ਵਧੀਆ ਸਿਹਤ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
ਵਧੀਆਂ ਸਿਹਤ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
Publish Date: Thu, 16 Apr 2026 04:41 PM (IST)
Updated Date: Thu, 16 Apr 2026 04:45 PM (IST)
ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ
ਨਥਾਣਾ : ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਵਧੀਆ ਕਾਰਗੁਜ਼ਾਰੀ ਕਰਦੇ ਹੋਏ ਲੋਕਾਂ ਨੂੰ ਗੁਣਵੱਤਾ ਯੁਕਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੁਦਾਇਕ ਸਿਹਤ ਕੇਂਦਰ ਨਥਾਣਾ ਵਿਖੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਿਹਤ ਸੰਸਥਾਵਾਂ ਵਿਚ ਸੇਵਾ ਭਾਵਨਾ ਨਾਲ ਕੰਮ ਕਰਨ ਵਾਲੇ ਸਟਾਫ਼ ਦੀ ਹੌਸਲਾ ਅਫਜ਼ਾਈ ਕਰਨਾ ਅਤੇ ਹੋਰ ਕਰਮਚਾਰੀਆਂ ਨੂੰ ਵੀ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਨਾ ਸੀ। ਸਮਾਗਮ ਵਿਚ ਸਿਹਤ ਵਿਭਾਗ ਦੇ ਡਾਕਟਰਾਂ, ਨਰਸਿੰਗ ਸਟਾਫ, ਪੈਰਾ ਮੈਡੀਕਲ ਸਟਾਫ ਅਤੇ ਹੋਰ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਐੱਸਐੱਮਓ ਨਥਾਣਾ ਡਾ. ਉਮੇਸ਼ ਗੁਪਤਾ ਨੇ ਆਪਣੇ ਸੰਬੋਧਨ ਦੌਰਾਨ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਵਿਸਾਖੀ ਖੁਸ਼ਹਾਲੀ, ਮਿਹਨਤ ਅਤੇ ਨਵੇਂ ਉਤਸ਼ਾਹ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਜਿਵੇਂ ਕਿਸਾਨ ਆਪਣੀ ਸਾਲ ਭਰ ਦੀ ਮਿਹਨਤ ਦਾ ਫਲ ਇਸ ਤਿਉਹਾਰ ’ਤੇ ਪ੍ਰਾਪਤ ਕਰਦਾ ਹੈ, ਉਸੇ ਤਰ੍ਹਾਂ ਸਿਹਤ ਵਿਭਾਗ ਦੇ ਉਹ ਕਰਮਚਾਰੀ ਜੋ ਦਿਨ-ਰਾਤ ਮਰੀਜ਼ਾਂ ਦੀ ਸੇਵਾ ਕਰਦੇ ਹਨ, ਉਹ ਵੀ ਸਨਮਾਨ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਸਿਹਤ ਕਰਮਚਾਰੀ ਸਮਾਜ ਦੀ ਸੇਵਾ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਇਸ ਸਮਾਗਮ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਸੇਵਾਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੰਚ ’ਤੇ ਸੱਦ ਕੇ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ। ਸਨਮਾਨਿਤ ਕੀਤੇ ਗਏ ਕਰਮਚਾਰੀਆਂ ਵਿਚ ਮੈਡੀਕਲ ਅਫ਼ਸਰ, ਸਟਾਫ ਨਰਸ, ਫਾਰਮਾਸਿਸਟ, ਏਐੱਨਐੱਮ., ਮਲਟੀਪਰਪਜ਼ ਹੈਲਥ ਵਰਕਰ, ਬੀਐੱਸਏ, ਸੀਐੱਚਓ, ਕੰਪਿਊਟਰ ਆਪ੍ਰੇਟਰ, ਕਲੀਨਿਕਲ ਅਸਿਸਟੈਂਟ, ਗਰੁੱਪ ਡੀ ਦੇ ਕਰਮਚਾਰੀ ਵਾਰਡ ਅਟੈਂਡੈਂਟ, ਸਫ਼ਾਈ ਸੇਵਕ, ਆਸ਼ਾ ਫ਼ੈਸਿਲੀਟੇਟਰ ਅਤੇ ਆਸ਼ਾ ਆਦਿ ਸਟਾਫ ਸ਼ਾਮਲ ਸਨ। ਜਿਨ੍ਹਾਂ ਨੇ ਆਪਣੀਆਂ ਡਿਊਟੀਆਂ ਦੌਰਾਨ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਅਤੇ ਸਿਹਤ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ।