ਗੜੇਮਾਰੀ ਨਾਲ ਫਸਲਾਂ ਤਬਾਹ, 50 ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ
ਗੜੇਮਾਰੀ ਨਾਲ ਫਸਲਾਂ ਤਬਾਹ, ਕਿਸਾਨਾਂ ਲਈ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ
Publish Date: Sat, 11 Apr 2026 05:11 PM (IST)
Updated Date: Sun, 12 Apr 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਕੋਟੜਾ ਨੇ ਕਿਹਾ ਹੈ ਕਿ ਹਾਲ ਹੀ ਵਿੱਚ ਹੋਈ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਖੜੀਆਂ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ। ਮਾਲਵਾ ਖੇਤਰ ਦੇ ਕਈ ਪਿੰਡਾਂ ’ਚ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ, ਜਿਸ ਨਾਲ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਮਿੱਟੀ ਵਿੱਚ ਮਿਲ ਗਈ ਹੈ। ਪਹਿਲਾਂ ਹੀ ਕਿਸਾਨ ਮਹਿੰਗੇ ਬੀਜ, ਖਾਦ ਤੇ ਡੀਜ਼ਲ ਦੀਆਂ ਕੀਮਤਾਂ ਨਾਲ ਪਰੇਸ਼ਾਨ ਸਨ, ਉੱਪਰੋਂ ਕੁਦਰਤੀ ਆਫ਼ਤਾਂ ਨੇ ਉਨ੍ਹਾਂ ਦੀ ਕਮਰ ਤੋੜ ਦਿੱਤੀ ਹੈ। ਗੜੇਮਾਰੀ ਤੇ ਤੇਜ਼ ਹਵਾਵਾਂ ਕਾਰਨ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਹੋਇਆ ਹੈ ਤੇ ਕਈ ਥਾਵਾਂ ‘ਤੇ ਫਸਲ ਪੂਰੀ ਤਰ੍ਹਾਂ ਨਸ਼ਟ ਹੋ ਗਈ ਹੈ। ਇਸ ਨਾਲ ਕਿਸਾਨ ਆਰਥਿਕ ਤੌਰ ‘ਤੇ ਕਾਫੀ ਸੰਕਟ ਵਿੱਚ ਆ ਗਏ ਹਨ। ਅਵਤਾਰ ਸਿੰਘ ਕੋਟੜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਨੁਕਸਾਨੀ ਫਸਲਾਂ ਦੀ ਗਿਰਦਾਵਰੀ ਕਰਵਾਈ ਜਾਵੇ ਤੇ ਪ੍ਰਭਾਵਿਤ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਜੇ ਸਮੇਂ ਸਿਰ ਰਾਹਤ ਨਾ ਮਿਲੀ ਤਾਂ ਕਿਸਾਨਾਂ ਲਈ ਆਉਣ ਵਾਲਾ ਸਮਾਂ ਹੋਰ ਵੀ ਮੁਸ਼ਕਿਲ ਭਰਿਆ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੇ ਕਰਜ਼ਿਆਂ ‘ਤੇ ਵੀ ਰਾਹਤ ਦਿੱਤੀ ਜਾਵੇ ਅਤੇ ਬੈਂਕਾਂ ਨੂੰ ਹੁਕਮ ਜਾਰੀ ਕੀਤੇ ਜਾਣ ਕਿ ਉਹ ਕਿਸਾਨਾਂ ‘ਤੇ ਕੋਈ ਦਬਾਅ ਨਾ ਬਣਾਉਣ। ਕੋਟੜਾ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਕਿਸਾਨਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ ਵਿੱਚ ਸੜਕਾਂ ‘ਤੇ ਉਤਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਅੰਤ ’ਚ ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਹਰ ਹਾਲਤ ’ਚ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਾਈ ਜਾਰੀ ਰੱਖੇਗੀ।