ਜੈ ਅਮਨਦੀਪ ਗੋਇਲ ਬਣੇ ਨਾਇਬ ਤਹਿਸੀਲਦਾਰ
ਜੈ ਅਮਨਦੀਪ ਗੋਇਲ ਨੇ ਨਾਇਬ ਤਹਿਸੀਲਦਾਰ ਵਜੋਂ ਆਪਣਾ ਅਹੁਦਾ ਸੰਭਾਲਿਆ
Publish Date: Fri, 10 Apr 2026 05:52 PM (IST)
Updated Date: Sat, 11 Apr 2026 04:06 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਰਾਮਪੁਰਾ ਫੂਲ ਤਹਿਸੀਲ ਵਿੱਚ ਨਵੇਂ ਨਾਇਬ ਤਹਿਸੀਲਦਾਰ ਵਜੋਂ ਜੈ ਅਮਨਦੀਪ ਗੋਇਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਪਾਤੜਾਂ (ਜ਼ਿਲ੍ਹਾ ਪਟਿਆਲਾ) ਤੋਂ ਤਬਾਦਲਾ ਹੋ ਕੇ ਇੱਥੇ ਤਾਇਨਾਤ ਕੀਤੇ ਗਏ ਹਨ। ਅਹੁਦਾ ਸੰਭਾਲਣ ਮੌਕੇ ਤਹਿਸੀਲ ਦਫ਼ਤਰ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਗੱਲਬਾਤ ਕਰਦੇ ਹੋਏ ਨਾਇਬ ਤਹਿਸੀਲਦਾਰ ਜੈ ਅਮਨਦੀਪ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਪਾਰਦਰਸ਼ਤਾ ਨਾਲ ਨਿਭਾਉਣਗੇ। ਲੋਕਾਂ ਨੂੰ ਤਹਿਸੀਲ ਦਫ਼ਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕ਼ਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਾਰੀਆਂ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ। ਉਨ੍ਹਾਂ ਨੇ ਖ਼ਾਸ ਤੌਰ ‘ਤੇ ਜ਼ਮੀਨੀ ਰਿਕਾਰਡ, ਇੰਤਕਾਲ, ਰਜਿਸਟਰੀ ਅਤੇ ਹੋਰ ਰਿਵੈਨਿਊ ਸੇਵਾਵਾਂ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣ ‘ਤੇ ਜ਼ੋਰ ਦਿੱਤਾ। ਗੋਇਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਮੁਹੱਈਆ ਕਰਵਾਉਣਾ ਹੈ। ਉਹ ਤਹਿਸੀਲ ਵਿਚ ਆਉਣ ਵਾਲੇ ਹਰ ਇੱਕ ਵਿਅਕਤੀ ਦੀ ਗੱਲ ਧਿਆਨ ਨਾਲ ਸੁਣਨਗੇ ਤੇ ਉਨ੍ਹਾਂ ਦੇ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਕਰਨਗੇ। ਲੋਕਾਂ ਦਾ ਭਰੋਸਾ ਬਣਾਈ ਰੱਖਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਨੇ ਦਫ਼ਤਰ ਦੇ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਅਤੇ ਤਹਿਸੀਲ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨਾਲ ਸਹਿਜ ਭਾਵਨਾ ਨਾਲ ਪੇਸ਼ ਆਉਣ। ਦਫ਼ਤਰ ਦੇ ਮੁਲਾਜ਼ਮਾਂ ਨੇ ਵੀ ਭਰੋਸਾ ਦਿਵਾਇਆ ਕਿ ਉਹ ਨਵੇਂ ਅਧਿਕਾਰੀ ਨਾਲ ਮਿਲ ਕੇ ਕੰਮ ਕਰਦੇ ਹੋਏ ਲੋਕ ਸੇਵਾ ਨੂੰ ਪਹਿਲ ਦੇਣਗੇ। ਨਵੇਂ ਨਾਇਬ ਤਹਿਸੀਲਦਾਰ ਦੀ ਤਾਇਨਾਤੀ ਨੂੰ ਲੈ ਕੇ ਉਮੀਦ ਜਤਾਈ ਜਾ ਰਹੀ ਹੈ ਕਿ ਦਫ਼ਤਰੀ ਕੰਮ-ਕਾਜ ’ਚ ਸੁਧਾਰ ਆਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਹੋਵੇਗਾ।