ਬੂਟਾ ਲਾ ਕੇ ਖ਼ਾਲਸਾ ਸਕੂਲ ’ਚ ਨਵਾਂ ਸੈਸ਼ਨ ਸ਼ੁਰੂ
ਪੌਦਾ ਲਗਾ ਕੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ’ਚ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ
Publish Date: Sat, 11 Apr 2026 05:52 PM (IST)
Updated Date: Sun, 12 Apr 2026 04:06 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਉਤਸ਼ਾਹ ਅਤੇ ਪ੍ਰੇਰਣਾਦਾਇਕ ਮਾਹੌਲ ਵਿੱਚ ਕੀਤੀ ਗਈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਸ਼ੁੱਧਤਾ ਦਾ ਸੰਦੇਸ਼ ਦੇਣ ਲਈ ਸਕੂਲ ਕੈਂਪਸ ਵਿੱਚ ਪੌਦਾ ਲਗਾਇਆ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਦਾ ਮਹੱਤਵਪੂਰਨ ਸੰਦੇਸ਼ ਮਿਲਿਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਮੈਨੇਜਰ ਰਣਜੀਤ ਸਿੰਘ ਮਲਕਾਣਾ, ਪ੍ਰਧਾਨ ਛੋਟਾ ਸਿੰਘ ਅਤੇ ਕਮੇਟੀ ਮੈਂਬਰ ਭੁਪਿੰਦਰ ਸਿੰਘ ਜੱਸਲ ਨੇ ਹਾਜ਼ਰੀ ਭਰੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵੀ ਸਰਗਰਮ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦਾ ਸਮੂਹਿਕ ਵਿਕਾਸ ਹੀ ਸੱਚੀ ਸਿੱਖਿਆ ਦਾ ਮਕਸਦ ਹੁੰਦਾ ਹੈ। ਸਕੂਲ ਦੇ ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ ਨੇ ਆਏ ਹੋਏ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਸਕੂਲ ਵੱਲੋਂ ਹਮੇਸ਼ਾਂ ਮਿਆਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਡੀਪੀਈ. ਹਰਪਾਲ ਸਿੰਘ ਸਮੇਤ ਹੋਰ ਅਧਿਆਪਕਾਂ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਗੁਰਸੰਦੀਪ ਸਿੰਘ, ਹਰਦੀਪ ਸਿੰਘ ਅਤੇ ਕਰਮਜੀਤ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਰਹੇ। ਸਮਾਗਮ ਦੇ ਅੰਤ ਵਿੱਚ ਪੌਦਾ ਲਗਾਉਣ ਦੀ ਇਸ ਰਸਮ ਰਾਹੀਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਲਈ ਜਾਗਰੂਕ ਕੀਤਾ ਗਿਆ, ਜੋ ਕਿ ਨਵੇਂ ਸੈਸ਼ਨ ਦੀ ਇਕ ਸਕਾਰਾਤਮਕ ਅਤੇ ਪ੍ਰੇਰਕ ਸ਼ੁਰੂਆਤ ਸਾਬਤ ਹੋਈ।