ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਦੋ ਕਾਬੂ
ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਗ੍ਰਿਫ਼ਤਾਰ
Publish Date: Sun, 05 Apr 2026 04:43 PM (IST)
Updated Date: Mon, 06 Apr 2026 04:01 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਅਤੇ ਚੋਰੀ ਦੇ ਮੋਟਰਸਾਈਕਲ ਖਰੀਦ ਕੇ ਉਨ੍ਹਾਂ ਤੇ ਜਾਲੀ ਨੰਬਰ ਪਲੇਟ ਲਾ ਕੇ ਉਨ੍ਹਾਂ ਨੂੰ ਅੱਗੇ ਵੇਚਣ ਦੇ ਦੋਸ਼ ਵਿੱਚ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਚੋਰੀ ਦੇ ਦੋ ਮੋਟਰਸਾਈਕਲ ਵੀ ਬਰਾਮਦ ਕਰ ਲਏ ਹਨ। ਥਾਣਾ ਸਿਵਲ ਲਾਈਨ ਪੁਲਿਸ ਦੇ ਸਬ ਇੰਸਪੈਕਟਰ ਮੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਆਰੋਪੀ ਗੁਰਤੇਜ ਸਿੰਘ ਵਾਸੀ ਜਨਤਾ ਨਗਰ ਬਠਿੰਡਾ ਅਤੇ ਮੰਗਾ ਸਿੰਘ ਵਾਸੀ ਪਿੰਡ ਸਿਵੀਆਂ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ। ਪੁਲਿਸ ਨੇ ਇਸ ਸੂਚਨਾ ਦੇ ਆਧਾਰ ਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ ਮੋਟਰਸਾਈਕਲ ਨੰਬਰ ਪੀਬੀ-03ਏਜੈੱਡ-9786 ਅਤੇ ਮੋਟਰਸਾਈਕਲ ਨੰਬਰ ਪੀਬੀ-11ਏਯੂ-7263 ਬਰਾਮਦ ਕਰ ਲਏ। ਏਐਸਆਈ ਨੇ ਦੱਸਿਆ ਕਿ ਦੋਹਾਂ ਮੁਲਜ਼ਮਾਂ ਤੇ ਮਾਮਲਾ ਦਰਜ ਕਰ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਵੀ ਵਾਰਦਾਤਾਂ ਨੂੰ ਟ੍ਰੇਸ ਕੀਤਾ ਜਾ ਸਕੇ। ਥਾਣਾ ਰਾਮਾ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਖਰੀਦਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਆਈ ਕੌਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਸਵਰਨਜੀਤ ਸਿੰਘ ਵਾਸੀ ਪਿੰਡ ਬੰਗੀ ਦੀਪਾ ਚੋਰੀ ਦੇ ਮੋਟਰਸਾਈਕਲ ਖਰੀਦਦਾ ਹੈ ਅਤੇ ਬਾਅਦ ਵਿੱਚ ਉਨ੍ਹਾਂ ਦੀ ਨੰਬਰ ਪਲੇਟ ਬਦਲ ਕੇ ਉਨ੍ਹਾਂ ਨੂੰ ਅੱਗੇ ਵੇਚਦਾ ਹੈ। ਇਸ ਸੂਚਨਾ ਦੇ ਆਧਾਰ ਤੇ ਪੁਲਿਸ ਨੇ ਆਰੋਪੀ ਖਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਪੁੱਛਗਿੱਛ ਦੇ ਆਧਾਰ ਤੇ ਇਹ ਪਤਾ ਲਗਾਇਆ ਜਾ ਸਕੇ ਕਿ ਉਸਨੇ ਹੁਣ ਤਕ ਕਿੰਨੇ ਚੋਰੀ ਦੇ ਮੋਟਰਸਾਈਕਲ ਖਰੀਦ ਕੇ ਉਨ੍ਹਾਂ ਨੂੰ ਅੱਗੇ ਵੇਚਿਆ ਹੈ, ਤਾਂ ਜੋ ਚੋਰੀ ਦੇ ਮੋਟਰਸਾਈਕਲ ਵੇਚਣ ਵਾਲੇ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕੇ।