ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਨੇ ਸ਼ਰੇਆਮ ਨਸ਼ੇ ਵਿਕਣ ਦੇ ਲਾਏ ਦੋਸ਼
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਨੇ ਸ਼ਰੇਆਮ ਨਸ਼ੇ ਵਿਕਣ ਦੇ ਲਾਏ ਦੋਸ਼, ਵਿਧਾਇਕ ਸਾਹਮਣੇ ਕਿਹਾ ਪੁਲਿਸ ਤਸਕਰਾਂ ਨਾਲ ਮਿਲੀ
Publish Date: Fri, 10 Apr 2026 07:37 PM (IST)
Updated Date: Sat, 11 Apr 2026 04:14 AM (IST)
-ਵਿਧਾਇਕ ਮਾਸਟਰ ਜਗਸੀਰ ਸਿੰਘ ਸਾਹਮਣੇ ਉੱਠਿਆ ਚਿੱਟੇ ਦਾ ਮੁੱਦਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੋਨਿਆਣਾ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਦਾਅਵਿਆਂ ਦੇ ਬਾਵਜੂਦ ਗੋਨਿਆਣਾ ਖੇਤਰ ਵਿੱਚ “ਚਿੱਟੇ” (ਐਰੋਇਨ) ਦੇ ਖੁੱਲ੍ਹੇਆਮ ਵਿਕਣ ਦਾ ਮੁੱਦਾ ਉਸ ਸਮੇਂ ਸਾਹਮਣੇ ਆ ਗਿਆ ਜਦੋਂ ਪੰਚਾਇਤੀ ਧਰਮਸ਼ਾਲਾ ਵਿੱਚ ਹੋਈ ਇਕ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਗੋਨਿਆਣਾ ਕੋਆਰਡੀਨੇਟਰ ਸੰਦੀਪ ਕੁਮਾਰ ਬੋਣਾ ਨੇ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਸਾਹਮਣੇ ਹੀ ਚਿੱਟਾ ਵਿਕਣ ਦੇ ਗੰਭੀਰ ਦੋਸ਼ ਲਗਾਏ। ਕੌਂਸਲਰ ਨੇ ਕਿਹਾ ਕਿ ਉਨ੍ਹਾਂ ਦੇ ਵਾਰਡ ਵਿੱਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਲਾਕੇ ਦੇ ਹਰ ਬੱਚੇ ਨੂੰ ਪਤਾ ਹੈ ਕਿ ਕਿੱਥੇ ਨਸ਼ਾ ਵੇਚਿਆ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਕਾਰਵਾਈ ਨਹੀਂ ਹੋ ਰਹੀ।
ਉਨ੍ਹਾਂ ਨੇ ਸਥਾਨਕ ਗੋਨਿਆਣਾ ਪੁਲਿਸ ਚੌਕੀ ਦੇ ਕੁਝ ਮੁਲਾਜ਼ਮਾਂ ‘ਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਸ ਕਾਰਨ ਖੇਤਰ ਵਿੱਚ ਨਸ਼ੇ ਦਾ ਕਾਰੋਬਾਰ ਬੇਰੋਕਟੋਕ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੁਲਿਸ ਅਧਿਕਾਰੀਆਂ ਨੂੰ ਨਸ਼ਾ ਵੇਚਣ ਵਾਲਿਆਂ ਦੇ ਨਾਮ ਵੀ ਦਿੱਤੇ ਗਏ ਹਨ, ਪਰ ਫਿਰ ਵੀ ਛਾਪੇਮਾਰੀ ਨਹੀਂ ਕੀਤੀ ਜਾ ਰਹੀ। ਕੌਂਸਲਰ ਨੇ ਸਰਕਾਰ ਦੇ ਨਸ਼ਾ ਖਤਮ ਕਰਨ ਦੇ ਵਾਅਦਿਆਂ ‘ਤੇ ਵੀ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਜਮੀਨੀ ਹਕੀਕਤ ਵੱਖਰੀ ਹੈ। ਇਸ ਮਾਮਲੇ ‘ਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਹੈ ਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਮੁਲਾਜ਼ਮ ਦੀ ਮਿਲੀਭੁਗਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਯੁੱਧ ਨਸ਼ਿਆਂ ਵਿਰੁੱਧ ਦੇ ਕੋਆਰਡੀਨੇਟਰ ਵੱਲੋਂ ਨਸ਼ੇ ਸ਼ਰੇਆਮ ਵਿਕਣ ਅਤੇ ਪੁਲਿਸ ਦੇ ਤਸਕਰਾਂ ਨਾਲ ਮਿਲੇ ਹੋਣ ਦੇ ਲਾਏ ਦੋਸ਼ਾਂ ਬਾਅਦ ਪੰਜਾਬ ਸਰਕਾਰ ਤੇ ਪੁਲਿਸ ਦੀ ਅਸਲ ਹਕੀਕਤ ਸਾਹਮਣੇ ਆ ਗਈ ਹੈ। ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਪੂਰੇ ਮਹੱਲਾ ਵਾਸੀਆਂ ਨੇ ਇਕੱਠੇ ਹੋ ਕੇ ਗੋਨਿਆਣਾ ਵਿਚ ਕੁੱਝ ਪਰਿਵਾਰਾਂ ਵੱਲੋਂ ਚਿੱਟਾ ਵਿਕਣ ਦੇ ਦੋਸ਼ ਲਾਏ ਸਨ ਅਤੇ ਇਹ ਵੀ ਕਿਹਾ ਸੀ ਕਿ ਤਸਕਰਾਂ ਖਿਲਾਫ਼ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਲੋਕਾਂ ਦਾ ਕਹਿਣਾ ਸੀ ਕਿ ਜੇਕਰ ਯੁਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਕੋਆਰਡੀਨੇਟਰ ਹੀ ਨਸ਼ੇ ਵਿਕਣ ਤੇ ਪੁਲਿਸ ਦੇ ਮਿਲੇ ਹੋਣ ਦਾ ਦੋਸ਼ ਲਗਾ ਰਿਹਾ ਹੈ ਤਾਂ ਇਹ ਬਹੁਤ ਗੰਭੀਰ ਮਾਮਲਾ ਹੈ।