ਆਪ ਦਾ ਕਿਸਾਨ ਵਿੰਗ ਦਾਣਾ ਮੰਡੀਆਂ ’ਚ ਕਰੇਗਾ ਨਿਗਰਾਨੀ : ਪਰਮਜੀਤ
ਆਪ ਦਾ ਕਿਸਾਨ ਵਿੰਗ ਦਾਣਾ ਮੰਡੀਆਂ ’ਚ ਕਰੇਗਾ ਨਿਗਰਾਣੀ: ਪਰਮਜੀਤ ਕੋਟਫੱਤਾ
Publish Date: Fri, 10 Apr 2026 05:54 PM (IST)
Updated Date: Sat, 11 Apr 2026 04:06 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਕਣਕ ਦੀ ਸਰਕਾਰੀ ਖਰੀਦ ਨੂੰ ਸੁਚੱਜੇ ਢੰਗ ਨਾਲ ਚਲਾਉਣ ਅਤੇ ਮੰਡੀਆਂ ਵਿੱਚ ਆ ਰਹੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਆਮ ਆਦਮੀ ਪਾਰਟੀ ਦੇ ਕਿਸਾਨ-ਵਿੰਗ ਨਿਗਰਾਨੀ ਸ਼ੁਰੂ ਕੀਤੀ ਹੈ। ਇਸ ਤਹਿਤ ਪਾਰਟੀ ਨੇ ਆਪਣੇ ਸੂਬਾ-ਸਕੱਤਰ ਤੋਂ ਲੈ ਕੇ ਬਲਾਕ-ਪ੍ਰਧਾਨ ਤਕ ਦੇ ਅਹੁਦੇਦਾਰਾਂ ਦੀ ਵੱਖ-ਵੱਖ ਕਣਕ ਖਰੀਦ ਕੇਂਦਰਾਂ ਅਤੇ ਅਨਾਜ ਮੰਡੀਆਂ ਵਿੱਚ ਮੈਪਿੰਗ ਕਰਕੇ ਡਿਊਟੀਆਂ ਲਗਾਈਆਂ ਹਨ ਤਾਂ ਜੋ ਕਿਸੇ ਵੀ ਸਮੱਸਿਆ ਦਾ ਮੌਕੇ ‘ਤੇ ਹੀ ਤੁਰੰਤ ਨਿਪਟਾਰਾ ਕੀਤਾ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪ ਕਿਸਾਨ-ਵਿੰਗ ਦੇ ਸੂਬਾ-ਸਕੱਤਰ ਪਰਮਜੀਤ ਸਿੰਘ ਕੋਟਫੱਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਬਠਿੰਡਾ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੀਆਂ ਮੁੱਖ ਮੰਡੀਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਖੁਦ ਵੀ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਅਧਿਕਾਰੀਆਂ ਨਾਲ ਸਹਿਯੋਗ ਕਰਦੇ ਹੋਏ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।ਉਨ੍ਹਾਂ ਦੱਸਿਆ ਕਿ ਕਈ ਵਾਰ ਮੰਡੀਆਂ ਵਿੱਚ ਤੋਲ ਪ੍ਰਕਿਰਿਆ ਵਿੱਚ ਦੇਰੀ, ਬੋਰੀਆਂ ਦੀ ਘਾਟ, ਲਿਫਟਿੰਗ ਵਿੱਚ ਰੁਕਾਵਟ ਜਾਂ ਭੁਗਤਾਨ ਵਿੱਚ ਦੇਰੀ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ। ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਮੰਡੀ ਵਿੱਚ ਜ਼ਿੰਮੇਵਾਰ ਅਹੁਦੇਦਾਰ ਤਾਇਨਾਤ ਕੀਤੇ ਗਏ ਹਨ, ਜੋ ਕਿਸਾਨਾਂ ਨਾਲ ਸਿੱਧਾ ਸੰਪਰਕ ਵਿੱਚ ਰਹਿੰਦੇ ਹੋਏ ਤੁਰੰਤ ਅਧਿਕਾਰੀਆਂ ਨੂੰ ਜਾਣਕਾਰੀ ਦੇ ਕੇ ਹੱਲ ਕਰਵਾਉਣਗੇ। ਪਰਮਜੀਤ ਸਿੰਘ ਕੋਟਫੱਤਾ ਨੇ ਅੱਗੇ ਕਿਹਾ ਕਿ ਪਾਰਟੀ ਦੀ ਪਹਿਲੀ ਤਰਜੀਹ ਕਿਸਾਨਾਂ ਦੀ ਭਲਾਈ ਹੈ ਅਤੇ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਤੇਜ਼ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹਰ ਮੰਡੀ ਵਿੱਚ ਨਿਗਰਾਨੀ ਵਧਾਈ ਗਈ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕੋਈ ਵੀ ਦਿੱਕਤ ਨਾ ਆਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਕਿਸਾਨ ਨੂੰ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਉਥੇ ਮੌਜੂਦ ਪਾਰਟੀ ਦੇ ਨੁਮਾਇੰਦਿਆਂ ਨਾਲ ਸੰਪਰਕ ਕਰ ਸਕਦਾ ਹੈ, ਜਿਸ ਦਾ ਫੌਰੀ ਹੱਲ ਕਰਵਾਇਆ ਜਾਵੇਗਾ।