ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਰੈਲੀ 11 ਅਪ੍ਰੈਲ ਨੂੰ
ਸ੍ਰੋਅਦ ਵੱਲੋਂ ਪੰਜਾਬ ਵਿਚ ਆਓ ਰੈਲੀ 11 ਅਪ੍ਰੈਲ ਨੂੰ
Publish Date: Tue, 07 Apr 2026 05:49 PM (IST)
Updated Date: Wed, 08 Apr 2026 04:03 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸ੍ਰੋਮਣੀ ਅਕਾਲੀ ਦਲ ਵੱਲੋਂ 11 ਅਪ੍ਰੈਲ ਨੂੰ ਤਲਵੰਡੀ ਸਾਬੋ ਸਥਿਤ ਟਰੈਕਟਰ ਮੰਡੀ ਵਿਖੇ ਕਰਵਾਈ ਜਾ ਰਹੀ “ਪੰਜਾਬ ਬਚਾਓ’’ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੱਧੂ ਨੇ ਕਿਹਾ ਕਿ ਇਸ ਵਿਸ਼ਾਲ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਸ਼ਮੂਲੀਅਤ ਕਰੇਗੀ। ਇਹ ਰੈਲੀ ਪੰਜਾਬ ਦੇ ਹੱਕਾਂ ਅਤੇ ਪੰਜਾਬ ਦੇ ਭਵਿੱਖ ਲਈ ਇਕ ਵੱਡੀ ਲੋਕ ਅਵਾਜ਼ ਸਾਬਤ ਹੋਵੇਗੀ। ਰਵੀਪ੍ਰੀਤ ਸਿੱਧੂ ਨੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿਚ 11 ਅਪ੍ਰੈਲ ਨੂੰ ਟਰੈਕਟਰ ਮੰਡੀ ਤਲਵੰਡੀ ਸਾਬੋ ਵਿਖੇ ਪਹੁੰਚ ਕੇ ਇਸ ਇਤਿਹਾਸਕ ਰੈਲੀ ਦਾ ਹਿੱਸਾ ਬਣਨ, ਤਾਂ ਜੋ ਪੰਜਾਬ ਦੇ ਮਸਲਿਆਂ ’ਤੇ ਲੋਕਾਂ ਦੀ ਮਜ਼ਬੂਤ ਅਵਾਜ਼ ਸਰਕਾਰ ਤੱਕ ਪਹੁੰਚ ਸਕੇ। ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਕੋਈ ਢੰਗ ਦਾ ਕੰਮ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀਆਂ ਸੜਕਾਂ, ਸਿਹਤ, ਸਿੱਖਿਆ, ਕਿਸਾਨੀ, ਨੌਜਵਾਨਾਂ ਦੇ ਰੁਜ਼ਗਾਰ ਤੇ ਵਪਾਰ ਨਾਲ ਜੁੜੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਸਰਕਾਰ ਨੇ ਲੋਕਾਂ ਨੂੰ ਸਿਰਫ਼ ਵਾਅਦਿਆਂ ਅਤੇ ਇਸ਼ਤਿਹਾਰਾਂ ’ਚ ਹੀ ਉਲਝਾ ਕੇ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ। ਪੰਜਾਬ ਦੇ ਲੋਕ ਹੁਣ ਬਦਲਾਅ ਦਾ ਮਨ ਬਣਾ ਚੁੱਕੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਅਜਿਹੀ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ, ਖੁਸ਼ਹਾਲੀ ਅਤੇ ਇੱਜ਼ਤ ਵਾਲੇ ਰਾਹ ’ਤੇ ਲਿਆਉਣ ਲਈ ਸ੍ਰੋਮਣੀ ਅਕਾਲੀ ਦਲ ਹੀ ਇਕ ਮਜ਼ਬੂਤ ਅਤੇ ਲੋਕਾਂ ਦੀ ਪਾਰਟੀ ਵਜੋਂ ਸਾਹਮਣੇ ਆ ਰਹੀ ਹੈ। ਅੰਤ ਵਿਚ ਉਨ੍ਹਾਂ ਹਲਕੇ ਦੇ ਸਾਰੇ ਪਿੰਡਾਂ, ਸ਼ਹਿਰੀ ਇਲਾਕਿਆਂ, ਵਰਕਰਾਂ, ਸਮਰਥਕਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ 11 ਅਪ੍ਰੈਲ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਅਤੇ ਪੰਜਾਬ ਦੀ ਬਿਹਤਰੀ ਲਈ ਇਸ ਜਨ ਅੰਦੋਲਨ ਦਾ ਹਿੱਸਾ ਬਣਨ।