ਤੇਜ਼ ਰਫ਼ਤਾਰ ਟਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਦੀ ਮੌਤ
ਤੇਜ਼ ਰਫ਼ਤਾਰ ਟਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ
Publish Date: Thu, 16 Apr 2026 06:34 PM (IST)
Updated Date: Thu, 16 Apr 2026 06:36 PM (IST)
ਦੀਪਕ ਸ਼ਰਮਾ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਨਥਾਣਾ ਦੇ ਨਜ਼ਦੀਕ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿਚ ਤੇਜ਼ ਰਫ਼ਤਾਰ ਟਰੈਕਟਰ ਦੀ ਟੱਕਰ ਕਾਰਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਸਮੇਂ ਮ੍ਰਿਤਕ ਦੀ ਪਤਨੀ ਵੀ ਉਸ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਸੀ, ਜਿਸ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਨਥਾਣਾ ਦੀ ਪੁਲਿਸ ਨੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਹਰਬੰਸ ਕੌਰ ਪਤਨੀ ਜਗਸੀਰ ਸਿੰਘ ਵਾਸੀ ਨਾਥਪੁਰਾ ਨੇ ਦੱਸਿਆ ਕਿ ਉਹ ਆਪਣੇ ਪਤੀ ਜਗਸੀਰ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਉਹ ਪਿੰਡ ਨਥਾਣਾ ਦੇ ਇਲਾਕੇ ਵਿਚ ਪਹੁੰਚੇ ਤਾਂ ਪਰਮਿੰਦਰ ਸਿੰਘ ਵਾਸੀ ਪਿੰਡ ਪੂਹਲੀ ਨੇ ਆਪਣੇ ਟਰੈਕਟਰ ਨੂੰ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਚਲਾਉਂਦਿਆਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਜਗਸੀਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਕਥਿਤ ਮੁਲਜ਼ਮ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਹਾਇਕ ਥਾਣੇਦਾਰ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਰਮਿੰਦਰ ਸਿੰਘ ਵਾਸੀ ਪੂਹਲੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।