ਹੈਰੋਇਨ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਣੇ 7 ਕਾਬੂ
11.25 ਗ੍ਰਾਮ ਹੈਰੋਇਨ ਅਤੇ 95 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 7 ਗ੍ਰਿਫ਼ਤਾਰ
Publish Date: Fri, 10 Apr 2026 04:43 PM (IST)
Updated Date: Sat, 11 Apr 2026 04:00 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 11.25 ਗ੍ਰਾਮ ਹੈਰੋਇਨ ਤੇ 95 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਛਾਪੇਮਾਰੀ ਕਰਦਿਆਂ ਪਿੰਡ ਬੀੜ ਬਾਹਿਣ ਤੋਂ ਹਰਪ੍ਰੀਤ ਸਿੰਘ ਨੂੰ 4.19 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਪੂਹਲਾ ਨੇੜੇ ਇਕ ਔਰਤ ਅਤੇ ਮਰਦ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 12 ਕਿੱਲੋ 670 ਗ੍ਰਾਮ ਭੁੱਕੀ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਜਿਨ੍ਹਾਂ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਿੰਡ ਚੱਕ ਚਿਬੜਾਂਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਸਰਬਜੀਤ ਕੌਰ ਵਾਸੀ ਭੁੱਚੋ ਮੰਡੀ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਰਾਮਪੁਰਾ ਮੰਡੀ ਵਿਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4.16 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਜਿਸ ਦੀ ਪਛਾਣ ਸ਼ਮਿੰਦਰ ਸਿੰਘ ਵਾਸੀ ਪਿੰਡ ਬਗਰਾੜੀ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਪਿੰਡ ਮੌੜ ਕਲਾਂ ਦੇ ਰਹਿਣ ਵਾਲੇ ਅਜੇ ਕੁਮਾਰ ਨੂੰ 50 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਗਗਨਦੀਪ ਸਿੰਘ ਵਾਸੀ ਪਿੰਡ ਧਿੰਗੜ ਨੂੰ 2.90 ਗ੍ਰਾਮ ਹੈਰੋਇਨ ਤੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਰਾਜਪਾਲ ਸਿੰਘ ਵਾਸੀ ਪਿੰਡ ਬੰਬੀਹਾ ਨੂੰ 45 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤੇ ਹਨ।