ਕਿਸਾਨਾਂ ਦੀ ਮਾੜੀ ਹਾਲਤ ਲਈ ਸਰਕਾਰ ਜ਼ਿੰਮੇਵਾਰ : ਡਾ. ਗਿੱਲ
ਮੰਡੀਆਂ ਵਿਚ ਕਿਸਾਨਾਂ ਦੀ ਮਾੜੀ ਹਾਲਤ ਲਈ
Publish Date: Sun, 19 Apr 2026 04:23 PM (IST)
Updated Date: Mon, 20 Apr 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਡਾ. ਜਗਤਾਰ ਸਿੰਘ ਗਿੱਲ ਨੇ ਮੰਡੀਆਂ ਵਿਚ ਰੁਲ ਰਹੇ ਕਿਸਾਨਾਂ ਦੀ ਮਾੜੀ ਹਾਲਤ ’ਤੇ ਗੰਭੀਰ ਚਿੰਤਾ ਜਤਾਈ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ। ਡਾ. ਗਿੱਲ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਖਰੀਦ ਨਾ ਹੋਣ ਕਰਕੇ ਹਾਲਾਤ ਬਹੁਤ ਹੀ ਖਰਾਬ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਰੀਦ ਪ੍ਰਬੰਧਾਂ ਲਈ ਪੂਰੇ ਇੰਤਜ਼ਾਮ ਨਹੀਂ ਕੀਤੇ ਗਏ, ਜਿਸ ਕਾਰਨ ਕਿਸਾਨ ਪਿਛਲੇ 10 ਦਿਨਾਂ ਤੋਂ ਮੰਡੀਆਂ ਵਿੱਚ ਖੱਜਲ-ਖੁਆਰ ਹੋ ਰਹੇ ਹਨ। ਗੜੇਮਾਰੀ ਨਾਲ ਨੁਕਸਾਨੀਆਂ ਫਸਲਾਂ ਲਈ ਹਜੇ ਤੱਕ ਕਿਸੇ ਤਰ੍ਹਾਂ ਦਾ ਮੁਆਵਜ਼ਾ ਐਲਾਨ ਨਹੀਂ ਕੀਤਾ ਗਿਆ। ਬੇਮੌਸਮੀ ਮੀਂਹ ਪੈਣ ਕਾਰਨ ਖੁੱਲ੍ਹੇ ਅਸਮਾਨ ਹੇਠ ਪਈ ਫਸਲ ਨੂੰ ਵੀ ਨੁਕਸਾਨ ਦਾ ਖਤਰਾ ਬਣਿਆ ਹੋਇਆ ਹੈ, ਪਰ ਮੰਡੀਆਂ ਵਿੱਚ ਵੀ ਫਸਲ ਦੀ ਸੁਰੱਖਿਆ ਲਈ ਕੋਈ ਢੁੱਕਵੇਂ ਪ੍ਰਬੰਧ ਨਹੀਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਹਫਤੇ ਦੇ ਅੰਦਰ ਸਾਰੀ ਫਸਲ ਦੀ ਖਰੀਦ ਅਤੇ ਬਣਦਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਕਿਸਾਨ ਸਰਕਾਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ’ਤੇ ਹੋਵੇਗੀ।