ਮੀਂਹ ਤੇ ਗੜੇਮਾਰੀ ਨਾਲ ਫ਼ਸਲਾਂ ਖ਼ਰਾਬ, ਕਿਸਾਨਾਂ ਨੂੰ ਨੁਕਸਾਨ : ਗੁਰਵਿੰਦਰ ਸਿੰਘ
ਬੇਮੌਸਮੇ ਮੀਂਹ ਤੇ ਗੜੇਮਾਰੀ ਨਾਲ ਫਸਲਾਂ ਤਬਾਹ, ਕਿਸਾਨਾਂ ਨੂੰ ਵੱਡਾ ਨੁਕਸਾਨ – ਗੁਰਵਿੰਦਰ ਸਿੰਘ
Publish Date: Wed, 08 Apr 2026 04:56 PM (IST)
Updated Date: Thu, 09 Apr 2026 04:03 AM (IST)
-ਕਿਹਾ, ਮੁਆਵਜ਼ਾ ਰਾਸ਼ੀ ਤੁਰੰਤ ਦੇਵੇ ਪੰਜਾਬ ਦੀ ਮੌਜੂਦਾ ਸਰਕਾਰ
ਮੁਕੇਸ਼ ਸੋਨੀ, ਪੰਜਾਬੀ ਜਾਰਗਣ, ਰਾਮਾਂ ਮੰਡੀ
ਪਿੰਡ ਚੱਕ ਹੀਰਾ ਸਿੰਘ ਵਿੱਚ ਬੇਮੌਸਮੀ ਵਰਖਾ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ। ਖੇਤਾਂ ਵਿੱਚ ਖੜ੍ਹੀਆਂ ਕਣਕ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਨਾਲ ਕਿਸਾਨ ਗੰਭੀਰ ਚਿੰਤਾ ਵਿੱਚ ਡੁੱਬੇ ਹੋਏ ਹਨ। ਪਿੰਡ ਦੇ ਕਿਸਾਨ ਗੁਰਵਿੰਦਰ ਸਿੰਘ ਸਾਬਕਾ ਪੰਚਾਇਤ ਮੈਂਬਰ, ਸੁਖਜੀਵਨ ਸਿੰਘ ਅਤੇ ਸੁਖਮੰਦਰ ਸਿੰਘ ਨੇ ਦੱਸਿਆ ਕਿ ਅਚਾਨਕ ਆਈ ਤੇਜ਼ ਬਾਰਿਸ਼ ਅਤੇ ਤੂਫ਼ਾਨੀ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਜ਼ਮੀਨ ‘ਤੇ ਡਿੱਗ ਗਈ ਹੈ।
ਉਨ੍ਹਾਂ ਕਿਹਾ ਕਿ ਫਸਲ ਦੇ ਡਿੱਗ ਜਾਣ ਨਾਲ ਪੈਦਾਵਾਰ ‘ਤੇ ਗੰਭੀਰ ਅਸਰ ਪਵੇਗਾ ਅਤੇ ਹੁਣ ਤਕ ਖਰਚੀ ਗਈ ਲਾਗਤ ਵੀ ਮੁੜ ਮਿਲਣ ਦੀ ਉਮੀਦ ਘੱਟ ਰਹਿ ਗਈ ਹੈ। ਕਿਸਾਨਾਂ ਨੇ ਦੱਸਿਆ ਕਿ ਇਸ ਸਾਲ ਪਹਿਲਾਂ ਹੀ ਖੇਤੀਬਾੜੀ ਦੀ ਲਾਗਤ ਵਧੀ ਹੋਈ ਸੀ ਅਤੇ ਹੁਣ ਇਸ ਤਰ੍ਹਾਂ ਦੇ ਕੁਦਰਤੀ ਨੁਕਸਾਨ ਨੇ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਹੋਰ ਵੀ ਕਮਜ਼ੋਰ ਕਰ ਦਿੱਤਾ ਹੈ।
ਉਨ੍ਹਾਂ ਦੇ ਅਨੁਸਾਰ ਜੇਕਰ ਤੁਰੰਤ ਮਦਦ ਨਾ ਮਿਲੀ ਤਾਂ ਕਈ ਕਿਸਾਨ ਕਰਜ਼ੇ ਹੇਠ ਆ ਸਕਦੇ ਹਨ। ਪ੍ਰਭਾਵਿਤ ਕਿਸਾਨਾਂ ਨੇ ਸਰਕਾਰ ਕੋਲ ਮੰਗ ਕੀਤੀ ਹੈ ਕਿ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨ ਦਾ ਸਹੀ ਅੰਦਾਜ਼ਾ ਲਗਾ ਕੇ ਮੁਆਵਜ਼ਾ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀ ਮਦਦ ਲਈ ਤੁਰੰਤ ਕਦਮ ਚੁੱਕੇ ਜਾਣ ਤਾਂ ਜੋ ਉਹ ਇਸ ਸੰਕਟ ਤੋਂ ਬਾਹਰ ਆ ਸਕਣ। ਇਸ ਤੋਂ ਇਲਾਵਾ ਕਿਸਾਨਾਂ ਨ ੇ ਵੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪ੍ਰਭਾਵਿਤ ਖੇਤਰਾਂ ਦਾ ਜਲਦ ਜਾਇਜ਼ਾ ਲਿਆ ਜਾਵੇ ਅਤੇ ਰਾਹਤ ਕਾਰਜ ਸ਼ੁਰੂ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਜੇ ਸਮੇਂ ਸਿਰ ਸਹਾਇਤਾ ਮਿਲੇ ਤਾਂ ਕਿਸਾਨਾਂ ਨੂੰ ਕੁਝ ਹੱਦ ਤਕ ਰਾਹਤ ਮਿਲ ਸਕਦੀ ਹੈ। ਬੇਮੌਸਮੀ ਵਰਖਾ ਨੇ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ ਅਤੇ ਹੁਣ ਸਭ ਦੀ ਨਿਗਾਹ ਸਰਕਾਰ ਵੱਲ ਹੈ ਕਿ ਕਦੋਂ ਅਤੇ ਕਿਵੇਂ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੱਤੀ ਜਾਂਦੀ ਹੈ।