ਕਣਕ ਕੱਟਣ ਉਪਰੰਤ ਨਾੜ ਨੂੰ ਅੱਗ ਲਾਉਣ 'ਤੇ ਪਾਬੰਦੀ
ਕਣਕ ਕੱਟਣ ਉਪਰੰਤ ਪਰਾਲੀ ਨੂੰ ਅੱਗ ਲਾਉਣ 'ਤੇ ਪਾਬੰਦੀ
Publish Date: Tue, 07 Apr 2026 04:31 PM (IST)
Updated Date: Wed, 08 Apr 2026 03:59 AM (IST)
-ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ, ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੱਕਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਅੰਦਰ ਕਣਕ ਕੱਟਣ ਉਪਰੰਤ ਨਾੜ/ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਾਈ ਹੈ। ਹੁਕਮ ’ਚ ਕਿਹਾ ਹੈ ਕਿ ਕਣਕ ਕੱਟਣ ਉਪਰੰਤ ਨਾੜ/ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਹਵਾ ਵਿਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਕਣਕ ਦੀ ਨਾੜ ਰਹਿੰਦ/ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੇ ਉਪਯੋਗਿਕ ਜੀਵਕ ਮਾਦਾ ਜੋ ਕਿ ਜ਼ਮੀਨ ਲਈ ਬਹੁਤ ਹੀ ਲਾਭਦਾਇਕ ਹੈ, ਦਾ ਨੁਕਸਾਨ ਹੁੰਦਾ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਕਣਕ ਦੀ ਨਾੜ/ਪਰਾਲੀ/ਰਹਿੰਦ-ਖੂੰਹਦ ਆਦਿ ਨੂੰ ਅੱਗ ਲਗਾਉਣ ਕਾਰਨ ਨਾਲ ਲਗਦੇ ਖੇਤਾਂ ਵਿਚ ਖੜ੍ਹੀ ਫ਼ਸਲ ਨੂੰ, ਗੁਦਾਮਾਂ ’ਚ ਸਟੋਰ ਕੀਤੀ ਗਈ ਫ਼ਸਲ ਨੂੰ, ਗੋਲਾ ਬਰੂਦ ਦੇ ਡਿੱਪੂ ਵਿਚ ਅੱਗ ਲੱਗ ਕੇ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ। ਇਸ ਲਈ ਕਣਕ ਦੀ ਨਾੜ/ਪਰਾਲੀ/ਰਹਿੰਦ-ਖੂੰਹਦ ਆਦਿ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਵਿਚ ਕਿਹਾ ਕਿ ਦੇਖਣ ’ਚ ਆਉਂਦਾ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ। ਇਸ ਦੀ ਕੁਆਲਿਟੀ ਡਿਗ ਜਾਂਦੀ ਹੈ, ਜਿਸ ਕਰਕੇ ਖ਼ਰੀਦ ਏਜੰਸੀਆਂ ਕਣਕ ਦੀ ਖ਼ਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ ਅਤੇ ਇਸ ਦਾ ਸਿੱਧਾ ਅਸਰ ਦੇਸ਼ ਦੇ ਉਤਪਾਦਨ ’ਤੇ ਪੈਂਦਾ ਹੈ। ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿਚ ਰੋਸ ਪੈਦਾ ਹੁੰਦਾ ਹੈ। ਇਸ ਲਈ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਈ ਜਾਂਦੀ ਹੈ। ਜੇਕਰ ਕੋਈ ਕੰਬਾਈਨ ਇਸ ਸਮੇਂ ਦੌਰਾਨ ਕਣਕ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਜਬਤ ਕੀਤਾ ਜਾਵੇਗਾ। ਇਹ ਹੁਕਮ 6 ਜੂਨ 2026 ਤਕ ਜਾਰੀ ਰਹਿਣਗੇ।