ਵਾਅਦੇ ਪੂਰੇ ਕਰਕੇ ਸਰਕਾਰ ਜਿੱਤ ਰਹੀ ਲੋਕਾਂ ਦਾ ਭਰੋਸਾ : ਵਿਧਾਇਕ ਸਿੱਧੂ
ਵਾਅਦੇ ਪੂਰੇ ਕਰਕੇ ਆਪ ਸਰਕਾਰ ਜਿੱਤ ਰਹੀ ਭਰੋਸਾ:- ਵਿਧਾਇਕ ਬਲਕਾਰ ਸਿੱਧੂ
Publish Date: Sun, 05 Apr 2026 05:06 PM (IST)
Updated Date: Mon, 06 Apr 2026 04:02 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪਹਿਲੇ ਚਾਰ ਸਾਲਾਂ ਵਿੱਚ ਇਕ-ਇਕ ਕਰਕੇ ਸਾਰੇ ਪੂਰੇ ਕੀਤੇ ਹਨ ਅਤੇ ਸਰਕਾਰ ਹਰ ਮੋਰਚੇ ’ਤੇ ਆਪਣੇ ਵਾਅਦਿਆਂ ’ਤੇ ਖਰੀ ਉਤਰ ਰਹੀ ਹੈ। ਇਹ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪੰਜਾਬੀ ਜਾਗਰਣ ਟੀਮ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 2022 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ—ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਦੇ ਸਮੇਂ ਬਿਜਲੀ ਸਪਲਾਈ, ਮਹਿਲਾਵਾਂ ਲਈ ਬੱਸ ਸਫ਼ਰ ਮੁਫ਼ਤ, 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਤੇ ਨਸ਼ਾਮੁਕਤ ਪੰਜਾਬ ਦੀ ਦਿਸ਼ਾ ਵਿੱਚ ਕਦਮ—ਵੱਡੇ ਪੱਧਰ ’ਤੇ ਲਾਗੂ ਕੀਤੇ ਗਏ ਹਨ। ਇਸ ਦੇ ਨਾਲ ਹੀ ਮਹਿਲਾਵਾਂ ਲਈ ਪ੍ਰਤੀ ਮਹੀਨਾ 1000 ਰੁਪਏ ਅਤੇ ਪਛੜੇ ਵਰਗਾਂ ਤੇ ਅਨੁਸੂਚਿਤ ਜਾਤੀਆਂ ਦੀਆਂ ਮਹਿਲਾਵਾਂ ਲਈ 1500 ਰੁਪਏ ਦੀ ਆਰਥਿਕ ਮਦਦ ਦਾ ਵਾਅਦਾ ਵੀ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕ ਭਲਾਈ ਨੂੰ ਕੇਂਦਰ ’ਚ ਰੱਖ ਕੇ ਨੀਤੀਆਂ ਤਿਆਰ ਕਰ ਰਹੀ ਹੈ ਅਤੇ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਉਹ ਸਾਫ-ਸੁਥਰੀ ਰਾਜਨੀਤੀ ਕਰਨ ਲਈ ਰਾਜਨੀਤੀ ਵਿੱਚ ਆਏ ਹਨ ਅਤੇ ਆਮ ਆਦਮੀ ਪਾਰਟੀ ਵੀ ਸਾਫ-ਸੁਥਰੀ ਰਾਜਨੀਤੀ ਕਰਨ ‘ਤੇ ਵਿਸ਼ਵਾਸ ਰੱਖਦੀ ਹੈ। ਆਪਣੇ ਹਲਕੇ ਵਿੱਚ ਕਾਂਗਰਸੀ ਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਪਾਈਆਂ ਗਈਆਂ ਦੁਸ਼ਮਣੀਆਂ ਨੂੰ ਖਤਮ ਕਰਕੇ ਉਨ੍ਹਾਂ ਨੇ ਸਾਫ-ਸੁਥਰੀ ਰਾਜਨੀਤੀ ਦਾ ਸਬੂਤ ਦਿੱਤਾ ਹੈ। ਸਿੱਧੂ ਨੇ ਹੋਰ ਕਿਹਾ ਕਿ ਇਸ ਤੋਂ ਇਲਾਵਾ ਸਕੂਲਾਂ ਨੂੰ ਸਮਾਰਟ ਬਣਾਉਣਾ, ਸਕੂਲ ਆਫ ਐਮੀਨੈਂਸ ਦੀ ਸਥਾਪਨਾ, ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਦੇਣਾ, ਘਰ-ਘਰ ਸਰਕਾਰੀ ਸੇਵਾਵਾਂ ਪਹੁੰਚਾਉਣਾ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਸਰਕਾਰ ਦੀਆਂ ਮਹੱਤਵਪੂਰਨ ਉਪਲਬਧੀਆਂ ਹਨ। ਪਿੰਡਾਂ ਤੇ ਸ਼ਹਿਰਾਂ ਵਿੱਚ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਵਿਚ ਵੱਡਾ ਸੁਧਾਰ ਆ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਉਪਲੱਬਧੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ, ਤਾਂ ਜੋ ਲੋਕਾਂ ਨੂੰ ਕੀਤੇ ਵਿਕਾਸ ਕਾਰਜਾਂ ਬਾਰੇ ਪੂਰੀ ਜਾਣਕਾਰੀ ਮਿਲ ਸਕੇ। ਅੰਤ ’ਚ ਵਿਧਾਇਕ ਸਿੱਧੂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ 2027 ਦੀਆਂ ਚੋਣਾਂ ਵਿੱਚ 2022 ਨਾਲੋਂ ਵੀ ਵੱਧ ਸੀਟਾਂ ਹਾਸਲ ਕਰਕੇ ਰਿਕਾਰਡਤੋੜ ਜਿੱਤ ਦਰਜ ਕਰੇਗੀ ਅਤੇ ਭਾਰੀ ਬਹੁਮਤ ਨਾਲ ਦੁਬਾਰਾ ਸਰਕਾਰ ਬਣਾਏਗੀ।