ਪੀਐੱਸਈਬੀ ਦੇ ਨਵੇਂ ਫੈਸਲੇ ਤੋਂ ਵਿਦਿਆਰਥੀ ਤੇ ਅਧਿਆਪਕ ਪਰੇਸ਼ਾਨ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਫੈਸਲੇ ਨਾਲ
Publish Date: Mon, 06 Apr 2026 07:54 PM (IST)
Updated Date: Tue, 07 Apr 2026 04:09 AM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਦਾਖਲੇ 'ਤੇ ਲਾਏ ਨਵੇਂ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿਚ ਪਾ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਨੌਵੀਂ ਜਮਾਤ ਵਿਚ ਦਾਖਲਾ ਲੈਣ ਲਈ ਵਿਦਿਆਰਥੀ ਕੋਲ ਸੁਵਿਧਾ ਕੇਂਦਰ ਵੱਲੋਂ ਜਾਰੀ ਕੀਤਾ ਕੰਪਿਊਟਰਾਇਜ਼ਡ ਜਨਮ ਸਰਟੀਫਿਕੇਟ ਹੋਣਾ ਜਰੂਰੀ ਕਰ ਦਿੱਤਾ ਹੈ। ਜਿਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀਆਂ ਪ੍ਰੇਸ਼ਾਨੀਆਂ ਵਧ ਜਾਣਗੀਆਂ ਅਤੇ ਵਿਦਿਆਰਥੀ ਦਾਖਲਾ ਲੈਣ ਤੋਂ ਅਯੋਗ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਹ ਫ਼ੈਸਲਾ ਜਮੀਨੀ ਪੱਧਰ ਦੀਆਂ ਹਾਲਤਾਂ ਦੇ ਅਨੁਕੂਲ ਨਹੀਂ ਹੈ ਕਿਉਕਿ ਬਹੁਤ ਸਾਰੇ ਬੱਚਿਆਂ ਕੋਲ ਜਨਮ ਸਰਟੀਫਿਕੇਟ ਨਹੀਂ ਹੈ ਅਤੇ ਬਹੁਤਿਆਂ ਕੋਲ ਹਸਪਤਾਲ ਜਾਂ ਕਿਸੇ ਹੋਰ ਸੰਸਥਾ ਵੱਲੋਂ ਹੱਥ ਲਿਖਤ ਜਨਮ ਸਰਟੀਫਿਕੇਟ ਵੀ ਹਨ। ਆਗੂਆਂ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰੀ ਸਕੂਲਾਂ ਦੇ ਦਾਖਲੇ ਘਟਣ ਦਾ ਖਦਸ਼ਾ ਵੀ ਪੈਦਾ ਹੋ ਗਿਆ ਹੈ । ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ,ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ,ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਆਗੂਆਂ ਨੇ ਕਿਹਾ ਕਿ ਬੋਰਡ ਦੇ ਇਸ ਫੈਸਲੇ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਦੀ ਖੱਜਲ ਖੁਆਰੀ ਵਧ ਜਾਵੇਗੀ । |ਆਗੂਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਅਪੀਲ ਕੀਤੀ ਕਿ ਇਹ ਬੇਤੁਕਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ।