ਮਹਿਲਾ ਕਰਮਚਾਰੀ ਨੂੰ ਤੰਗ ਕਰਨ ਵਾਲੇ ‘ਆਪ’ ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ
ਮਹਿਲਾ ਕਰਮਚਾਰੀ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਆਪ
Publish Date: Sun, 12 Apr 2026 07:40 PM (IST)
Updated Date: Mon, 13 Apr 2026 04:16 AM (IST)
-ਦੋਸ਼ੀ ਨੂੰ ਸਿਆਸੀ ਸ਼ਹਿ ਦੇਣ ਵਾਲੇ ‘ਆਪ’ ਆਗੂਆਂ ਖ਼ਿਲਾਫ਼ ਸੰਘਰਸ਼ ਕਰਨ ਦੀ ਚਿਤਾਵਨੀ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਸਰਕਾਰੀ ਹਸਪਤਾਲ ਬਠਿੰਡਾ ਦੀ ਮਹਿਲਾ ਕਰਮਚਾਰੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਦੋਸ਼ੀ ਖ਼ਿਲਾਫ਼ ਕਾਰਵਾਈ ਨਾ ਹੋਣ ਕਾਰਨ ਵੱਖ-ਵੱਖ ਜਥੇਬੰਦੀਆਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਪੈਰਾ ਮੈਡੀਕਲ ਸਟਾਫ ਸਮੇਤ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀ ਹਰਤੇਜ ਸਿੰਘ ਭੁੱਲਰ ਖ਼ਿਲਾਫ਼ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰੀ ਨਾ ਕੀਤੀ ਗਈ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਹ ਐਲਾਨ ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਜ਼ਿਲ੍ਹਾ ਬਠਿੰਡਾ ਦੇ ਆਗੂ ਗਗਨਦੀਪ ਸਿੰਘ ਭੁੱਲਰ, ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਪੰਜਾਬ ਸਟੂਡੈਂਟ ਯੂਨੀਅਨ ਦੀ ਆਗੂ ਹਰਵੀਰ ਕੌਰ ਗੰਧੜ ਅਤੇ ਹੋਰ ਆਗੂਆਂ ਵੱਲੋਂ ਕੀਤਾ ਗਿਆ।
ਜਥੇਬੰਦੀਆਂ ਦਾ ਇਕ ਵਫ਼ਦ ਬਠਿੰਡਾ ਦੇ ਥਾਣਾ ਕੈਨਾਲ ਕਲੋਨੀ ਵਿਚ ਪੁਲਿਸ ਅਧਿਕਾਰੀਆਂ ਨੂੰ ਮਿਲਿਆ, ਜਿੱਥੇ ਉਨ੍ਹਾਂ ਦੋਸ਼ ਲਾਇਆ ਕਿ ਵਿਧਵਾ ਮਹਿਲਾ ਕਰਮਚਾਰੀ ਦੀ ਸ਼ਿਕਾਇਤ ਮਿਲਣ ਦੇ ਬਾਵਜੂਦ ਇਕ ਮਹੀਨਾ ਬੀਤ ਜਾਣ ਉਪਰੰਤ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿਆਸੀ ਦਬਾਅ ਕਾਰਨ ਪੁਲਿਸ ਕਾਰਵਾਈ ਤੋਂ ਗੁਰੇਜ਼ ਕਰ ਰਹੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਬੰਧਤ ਵਿਅਕਤੀ ਪਹਿਲਾਂ ਵੀ ਮਹਿਲਾਵਾਂ ਨਾਲ ਤੰਗ ਪਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਸ਼ਾਮਲ ਰਹਿ ਚੁੱਕਾ ਹੈ ਅਤੇ ਲਿਖਤੀ ਮਾਫ਼ੀ ਵੀ ਮੰਗ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਅਕਤੀ ਨੂੰ ਸਿਆਸੀ ਸ਼ਹਿ ਮਿਲਣਾ ਗੰਭੀਰ ਮਾਮਲਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੀੜਤ ਮਹਿਲਾ ਵੱਲੋਂ ਦਿੱਤੀ ਸ਼ਿਕਾਇਤ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤਕ ਪਹੁੰਚ ਚੁੱਕੀ ਹੈ ਅਤੇ ਸਿਵਲ ਸਰਜਨ ਵੱਲੋਂ ਐਸਐਸਪੀ ਬਠਿੰਡਾ ਨੂੰ ਵੀ ਪੱਤਰ ਭੇਜਿਆ ਗਿਆ, ਫਿਰ ਵੀ ਕੋਈ ਕਾਰਵਾਈ ਨਹੀਂ ਹੋਈ। ਜਥੇਬੰਦੀਆਂ ਨੇ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀ ਖ਼ਿਲਾਫ਼ ਜਲਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪ ਸਰਕਾਰ ਦੇ ਸਥਾਨਕ ਨੁਮਾਇੰਦਿਆਂ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕਰਨਗੇ।