ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਹੱਕਾਂ ਬਾਰੇ ਜਾਗਰੂਕ ਕਰਨਾ ਜ਼ਰੂਰੀ : ਜਸਵੀਰ ਗੜ੍ਹੀ
ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਜ਼ਰੂਰੀ- ਜਸਵੀਰ ਸਿੰਘ ਗੜ੍ਹੀ
Publish Date: Sat, 04 Apr 2026 06:09 PM (IST)
Updated Date: Sun, 05 Apr 2026 04:05 AM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਪਿੰਡ ਘੁੱਦਾ ਦੇ ਗੋਇਲ ਪੈਲੇਸ ਵਿਖੇ ਕਰਵਾਏ ਗਏ ਵਿਸ਼ਾਲ ਚੇਤਨਾ ਸਮਾਗਮ ਦੀ ਪ੍ਰਧਾਨਗੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਕੀਤੀ ਗਈ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੰਜਾਬ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾਂ ਸਮੇਂ ਦੀ ਲੋੜ ਹੈ। ਉਨ੍ਹਾਂ ਅੱਜ ਦੇ ਦੌਰੇ ਦਾ ਮੁੱਖ ਮਕਸਦ ਲੋਕਾਂ ਨੂੰ ਭਾਰਤੀ ਸੰਵਿਧਾਨ ਦੇ ਪਿਤਾਮਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣੂ ਕਰਾਉਣਾ ਦੱਸਿਆ। ਜੇਕਰ ਅੱਜ ਅਨੁਸੂਚਿਤ ਜਾਤੀਆਂ ਲਈ ਸਮਾਨ ਮੌਕਿਆਂ ’ਤੇ ਕੰਮ ਹੋ ਰਿਹਾ ਹੈ, ਤਾਂ ਉਹ ਅੰਬੇਡਕਰ ਜੀ ਦੀ ਹੀ ਦੇਣ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਭਾਰਤੀ ਸੰਵਿਧਾਨ ਅਤੇ ਦੇਸ਼ ਦੇ ਕਾਨੂੰਨ ਵਿੱਚ ਗਰੀਬਾਂ, ਮਜ਼ਲੂਮਾਂ, ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੇਣੀਆਂ ਦੇ ਹੱਕਾਂ, ਸਮਾਜਿਕ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਪ੍ਰੰਤੂ ਜੇਕਰ ਕਿਸੇ ਹੋਰ ਵਰਗ ਨਾਲ ਦੇ ਲੋਕਾਂ ਨਾਲ ਧੱਕੇਸ਼ਾਹੀ ਦੀ ਸ਼ਿਕਾਇਤ ਮਿਲੇਗੀ ਤਾਂ ਉਨ੍ਹਾਂ ਨੂੰ ਵੀ ਇਨਸਾਫ਼ ਦਿਵਾਇਆ ਜਾਵੇਗਾ। ਇਸ ਮੌਕੇ ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ, ਹਲਕਾ ਵਿਧਾਇਕ ਅਮਿਤ ਰਤਨ ਕੋਟਫੱਤਾ,ਹਰਬੰਸ ਸਿੰਘ ਬਠਿੰਡਾ, ਦਵਿੰਦਰ ਕੁਮਾਰ ਖਾਦੀ ਗ੍ਰਾਮ ਬੋਰਡ, ਕੁਲਵੰਤ ਸਿੰਘ ਕਾਲਝਰਾਣੀ,ਗੁਰਜੰਟ ਸਿੰਘ ਸਿਵੀਆਂ, ਜ਼ਿਲ੍ਹਾ ਭਲਾਈ ਅਫਸਰ ਬਰਿੰਦਰ ਅਤੇ ਹੋਰ ਅਹੁਦੇਦਾਰਾਂ, ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।