ਠੇਕਾ ਮੁਲਾਜ਼ਮਾਂ ਨੇ ਥਰਮਲ ਪਲਾਂਟ ਦੇ ਮੁੱਖ ਗੇਟ ’ਤੇ ਦਿੱਤਾ ਧਰਨਾ
ਠੇਕਾ ਮੁਲਾਜ਼ਮਾਂ ਨੇ ਥਰਮਲ ਪਲਾਂਟ ਦੇ ਮੁੱਖ ਗੇਟ ’ਤੇ ਦਿੱਤਾ ਧਰਨਾ
Publish Date: Wed, 22 Apr 2026 04:16 PM (IST)
Updated Date: Thu, 23 Apr 2026 04:01 AM (IST)

ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋਂ ਮੰਡੀ : ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪਲਾਂਟ ਦੇ ਮੁੱਖ ਗੇਟ ‘ਤੇ ਧਰਨਾ ਦਿੱਤਾ। ਇਸ ਮੌਕੇ ਕਮੇਟੀ ਦੇ ਆਗੂਆਂ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ, ਮੀਤ ਪ੍ਰਧਾਨ ਹਰਦੀਪ ਸਿੰਘ ਤੱਗੜ ਅਤੇ ਵਿੱਤ ਸਕੱਤਰ ਲਛਮਣ ਸਿੰਘ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਠੇਕਾ ਪ੍ਰਣਾਲੀ ਖਤਮ ਕਰਨ ਅਤੇ ਮੁਲਾਜ਼ਮਾਂ ਦੀ ਲੁੱਟ ਬੰਦ ਕਰਨ ਦੇ ਐਲਾਨਾਂ ਦੇ ਬਾਵਜੂਦ ਹਕੀਕਤ ਵਿਚ ਕੋਈ ਵੱਡਾ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਘੱਟ ਤਨਖਾਹਾਂ ‘ਤੇ ਕੰਮ ਕਰ ਰਹੇ ਆਊਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਅਜੇ ਤੱਕ ਪੱਕਾ ਕਰਨ ਲਈ ਕੋਈ ਸਪੱਸ਼ਟ ਨੀਤੀ ਨਹੀਂ ਬਣਾਈ ਗਈ। ਉਨ੍ਹਾਂ ਐਲਾਨ ਕੀਤਾ ਕਿ ਮਜ਼ਦੂਰ ਦਿਵਸ 1 ਮਈ ਨੂੰ ਸੰਗਰੂਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਮੁਲਾਜ਼ਮ ਆਗੂਆਂ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖਦਿਆਂ ਕਿਹਾ ਕਿ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ, ਠੇਕਾ ਮੁਲਾਜ਼ਮਾਂ ਨੂੰ ਤਜਰਬੇ ਅਤੇ ਸੀਨੀਅਰਿਟੀ ਦੇ ਆਧਾਰ ‘ਤੇ ਪੱਕਾ ਕੀਤਾ ਜਾਵੇ ਅਤੇ ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 ਅਤੇ ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਨੁਸਾਰ ਤਨਖਾਹਾਂ ਨਿਰਧਾਰਤ ਕੀਤੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਮੰਗ ਕੀਤੀ ਕਿ ਸੇਵਾ ਦੌਰਾਨ ਮੌਤ ਜਾਂ ਅਪਾਹਜ ਹੋਣ ਦੀ ਸਥਿਤੀ ਵਿਚ ਪਰਿਵਾਰਕ ਮੈਂਬਰ ਨੂੰ ਨੌਕਰੀ, ਪੈਨਸ਼ਨ ਅਤੇ ਮੁਆਵਜ਼ਾ ਦਿੱਤਾ ਜਾਵੇ ਅਤੇ ਸੇਵਾ ਮੁਕਤੀ ਤੋਂ ਬਾਅਦ ਪੈਨਸ਼ਨ ਅਤੇ ਗੁਜ਼ਾਰਾ ਭੱਤਾ ਵੀ ਯਕੀਨੀ ਬਣਾਇਆ ਜਾਵੇ।