- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਸਲਾਂ ਤਬਾਹ, ਕਿਸਾਨ ਨਿਰਾਸ਼, ਸਰਕਾਰ ਨੂੰ ਤੁਰੰਤ ਮਦਦ ਲਈ ਅਪੀਲ

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬਲਾਕ ਰਾਮਪੁਰਾ) ਵੱਲੋਂ ਗੜੇਮਾਰੀ ਕਾਰਨ ਤਬਾਹ ਹੋਈਆਂ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡ ਬਾਲਿਆਂਵਾਲੀ ਦਾ ਦੌਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਕਣਕ, ਸਬਜ਼ੀਆਂ ਅਤੇ ਪਸ਼ੂਆਂ ਦੇ ਚਾਰੇ ਦੀ ਫਸਲ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਝਟਕਾ ਲੱਗਿਆ ਹੈ। ਬਲਾਕ ਪ੍ਰਧਾਨ ਸਰਦੂਲ ਸਿੰਘ ਰਾਮਨਿਵਾਸ ਅਤੇ ਬਲਾਕ ਆਗੂ ਜਗਦੀਸ਼ ਸਿੰਘ ਰਾਮਪੁਰਾ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਫਸਲਾਂ ਪੂਰੀ ਤਰ੍ਹਾਂ ਤਿਆਰ ਸਨ ਅਤੇ ਕਿਸਾਨ ਪਹਿਲਾਂ ਹੀ ਖੇਤੀ ‘ਤੇ ਵੱਡਾ ਖਰਚਾ ਕਰ ਚੁੱਕੇ ਸਨ, ਜਿਸ ਕਰਕੇ ਇਹ ਨੁਕਸਾਨ ਕਿਸਾਨਾਂ ਨੂੰ ਡੂੰਘੀ ਨਿਰਾਸ਼ਾ ਵਿੱਚ ਧੱਕ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾੜੀ ਦੀਆਂ ਫਸਲਾਂ ਨਾਲ ਹੀ ਕਿਸਾਨ ਪਰਿਵਾਰਾਂ ਦੀਆਂ ਜ਼ਰੂਰਤਾਂ ਜੁੜੀਆਂ ਹੁੰਦੀਆਂ ਹਨ ਅਤੇ ਹੁਣ ਉਹਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਲਾਕ ਜਨਰਲ ਸਕੱਤਰ ਸੁਖਜਿੰਦਰ ਸਿੰਘ ਰਾਮਪੁਰਾ ਨੇ ਕਿਹਾ ਕਿ ਜੇ ਸਰਕਾਰ ਨੇ ਇਸ ਸੰਕਟ ਸਮੇਂ ਕਿਸਾਨਾਂ ਦੀ ਮਦਦ ਨਾ ਕੀਤੀ ਤਾਂ ਜਥੇਬੰਦੀ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਵੇਗੀ। ਆਗੂਆਂ ਨੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ’ਤੇ ਰੋਸ ਜਤਾਉਂਦਿਆਂ ਕਿਹਾ ਕਿ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨ ਪੱਖੀ ਨੀਤੀਆਂ ਲਿਆ ਕੇ ਸਾਰੀਆਂ ਫਸਲਾਂ ‘ਤੇ ਐਮਐਸਪੀ ਲਾਗੂ ਕਰੇ ਅਤੇ ਇਸ ਨੂੰ ਕਾਨੂੰਨੀ ਗਰੰਟੀ ਦਿੱਤੀ ਜਾਵੇ, ਤਾਂ ਜੋ ਸੰਕਟ ਵਿੱਚ ਘਿਰੀ ਕਿਸਾਨੀ ਨੂੰ ਬਚਾਇਆ ਜਾ ਸਕੇ।