- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਵਿਚ ਚੋਰਾਂ ਤੇ ਲੁਟੇਰਿਆਂ ਦਾ ਕਹਿਰ, ਲਗਤਾਰ ਵਧ ਰਹੀਆਂ ਵਾਰਦਾਤਾਂ, ਚੋਰੀ ਤੇ ਲੁੱਟ ਦੀਆਂ ਪੰਜ ਵਾਰਦਾਤਾਂ ਵਾਪਰੀਆਂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਵਿੱਚ ਚੋਰਾਂ ਅਤੇ ਲੁਟੇਰਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਚੋਰੀ ਅਤੇ ਲੁੱਟਖੋਹ ਦੀਆਂ ਕਈ ਵਾਰਦਾਤਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜੇ ਕਰ ਦਿੱਤੇ ਹਨ। ਇਕ ਪਾਸੇ ਜਿੱਥੇ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ, ਉੱਥੇ ਹੀ ਪੁਲਿਸ ਵੱਲੋਂ ਕੁਝ ਮਾਮਲਿਆਂ ਵਿੱਚ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ ਹਨ। ਤਾਜ਼ਾ ਜਾਣਕਾਰੀ ਮੁਤਾਬਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਰੀ ਦੀਆਂ ਤਿੰਨ ਵੱਡੀਆਂ ਵਾਰਦਾਤਾਂ ਵਾਪਰੀਆਂ ਹਨ। ਚੋਰਾਂ ਨੇ ਰਾਤ ਦੇ ਸਮੇਂ ਸੁੰਨੀਆਂ ਗਲੀਆਂ ਅਤੇ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕੀਮਤੀ ਸਮਾਨ ਚੁਰਾ ਲਿਆ। ਪੀੜਤ ਪਰਿਵਾਰਾਂ ਨੇ ਦੱਸਿਆ ਕਿ ਉਹ ਸਵੇਰੇ ਉਠ ਕੇ ਵੇਖਦੇ ਹਨ ਕਿ ਘਰਾਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਮਾਨ ਗਾਇਬ ਸੀ। ਇਨ੍ਹਾਂ ਘਟਨਾਵਾਂ ਨਾਲ ਲੋਕਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਲੁੱਟ-ਖੋਹ ਦੀ ਇਕ ਹੋਰ ਘਟਨਾ ਵਿੱਚ ਲੁਟੇਰਿਆਂ ਨੇ ਇਕ ਵਿਅਕਤੀ ਤੋਂ ਦੋ ਹਜ਼ਾਰ ਰੁਪਏ ਤੇ ਮੋਬਾਈਲ ਫੋਨ ਲੁੱਟ ਲਿਆ। ਇਹ ਵਾਰਦਾਤ ਦਿਨ ਦਿਹਾੜੇ ਵਾਪਰੀ, ਜਿਸ ਨਾਲ ਸਾਬਤ ਹੁੰਦਾ ਹੈ ਕਿ ਦੋਸ਼ੀਆਂ ਦੇ ਹੌਸਲੇ ਕਿੰਨੇ ਬੁਲੰਦ ਹੋ ਚੁੱਕੇ ਹਨ। ਪੀੜਤ ਵਿਅਕਤੀ ਨੇ ਦੱਸਿਆ ਕਿ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਤੇ ਧਮਕੀ ਦੇ ਕੇ ਉਸ ਤੋਂ ਨਕਦੀ ਅਤੇ ਫੋਨ ਖੋਹ ਕੇ ਫਰਾਰ ਹੋ ਗਏ। ਹਾਲਾਂਕਿ ਪੁਲਿਸ ਨੇ ਕੁਝ ਮਾਮਲਿਆਂ ਵਿੱਚ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਚੋਰ ਗਿਰੋਹ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਇਹ ਗਿਰੋਹ ਕਾਫ਼ੀ ਸਮੇਂ ਤੋਂ ਸ਼ਹਿਰ ’ਚ ਸਰਗਰਮ ਸੀ ਅਤੇ ਕਈ ਵਾਰਦਾਤਾਂ ਵਿੱਚ ਸ਼ਾਮਲ ਸੀ। ਗਿਰੋਹ ਦੇ ਮੈਂਬਰਾਂ ਤੋਂ ਚੋਰੀ ਕੀਤੀਆਂ ਕਈ ਮੋਟਰਸਾਈਕਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਸਰਗਰਮੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
-ਬਾਕਸ-
ਪਹਿਲੀ ਘਟਨਾ ਕੋਤਵਾਲੀ ਅਧੀਨ ਪੈਂਦੀ ਨਵੀਂ ਬਸਤੀ ਵਿੱਚ ਵਾਪਰੀ ਹੈ। ਇੱਥੇ ਅਣਪਛਾਤੇ ਚੋਰਾਂ ਨੇ ਅਸ਼ੀਮ ਜਿੰਦਲ ਦੇ ਘਰ ਦੇ ਬਾਹਰੋਂ ਉਸ ਦੀ ਸਕੂਟਰੀ ਨੰਬਰ ਪੀਬੀ 03 ਬੀਐਫ 2842 ਨ ਚੋਰੀ ਕਰ ਲਈ। ਪੀੜਤ ਵਿਅਕਤੀ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਉਸਨੇ ਆਪਣੀ ਸਕੂਟਰੀ ਘਰ ਦੇ ਬਾਹਰ ਖੜ੍ਹੀ ਕੀਤੀ ਸੀ, ਜਿਸ ਨੂੰ ਅਣਪਛਾਤੇ ਚੋਰ ਚੋਰੀ ਕਰਕੇ ਲੈ ਗਏ। ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਕੌਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਖਿਲਾਫ ਕੇਸ ਦਰਜ ਕਰਕੇ ਸੀਸੀਟਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ।
