ਮੁਲਾਜ਼ਮਾਂ ਨੇ ਬਿਜਲੀ ਮੰਤਰੀ ਦੀ ਫੂਕੀ ਅਰਥੀ
ਮੁਲਾਜ਼ਮਾਂ ਨੇ ਬਿਜਲੀ ਮੰਤਰੀ ਦੀ ਅਰਥੀ ਫੂਕੀ
Publish Date: Sun, 19 Apr 2026 04:58 PM (IST)
Updated Date: Mon, 20 Apr 2026 04:04 AM (IST)

ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ, ਨਥਾਣਾ : ਪਿੰਡ ਨਥਾਣਾ ਦੇ ਬਿਜਲੀ ਘਰ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਅਤੇ ਸਾਂਝੇ ਫੋਰਮ ਦੇ ਸੱਦੇ ’ਤੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਅਰਥੀ ਫੂਕੀ ਗਈ। ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਪਿਛਲੀਆਂ ਮੀਟਿੰਗਾਂ ਵਿਚ ਮੰਨੀਆਂ ਗਈਆਂ ਮੰਗਾਂ ਅਜੇ ਤਕ ਲਾਗੂ ਨਹੀਂ ਕੀਤੀਆਂ ਗਈਆਂ ਨਾਲ ਹੀ ਸਾਂਝੇ ਫੋਰਮ ਨਾਲ ਗੱਲਬਾਤ ਦੌਰਾਨ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਵੱਲੋਂ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ। ਰੋਸ ਮੁਜ਼ਾਹਰੇ ਦੌਰਾਨ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਸਾਂਝੇ ਫੋਰਮ ਨਾਲ ਤੁਰੰਤ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰੇ। ਇਸ ਮੌਕੇ ਆਗੂਆਂ ਨੇ ਕੋਟਸ਼ਮੀਰ ਸਬ ਡਿਵੀਜ਼ਨ ਦੇ ਇਕ ਮਾਮਲੇ ਦਾ ਵੀ ਜ਼ਿਕਰ ਕੀਤਾ, ਜਿਸ ਵਿਚ ਗੁਲਾਬ ਗੜ੍ਹ ਦੇ ਸਰਪੰਚ ਵੱਲੋਂ ਜੇਈ ਜੈਨ ’ਤੇ ਦਬਾਅ ਪਾ ਕੇ ਨਜਾਇਜ਼ ਕੰਮ ਕਰਵਾਉਣ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਗਿਆ। ਆਗੂਆਂ ਨੇ ਕਿਹਾ ਕਿ ਜੇਈ ਵੱਲੋਂ ਗਲਤ ਕੰਮ ਕਰਨ ਤੋਂ ਇਨਕਾਰ ਕਰਨ ’ਤੇ ਉਸ ਦੀ ਸ਼ਿਕਾਇਤ ਕੀਤੀ ਗਈ ਅਤੇ ਬਿਨਾਂ ਢੁੱਕਵੀਂ ਜਾਂਚ ਦੇ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ। ਯੂਨੀਅਨ ਨੇ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹੋਏ ਮੰਗ ਕੀਤੀ ਕਿ ਜੇਈ ਜੈਨ ਨੂੰ ਤੁਰੰਤ ਬਹਾਲ ਕਰਕੇ ਉਸੇ ਜਗ੍ਹਾ ਤਾਇਨਾਤ ਕੀਤਾ ਜਾਵੇ ਅਤੇ ਪਹਿਲਾਂ ਪੂਰੀ ਜਾਂਚ ਕੀਤੀ ਜਾਵੇ। ਇਸ ਮੌਕੇ ਡਿਵੀਜ਼ਨ ਪ੍ਰਧਾਨ ਗੁਰਪਾਲ ਸਿੰਘ, ਮੀਤ ਪ੍ਰਧਾਨ ਪਰਮਿੰਦਰ ਸਿੰਘ, ਸਕੱਤਰ ਰਜੇਸ਼ ਕੁਮਾਰ, ਸਹਾਇਕ ਸਕੱਤਰ ਉਦਮ ਸਿੰਘ, ਅਤੇ ਹੋਰ ਆਗੂ ਜਿਵੇਂ ਹਰਜਿੰਦਰ ਸਿੰਘ, ਜਸਬੀਰ ਸਿੰਘ ਆਦਿ ਵੀ ਹਾਜ਼ਰ ਰਹੇ।