ ਠੇਕੇਦਾਰਾਂ ਅਤੇ ਪਲਾਂਟ ਮਾਲਕਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਕੁਝ ਮਾਮਲਿਆਂ ਵਿੱਚ ਬਾਹਰਲੀਆਂ ਕੰਪਨੀਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਦਕਿ ਪੰਜਾਬ ਦੇ ਸਥਾਨਕ ਪਲਾਂਟ ਮਾਲਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਨਾਲ ਰਾਜ ਦੇ ਕਾਰੋਬਾਰ ਅਤੇ ਰੋਜ਼ਗਾਰ ‘ਤੇ ਵੀ ਨਕਾਰਾਤਮਕ ਅਸਰ ਪੈ ਰਿਹਾ ਹੈ। ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਸਰਕਾਰ ਇਸ ਮਸਲੇ ‘ਤੇ ਤੁਰੰਤ ਧਿਆਨ ਦੇਵੇ ਅਤੇ ਆਪਣੀਆਂ ਨੀਤੀਆਂ ਵਿੱਚ ਸੁਧਾਰ ਕਰੇ, ਤਾਂ ਜੋ ਸਥਾਨਕ ਉਦਯੋਗ ਨੂੰ ਪ੍ਰੋਤਸਾਹਨ ਮਿਲ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਕਜੁੱਟ ਹੋ ਕੇ ਆਪਣੇ ਹੱਕਾਂ ਲਈ ਲੜਾਈ ਜਾਰੀ ਰੱਖਣ ਦਾ ਸੰਕਲਪ ਵੀ ਦੁਹਰਾਇਆ।