- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ

-ਅਰਦਾਸ ਉਪਰੰਤ ਰਾਗੀ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਕੀਤੀ ਨਿਹਾਲ
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਪਾਵਨ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੁਰਾਤਨ ਪਰੰਪਰਾ ਅਨੁਸਾਰ ਖਾਲਾਸਾਈ ਜਾਹੋ-ਜਲਾਲ ਨਾਲ ਮਨਾਇਆ। ਇਸ ਮੌਕੇ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ, ਉਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂਘਰ ਪ੍ਰਤੀ ਸ਼ਰਧਾ ਪ੍ਰਗਟਾਈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਰਾਗੀ ਸਿੰਘਾਂ ਨੇ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤ ਨੂੰ ਖਾਲਸਈ ਸਿਧਾਂਤਾਂ ਅਤੇ ਗੌਰਵਮਈ ਇਤਿਹਾਸ ਨਾਲ ਜੋੜਿਆ। ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਅਰਦਾਸ ਕੀਤੀ ਗਈ ਤੇ ਰਾਗੀ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਜਥੇਦਾਰ ਬਾਬਾ ਟੇਕ ਸਿੰਘ ਨੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਬੋਧਨ ਵਿਚ ਕੌਮੀ ਦਰਦ ਨੂੰ ਬਿਆਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਪੰਥ ਨੂੰ ਦਰਪੇਸ਼ ਚੁਣੌਤੀਆਂ ਖਾਸ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀ ਕੌਮ ਨੂੰ ਨਿੱਜੀ ਵਖਰੇਵੇਂ ਤਿਆਗ ਕੇ ਇਕ ਝੰਡੇ ਹੇਠ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਧਰਮ ਪਰਿਵਰਤਨ ਦੀਆਂ ਵਧ ਰਹੀਆਂ ਘਟਨਾਵਾਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਿੱਖ ਪਰਿਵਾਰਾਂ ਨੂੰ ਆਪਣੇ ਵਿਰਸੇ ਪ੍ਰਤੀ ਸੁਚੇਤ ਹੋਣ ਲਈ ਪ੍ਰੇਰਿਆ। ਸਿੰਘ ਸਾਹਿਬ ਨੇ ਕਿਹਾ ਕਿ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ, ਜਿਸ ਪ੍ਰਤੀ ਸਾਨੂੰ ਸੁਚੇਤ ਹੋਣਾ ਪਵੇਗਾ। ਸਿੱਖ ਕੌਮ ਆਪਣੇ ਗੁਰੂ ਦੀ ਆਣ ਮਾਣ ਸ਼ਾਨ ਬਰਕਰਾਰ ਰੱਖਣ ਲਈ ਸਮਰੱਥ ਹੈ। ਬੱਸ ਜਰੂਰਤ ਹੈ ਕਿ ਅਸੀਂ ਇਕ ਨਿਸ਼ਾਨ ਹੇਠ ਇਕੱਤਰ ਹੋਈਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਕੌਮਾਂ ਅਕਾਲ ਪੁਰਖ ਦੀ ਟੇਕ ਛੱਡ ਕੇ ਦੁਨਿਆਵੀ ਤਾਕਤਾਂ ਦੇ ਰਹਿਮੋ-ਕਰਮ 'ਤੇ ਜਿਊਂਦੀਆਂ ਹਨ, ਉਨ੍ਹਾਂ ਦੀ ਖੁਆਰੀ ਅਟੱਲ ਹੈ।
ਹਰਿਆਣਾ ਕਮੇਟੀ ਦੀ ਮੌਜੂਦਾ ਸਥਿਤੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਤਿਆਗ ਕੇ ਸਰਕਾਰੀ ਦਖ਼ਲਅੰਦਾਜ਼ੀ ਕਬੂਲਣ ਦੇ ਨਤੀਜੇ ਅੱਜ ਸਭ ਦੇ ਸਾਹਮਣੇ ਹਨ। ਉਨ੍ਹਾਂ ਅਪੀਲ ਕੀਤੀ ਕਿ ਬਾਹਰੀ ਤਾਕਤਾਂ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ, ਜਿਸ ਦਾ ਮੁਕਾਬਲਾ ਸਿਰਫ਼ ਕੌਮੀ ਇਕਜੁੱਟਤਾ ਨਾਲ ਹੀ ਸੰਭਵ ਹੈ। ਐਡਵੋਕੇਟ ਧਾਮੀ ਨੇ ਸਮੁੱਚੀ ਕੌਮ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੈਂਬਰਾਨ ਮੋਹਨ ਸਿੰਘ ਬੰਗੀ, ਅਵਤਾਰ ਸਿੰਘ ਬਣਵਾਲਾ, ਜਗਸੀਰ ਸਿੰਘ ਮਾਂਗੇਆਣਾ, ਬਲਦੇਵ ਸਿੰਘ ਚੂੰਘਾ, ਸੁਰਜੀਤ ਸਿੰਘ ਰਾਇਪੁਰ, ਬੀਬੀ ਜੁਗਿੰਦਰ ਕੌਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸੁਖਬੀਰ ਸਿੰਘ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਵਧੀਕ ਮੈਨੇਜਰ ਗੁਰਦੇਵ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ, ਗੁਰਸੇਵਕ ਸਿੰਘ, ਗਿਆਨੀ ਗੁਰਜੰਟ ਸਿੰਘ ਵਧੀਕ ਗ੍ਰੰਥੀ, ਗਿਆਨੀ ਜਗਤਾਰ ਸਿੰਘ ਕੀਰਤਪੁਰੀ ਮੁੱਖ ਕਥਾਵਾਚਕ, ਗਿਆਨੀ ਆਲਮ ਸਿੰਘ ਕਥਾਵਾਚਕ, ਬਾਬਾ ਲਾਲ ਸਿੰਘ ਉਦਾਸੀ ਸੰਪ੍ਰਦਾਇ ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਹਾਜ਼ਰ ਸਨ।