ਵਿਸਾਖੀ ਮੇਲੇ ਸਬੰਧੀ ਯਾਤਰੀਆਂ ਲਈ ਡੀਸੀ ਵੱਲੋਂ ਪ੍ਰਬੰਧ ਮੁਕੰਮਲ
ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸਾਖੀ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਮੁਕੰਮਲ
Publish Date: Sat, 11 Apr 2026 08:06 PM (IST)
Updated Date: Sun, 12 Apr 2026 04:09 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਅਤੇ ਐੱਸਐੱਸਪੀ ਡਾ. ਜਯੋਤੀ ਯਾਦਵ ਬੈਂਸ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਗੁਰਦੁਆਰਾ ਦੇ ਪ੍ਰਬੰਧਕਾਂ ਨਾਲ ਵਿਸਾਖੀ ਮੇਲੇ ਦੌਰਾਨ ਉਚਿਤ ਪ੍ਰਬੰਧ ਯਕੀਨੀ ਬਣਾਉਣ ਲਈ ਮੀਟਿੰਗ ਕੀਤੀ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ, ਇਸ ਲਈ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਸਥਿਤੀ ’ਚ ਲੋਕ 01655-220241, 01655-220249 ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਯਾਤਰੀਆਂ ਦੀ ਸਹਾਇਤਾ ਲਈ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀ 30 ਮੈਂਬਰੀ ਟੀਮ ਵੀ ਤੈਨਾਤ ਕੀਤੀ ਗਈ ਹੈ। ਡੀਸੀ ਧੀਮਾਨ ਨੇ ਨਿਰਦੇਸ਼ ਦਿੱਤੇ ਕਿ ਪੀਣ ਵਾਲੇ ਪਾਣੀ ਦੀ 24 ਘੰਟੇ ਉਪਲੱਬਧਤਾ ਅਤੇ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਯਾਤਰੀਆਂ ਨੂੰ ਲੈ ਕੇ ਆਉਣ ਵਾਲੀਆਂ ਵਾਹਨਾਂ ਦੀ ਆਵਾਜਾਈ ਸੁਚਾਰੂ ਬਣਾਉਣ ਲਈ ਸ਼ਹਿਰ ’ਚ ਛੇ ਥਾਵਾਂ ’ਤੇ ਅਸਥਾਈ ਬੱਸ ਅੱਡੇ ਬਣਾਏ ਗਏ ਹਨ। ਸੜਕਾਂ ਦੀ ਸਫ਼ਾਈ ਲਈ ਰੋਡ ਸਵੀਪਿੰਗ ਮਸ਼ੀਨਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਇਲਾਕਿਆਂ ਵਿੱਚ ਨਿਯਮਿਤ ਫੋਗਿੰਗ ਕੀਤੀ ਜਾ ਰਹੀ ਹੈ ਅਤੇ ਅੱਗ ਬੁਝਾਊ ਗੱਡੀਆਂ ਨੂੰ ਮਹੱਤਵਪੂਰਨ ਥਾਵਾਂ ‘ਤੇ ਤਾਇਨਾਤ ਕੀਤਾ ਹੈ। ਇਸ ਮੌਕੇ ਏਡੀਸੀ (ਜੀ) ਕੰਚਨ, ਐੱਸਡੀਐੱਮ ਤਲਵੰਡੀ ਸਾਬੋ ਰਾਜੇਸ਼ ਕੁਮਾਰ ਸ਼ਰਮਾ, ਐੱਸਪੀ ਜਗਦੀਸ਼ ਬਿਸ਼ਨੋਈ, ਐੱਸਪੀ ਨਰਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।