ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਿਹਤ ਕਰਮਚਾਰੀ ਸਨਮਾਨਿਤ
ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਿਹਤ ਕਰਮਚਾਰੀ ਸਨਮਾਨਿਤ
Publish Date: Thu, 16 Apr 2026 04:30 PM (IST)
Updated Date: Thu, 16 Apr 2026 04:33 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ
ਰਾਮਪੁਰਾ ਫੂਲ : ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਸੀਐੱਚਸੀ ਬਾਲਿਆਂਵਾਲੀ ਵਿਖੇ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸ਼ੈਲੀ ਅਰੋੜਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਸਿਹਤ ਸੰਸਥਾਵਾਂ ਵਿਚ ਸੇਵਾ ਭਾਵਨਾ ਨਾਲ ਕੰਮ ਕਰਨ ਵਾਲੇ ਸਟਾਫ ਦੀ ਹੌਸਲਾ ਅਫਜ਼ਾਈ ਕਰਨਾ ਅਤੇ ਹੋਰ ਕਰਮਚਾਰੀਆਂ ਨੂੰ ਵੀ ਉੱਤਮ ਸੇਵਾਵਾਂ ਦੇਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਿਹਤ ਵਿਭਾਗ ਦੇ ਡਾਕਟਰਾਂ, ਨਰਸਿੰਗ ਸਟਾਫ, ਪੈਰਾ ਮੈਡੀਕਲ ਸਟਾਫ ਅਤੇ ਹੋਰ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਡਾ. ਸ਼ੈਲੀ ਅਰੋੜਾ ਨੇ ਆਪਣੇ ਸੰਬੋਧਨ ਦੌਰਾਨ ਵਿਸਾਖੀ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਇਹ ਤਿਉਹਾਰ ਖੁਸ਼ਹਾਲੀ, ਮਿਹਨਤ ਅਤੇ ਨਵੇਂ ਉਤਸ਼ਾਹ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਸਿਹਤ ਕਰਮਚਾਰੀ ਸਮਾਜ ਦੀ ਸੇਵਾ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਉੱਚ ਦਰਜੇ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਇਸ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕਰਮਚਾਰੀਆਂ ਨੂੰ ਮੰਚ ’ਤੇ ਸੱਦ ਕੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਣ ਵਾਲਿਆਂ ਵਿਚ ਡਾਕਟਰ, ਸਟਾਫ ਨਰਸਾਂ, ਫਾਰਮਾਸਿਸਟ, ਏਐੱਨਐੱਮ., ਮਲਟੀਪਰਪਜ਼ ਹੈਲਥ ਵਰਕਰ, ਆਸਾ ਵਰਕਰ ਅਤੇ ਗਰੁੱਪ ਡੀ ਕਰਮਚਾਰੀ ਆਦਿ ਸ਼ਾਮਲ ਸਨ। ਇਸ ਮੌਕੇ ਡਾ. ਕਮਲਜੀਤ ਸਿੰਘ, ਡਾ. ਲਵਦੀਪ ਰੋਹੇਲ (ਡੈਂਟਲ), ਜਗਤਾਰ ਸਿੰਘ ਬੀਈਈ., ਮਨਜੀਤ ਸਿੰਘ ਬੀਈਈ., ਭੁਪਿੰਦਰ ਕੌਰ ਕੰਪਿਊਟਰ ਆਪ੍ਰੇਟਰ ਅਤੇ ਸਤਪਾਲ ਸਿੰਘ ਸਮੇਤ ਹੋਰ ਹਾਜ਼ਰ ਸਨ।