- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਸੀ ਨੇ ਜ਼ਿਲ੍ਹੇ ‘ਚ 9 ਜੂਨ ਤਕ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ’ਚ ਮੌਜ਼ੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਆਦਿ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲਾਲਟੇਨ ਪਤੰਗਾਂ, ਇੱਛਾ ਪਤੰਗਾਂ ਦੀ ਵਰਤੋਂ ਹਵਾਈ ਜਹਾਜ਼ਾਂ ਦੇ ਉਤਰਨ ਅਤੇ ਚੜਨ ਸਮੇਂ ਦੌਰਾਨ ਕੰਮ-ਕਾਜ ਅਤੇ ਸੁਰੱਖਿਆ ਲਈ ਖਤਰਾ ਪੈਦਾ ਕਰਦੀਆਂ ਹਨ। ਇਹ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਅਤੇ ਸਮਾਜਿਕ ਸ਼ਾਂਤੀ ਨੂੰ ਮੁੱਖ ਰੱਖਦੇ ਹੋਏ ਹਰ ਪੀਜੀ ਮਾਲਕ ਆਪਣੀ ਪੀਜੀ ਨੂੰ ਰਜਿਸਟਰਡ ਕਰਵਾਉਂਦੇ ਹੋਏ ਪੀਜੀ. ‘ਚ ਰਹਿਣ ਵਾਲੇ ਬੱਚਿਆਂ/ਕਿਰਾਏਦਾਰਾਂ ਦੀ ਸਬੰਧਤ ਪੁਲਿਸ ਥਾਣੇ/ਸਾਂਝ ਕੇਂਦਰ ਰਾਹੀਂ ਰਜਿਸਟ੍ਰੇਸ਼ਨ/ਵੈਰੀਫ਼ਿਕੇਸ਼ਨ ਕਰਵਾਉਣ ਦਾ ਜ਼ਿੰਮੇਵਾਰ ਹੋਵੇਗਾ। ਹੁਕਮ ਮੁਤਾਬਕ ਪੀਜੀ ਮਾਲਕਾਂ ਨੂੰ ਇਹ ਵੀ ਹੁਕਮ ਦਿੱਤਾ ਹੈ ਕਿ ਉਹ ਆਪਣੇ ਪੀਜੀ ਵਿਚ ਰਹਿਣ ਵਾਲੇ ਵਿਦਿਆਰਥੀਆਂ, ਕਿਰਾਏਦਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਗ ਬੁਝਾਊ ਯੰਤਰ ਅਤੇ ਸੀਸੀਟੀਵੀ ਕੈਮਰੇ ਜ਼ਰੂਰ ਲਗਾਉਣ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਵਿਦਿਆਰਥੀ/ਕਿਰਾਏਦਾਰ ਦੀ ਆੜ ਵਿਚ ਸਮਾਜਿਕ ਸ਼ਾਂਤੀ ਭੰਗ ਨਾ ਕਰ ਸਕੇ। ਅਗਲੇ ਹੁਕਮ ਅਨੁਸਾਰ ਟ੍ਰੈਫ਼ਿਕ ਦੀ ਸਮੱਸਿਆ ਨੂੰ ਵੇਖਦਿਆਂ ਹੋਇਆ ਤੰਗ ਥਾਵਾਂ ’ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਜਾਰੀ ਆਦੇਸ਼ਾਂ ’ਚ ਉਨਾਂ ਕਿਹਾ ਕਿ ਬਹੁ-ਮੰਤਵੀ ਖੇਡ ਸਟੇਡੀਅਮ ਕੋਲ ਟਰੱਕ ਖੜੇ ਹੋਣ ਕਾਰਨ ਐੱਮਐੱਸਡੀ ਸਕੂਲ ਤੇ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਟਰੱਕਾਂ ਕਰਕੇ ਸਕੂਲਾਂ ਦੀਆਂ ਵੈਨਾ, ਬੱਸਾਂ, ਰਿਕਸ਼ੇ ਆਦਿ ਦਾ ਐਕਸੀਡੈਂਟ ਹੋਣ ਦਾ ਖਦਸਾ ਰਹਿੰਦਾ ਹੈ। ਇਨਾਂ ਗੱਲਾਂ ਨੂੰ ਧਿਆਨ ‘ਚ ਰੱਖਦੇ ਹੋਏ ਹਨੂੰਮਾਨ ਚੌਂਕ ਦੇ ਆਸ ਪਾਸ ਗੋਨਿਆਣਾ ਰੋਡ ਅਤੇ ਖੇਡ ਸਟੇਡੀਅਮ ਰੋਡ ’ਤੇ ਟਰੱਕ ਖੜਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਸਕੂਲਾਂ/ਕਾਲਜਾਂ ਦੇ ਬਾਹਰ ਵੀ ਚਾਰ ਪਹੀਆ ਵੱਡੇ ਵਾਹਨ ਖੜ੍ਹੇ ਕਰਨ ਦੀ ਮਨਾਹੀ ਹੋਵੇਗੀ। ਸਵੇਰੇ 6 ਵਜੇ ਤੋਂ 9 ਵਜੇ ਤੱਕ ਅਤੇ ਦੁਪਹਿਰੇ 1 ਤੋਂ 3 ਵਜੇ ਤੱਕ ਕਿਸੇ ਵੀ ਟਰੱਕ ਨੂੰ ਚੱਲਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨਾਂ ਐੱਮਐੱਸਡੀ ਸਕੂਲ ਤੇ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੂੰ ਨਿਰਦੇਸ਼ ਦਿੱਤੇ ਕਿ ਛੁੱਟੀ ਸਮੇਂ ਆਪਣੇ ਵਿਦਿਆਰਥੀਆਂ ਨੂੰ ਸਕੂਲ ਦੇ ਕੰਪਾਉਂਡ ਵਿਚੋਂ ਹੀ ਰਿਕਸ਼ਾ, ਗੱਡੀ ਆਦਿ ਵਿਚ ਸੁਰੱਖਿਅਤ ਰੂਪ ਵਿਚ ਚੜ੍ਹਾਉਣਗੇ। ਉਨਾਂ ਕਿਹਾ ਕਿ ਸਕੂਲ ਤੋਂ ਛੁੱਟੀ ਸਮੇਂ ਬੱਚਿਆਂ ਨੂੰ ਲੈਣ ਆਉਣ ਵਾਲੇ ਰਿਕਸ਼ਾ ਅਤੇ ਗੱਡੀਆਂ ਸਕੂਲ ਦੇ ਬਾਹਰ ਸੜਕ ਜਾਂ ਸੜਕ ਦੇ ਕਿਨਾਰੇ ਪਾਰਕ ਨਹੀਂ ਕੀਤੇ ਜਾਣਗੇ। ਜਾਰੀ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾ ਵਿੱਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਸਰਗਰਮੀਆਂ ਤੇ ਅਜਿਹੀਆਂ ਪਾਬੰਦੀਸ਼ੁਦਾ ਵਸਤੂਆਂ ਰੱਖਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ। ਇਸ ਤਰ੍ਹਾਂ ਇਕ ਹੋਰ ਹੁਕਮ ਰਾਹੀਂ ਜ਼ਿਲੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ ਲਾਈ ਜਾਂਦੀ ਹੈ। ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਜਨ ਸਿਹਤ ਮੰਡਲ, ਬਠਿੰਡਾ ਜਾਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਬਠਿੰਡਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ। ਇਹ ਹੁਕਮ 9 ਜੂਨ 2026 ਤੱਕ ਲਾਗੂ ਰਹਿਣਗੇ।