ਪੰਜਾਬ ’ਚ ਕਾਂਗਰਸ ਦੀ ਬਣੇਗੀ ਅਗਲੀ ਸਰਕਾਰ : ਕੋਟਭਾਈ
2027 ਵਿਚ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣੇਗੀ: ਕੋਟਭਾਈ
Publish Date: Wed, 22 Apr 2026 03:47 PM (IST)
Updated Date: Thu, 23 Apr 2026 04:01 AM (IST)

ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ : ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਵੱਲੋਂ ਅੱਜ ਭੁੱਚੋ ਮੰਡੀ ਵਿੱਚ ਪਾਰਟੀ ਵਰਕਰਾਂ ਨਾਲ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਰਹੇ। ਮੀਟਿੰਗ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕੋਟਭਾਈ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਪੰਜਾਬ ਵਿੱਚ ਵਿਕਾਸ ਦੇ ਮਾਮਲੇ ‘ਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਪੂਰੇ ਨਹੀਂ ਹੋਏ, ਜਿਸ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ ਅਤੇ 2027 ਵਿੱਚ ਮੁੜ ਕਾਂਗਰਸ ਨੂੰ ਸੱਤਾ ਵਿਚ ਲਿਆਉਣ ਲਈ ਉਤਸੁਕ ਹਨ। ਕੋਟਭਾਈ ਨੇ ਦਾਅਵਾ ਕੀਤਾ ਕਿ ਭੁੱਚੋ ਮੰਡੀ ਵਿੱਚ ਕਾਂਗਰਸ ਦੇ ਦੌਰਾਨ ਹੋਏ ਵਿਕਾਸ ਦੇ ਨਿਸ਼ਾਨ ਹਰ ਗਲੀ ਅਤੇ ਪਾਰਕ ਵਿਚ ਵੇਖੇ ਜਾ ਸਕਦੇ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਸਮਰਥਨ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਜਿਤਾ ਕੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਇਆ ਜਾਵੇ। ਕੋਟਭਾਈ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਕਾਂਗਰਸ ਦੀ ਸਰਕਾਰ ਬਣਨ ‘ਤੇ ਪੰਜਾਬ ਵਿੱਚ ਵਿਆਪਕ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਮੀਟਿੰਗ ਦੌਰਾਨ ਹੋਰ ਕਾਂਗਰਸੀ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣਾਂ ਲਈ ਤਿਆਰੀ ਕਰਨ ਦੀ ਅਪੀਲ ਕੀਤੀ।