-ਬਾਕਸ-
ਸ਼ਹਿਰ ਵਿਚ ਦੂਜੀ ਵਾਰਦਾਤ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੇ ਖੇਤਰ ਵਿੱਚ ਵਾਪਰੀ ਹੈ, ਜਿੱਥੇ ਅਣਪਛਾਤੇ ਚੋਰ ਇਕ ਘਰ ਵਿੱਚੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ ਕਰਕੇ ਲੈ ਗਏ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਗੁਰਪ੍ਰੀਤ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਨੇ ਦੱਸਿਆ ਕਿ 20 ਮਾਰਚ ਨੂੰ ਅਣਪਛਾਤੇ ਵਿਅਕਤੀ ਉਸ ਦੇ ਘਰ ਦਾਖਲ ਹੋਏ ਅਤੇ ਘਰ ਵਿੱਚ ਪਏ ਸੋਨੇ-ਚਾਂਦੀ ਦੇ ਗਹਿਣੇ ਤੇ 20000 ਦੀ ਨਕਦੀ ਚੋਰੀ ਕਰਕੇ ਲੈ ਗਏ। ਪੀੜਤ ਅਨੁਸਾਰ ਚੋਰੀ ਹੋਏ ਸਾਮਾਨ ਦੀ ਕੁੱਲ ਕੀਮਤ ਕਰੀਬ 80,000 ਬਣਦੀ ਹੈ। ਸਹਾਇਕ ਥਾਣੇਦਾਰ ਨਵਜੁਗਦੀਪ ਸਿੰਘ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
-ਬਾਕਸ-
ਤੀਜੀ ਘਟਨਾ ’ਚ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਸਪ੍ਰੀਤ ਸਿੰਘ, ਹਰਚਰਨ ਸਿੰਘ ਵਾਸੀ ਪਿੰਡ ਤਿਓਣਾ ਤੇ ਸੁਖਵਿੰਦਰ ਸਿੰਘ ਵਾਸੀ ਬਾਹੋ ਯਾਤਰੀ ਨੇ ਮਿਲ ਕੇ ਇਕ ਗਿਰੋਹ ਬਣਾਇਆ ਹੋਇਆ ਹੈ, ਜਿਹੜਾ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਦਾ ਆ ਰਿਹਾ ਹੈ। ਪੁਲਿਸ ਨੇ ਸੂਚਨਾ ਤੋਂ ਬਾਅਦ ਛਾਪੇਮਾਰੀ ਕਰਦਿਆਂ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਇਕ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤਾ। ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਕਾਕਾ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
-ਬਾਕਸ-
ਮੋਬਾਈਲ ਤੇ 2 ਹਜ਼ਾਰ ਰੁਪਏ ਦੀ ਕੀਤੀ ਲੁੱਟ-
ਜ਼ਿਲ੍ਹੇ ਦੇ ਪਿੰਡ ਪਿੱਥੋ ਵਿੱਚ ਤਿੰਨ ਵਿਅਕਤੀਆਂ ਨੇ ਇਕ ਵਿਅਕਤੀ ਦਾ ਮੋਬਾਈਲ ਫੋਨ ਅਤੇ 2 ਹਜ਼ਾਰ ਰੁਪਏ ਖੋਹ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਆਕਾਸ਼ਦੀਪ ਸਿੰਘ ਵਾਸੀ ਪਿੰਡ ਬਦਿਆਲਾ ਨੇ ਦੱਸਿਆ ਕਿ 6 ਅਪ੍ਰੈਲ ਨੂੰ ਨਵਜੋਤ ਸਿੰਘ ਵਾਸੀ ਪਿੰਡ ਮਹਿਰਾਜ, ਜਸਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਵਾਸੀ ਪਿੰਡ ਰਾਮਪੁਰਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਕੁੱਟਮਾਰ ਕਰਕੇ ਉਸ ਦਾ ਮੋਬਾਈਲ ਫੋਨ ਅਤੇ 2 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ। ਥਾਣਾ ਸਦਰ ਰਾਮਪੁਰਾ ਦੇ ਸਹਾਇਕ ਥਾਣੇਦਾਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤਿੰਨਾਂ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਬਾਕਸ
-ਗਹਿਣੇ ਤੇ ਨਕਦੀ ਚੋਰੀ
ਪੰਜਵੀਂ ਵਾਰਦਾਤ ਉੜੀਆ ਕਾਲੋਨੀ ਵਿਚ ਵਾਪਰੀ ਹੈ ਜਿੱਥੇ ਚੋਰ ਸੋਨੇ ਚਾਂਦੀ ਦੇ ਗਹਿਣੇ ਤੇ 6500 ਦੀ ਨਕਦੀ ਚੋਰੀ ਕਰਕੇ ਲੈ ਗਏ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਅਜੇ ਬਾਰਿਕ ਵਾਸੀ ਉੜੀਆ ਕਲੋਨੀ ਬਠਿੰਡਾ ਨੇ ਦੱਸਿਆ ਕਿ ਅਵਿਨਾਸ਼ ਵਾਸੀ ਲਾਲ ਸਿੰਘ ਬਸਤੀ ਤੇ ਰੋਹਿਤ ਕੁਮਾਰ ਵਾਸੀ ਅਬੁਲ ਖੁਰਾਣਾ ਉਸ ਦੇ ਪਿਤਾ ਦੇ ਕੁਆਰਟਰ ਨੰਬਰ 37 ਵਿੱਚੋਂ ਸੋਨੇ-ਚਾਂਦੀ ਦੇ ਗਹਿਣੇ ਤੇ 6500 ਨਕਦੀ ਚੋਰੀ ਕਰਕੇ ਲੈ ਗਏ। ਥਾਣਾ ਥਰਮਲ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।