ਗੁਰੂ ਹਰਗੋਬਿੰਦ ਸਕੂਲ ’ਚ ਹੋਣਹਾਰ ਵਿਦਿਆਰਥੀ ਸਨਮਾਨਿਤ
ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਹੋਇਆ
Publish Date: Sat, 18 Apr 2026 04:43 PM (IST)
Updated Date: Sun, 19 Apr 2026 04:04 AM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸੈਸ਼ਨ 2025–26 ਦੌਰਾਨ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਵਿਦਿਆਰਥੀਆਂ ਦੀ ਮਿਹਨਤ ਅਤੇ ਉਪਲਬਧੀਆਂ ਨੂੰ ਸਾਰਿਆਂ ਵੱਲੋਂ ਭਰਪੂਰ ਸਰਾਹਨਾ ਮਿਲੀ। ਸਮਾਰੋਹ ਦੌਰਾਨ ਬੈਸਟ ਸਟੂਡੈਂਟ ਅਕੈਡਮਿਕ ਐਵਾਰਡ ਤਹਿਤ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਕੰਨਸੋਲੇਸ਼ਨ ਐਵਾਰਡ, ਸਟਾਰ ਐਵਾਰਡ ਅਤੇ 100 ਫ਼ੀਸਦੀ ਹਾਜ਼ਰੀ ਐਵਾਰਡ ਵੀ ਵਿਦਿਆਰਥੀਆਂ ਨੂੰ ਦਿੱਤੇ ਗਏ। ਸਿਰਫ਼ ਵਿਦਿਆਰਥੀ ਹੀ ਨਹੀਂ, ਸਗੋਂ ਅਧਿਆਪਕਾਂ ਦੀ ਮਿਹਨਤ ਨੂੰ ਵੀ ਵਿਸ਼ੇਸ਼ ਤੌਰ ‘ਤੇ ਮਾਨਤਾ ਦਿੱਤੀ ਗਈ। ਅਧਿਆਪਕਾਂ ਨੂੰ 100 ਫ਼ੀਸਦੀ ਟੀਚਰ ਅਟੈਂਡੈਂਸ ਐਵਾਰਡ, ਬੈਸਟ ਟੀਚਰ ਐਵਾਰਡ, ਬੈਸਟ ਕੋਆਰਡੀਨੇਟਰ ਅਤੇ ਬੈਸਟ ਸਪੋਰਟਿੰਗ ਸਟਾਫ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਭੇਟ ਕੀਤੇ। ਸਕੂਲ ਦੀ ਪ੍ਰਿੰਸੀਪਲ ਮੈਡਮ ਜੋਤੀ ਸ਼ਰਮਾ ਨੇ ਸਾਰੇ ਇਨਾਮ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਹੋਰ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਣਾ ਲੈ ਕੇ ਆਪਣਾ ਪ੍ਰਦਰਸ਼ਨ ਹੋਰ ਬਿਹਤਰ ਬਣਾਉਣ ਲਈ ਉਤਸ਼ਾਹਿਤ ਕੀਤਾ। ਸਕੂਲ ਦੇ ਚੇਅਰਮੈਨ ਸੁਖਜਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਉੱਚੀਆਂ ਉਪਲੱਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਰੋਹ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਤੇ ਮਿਹਨਤ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਸਮਾਰੋਹ ਦਾ ਮਾਹੌਲ ਖੁਸ਼ੀ, ਜੋਸ਼ ਅਤੇ ਪ੍ਰੇਰਣਾ ਨਾਲ ਭਰਪੂਰ ਰਿਹਾ ਅਤੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।