ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ : ਹਰਸਿਮਰਤ ਕੌਰ ਬਾਦਲ
ਫਸਲ ਦੇ ਹੋਏ ਨੁਕਸਾਨ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਹਰਸਿਮਰਤ ਕੌਰ ਬਾਦਲ
Publish Date: Mon, 06 Apr 2026 08:28 PM (IST)
Updated Date: Tue, 07 Apr 2026 04:11 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਇਸ ਜ਼ਿਲ੍ਹੇ ਦੇ ਨਾਲ-ਨਾਲ ਮਾਲਵਾ ਪੱਟੀ ਵਿਚ ਗੜ੍ਹੇਮਾਰੀ ਕਾਰਨ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੀੜਤ ਕਿਸਾਨਾਂ ਨੂੰ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕੀਤਾ ਜਾਵੇ। ਉਨ੍ਹਾਂ ਭੁੱਚੋ ਮੰਡੀ ਵਿਚ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਕਿਸਾਨਾਂ ਦੇ ਹਾਲਾਤ ਬਾਰੇ ਕੁਝ ਨਹੀਂ ਬੋਲ ਰਹੇ ਤੇ ਮੁਆਵਜ਼ੇ ਦਾ ਐਲਾਨ ਨਹੀਂ ਕਰ ਰਹੇ। ਹਾਲਾਂਕਿ ਉਨ੍ਹਾ ਨੇ ਇਲਾਕੇ ਵਿਚ ਰਾਤ ਵੀ ਬਿਤਾਈ ਹੈ। ਉਨ੍ਹਾਂ ਕਿਹਾ ਕਿ ਇਹ ਵੀ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਇਸ ਖੇਤਰ ਤੋਂ ਆਉਂਦੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਹਨ ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ ਤੇ ਫਸਲਾਂ ਦੇ ਹੋਏ ਨੁਕਸਾਨ ਲਈ ਗਿਰਦਾਵਰੀ ਵੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਵਾਢੀ ਵਾਸਤੇ ਤਿਆਰ ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਹਾਲਾਤ ਬਹੁਤ ਮਾੜੀ ਹੈ। ਪਿਛਲੇ ਚਾਰ ਸਾਲਾਂ ਵਿਚ ਉਨ੍ਹਾਂ ਦਾ ਵਾਰ-ਵਾਰ ਫਸਲੀ ਨੁਕਸਾਨ ਹੋਇਆ ਹੈ। ਇਸ ਕਰ ਕੇ ਉਨ੍ਹਾਂ ਨੂੰ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕੀਤਾ ਜਾਵੇ।