ਸਖ਼ਤ ਸਜ਼ਾਵਾਂ ਨਾਲ ਬੇਅਦਬੀ ’ਤੇ ਲੱਗੇਗੀ ਰੋਕ : ਸੁਖਬੀਰ ਮਾਨ
ਸਖ਼ਤ ਸਜ਼ਾਵਾਂ ਨਾਲ ਬੇਅਦਬੀ ’ਤੇ ਲੱਗੇਗੀ ਰੋਕ: ਸੁਖਬੀਰ ਮਾਨ
Publish Date: Thu, 23 Apr 2026 03:47 PM (IST)
Updated Date: Fri, 24 Apr 2026 04:01 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ : ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੋਧੀ ਬਿੱਲ, ਜੋ ਕਿ ਕੁਝ ਦਿਨ ਪਹਿਲਾਂ ਰਾਜਪਾਲ ਪੰਜਾਬ ਵੱਲੋਂ ਦਸਤਖਤ ਹੋਣ ਉਪਰੰਤ ਕਾਨੂੰਨ ਦਾ ਰੂਪ ਧਾਰ ਚੁੱਕਾ ਹੈ, ਨੂੰ ਲੈ ਕੇ ਹਲਕਾ ਮੌੜ ਦੇ ਆਪ ਆਗੂ ਤੇ ਬਲਾਕ ਸੰਮਤੀ ਮੈਂਬਰ ਸੁਖਬੀਰ ਸਿੰਘ ਮਾਨ ਬਾਲਿਆਂਵਾਲੀ ਵੱਲੋਂ ਖੁਸ਼ੀ ਜਤਾਈ ਗਈ ਹੈ। ਸੁਖਬੀਰ ਸਿੰਘ ਮਾਨ ਨੇ ਪੰਜਾਬੀ ਜਾਗਰਣ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕਾਨੂੰਨ ਸਿੱਖ ਕੌਮ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਬਿੱਲ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਾਰੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਏਕਮਤ ਨਾਲ ਪਾਸ ਕੀਤਾ ਗਿਆ ਅਤੇ ਬਾਅਦ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਮਨਜ਼ੂਰੀ ਦੇਣ ਨਾਲ ਇਹ ਕਾਨੂੰਨ ਬਣ ਗਿਆ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕਾਨੂੰਨ ਦੀ ਤਿਆਰੀ ਅਤੇ ਰੂਪਰੇਖਾ ਤਿਆਰ ਕਰਨ ਵਿੱਚ ਕਾਨੂੰਨੀ ਸਲਾਹਕਾਰਾਂ, ਸਿੱਖ ਬੁੱਧੀਜੀਵੀਆਂ, ਧਾਰਮਿਕ ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦਾ ਵੀ ਮਹੱਤਵਪੂਰਨ ਯੋਗਦਾਨ ਰਿਹਾ ਹੈ, ਜਿਨ੍ਹਾਂ ਦੀ ਮਿਹਨਤ ਅਤੇ ਸਲਾਹ ਨਾਲ ਇਹ ਕਾਨੂੰਨ ਸੰਭਵ ਹੋ ਸਕਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਬਣਿਆ ਇਹ ਕਾਨੂੰਨ ਇਕ ਇਤਿਹਾਸਕ ਕਦਮ ਹੈ, ਜਿਸ ਨਾਲ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ’ਤੇ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਵਿਚ ਦੋਸ਼ੀਆਂ ਲਈ ਕਾਫੀ ਸਖ਼ਤ ਸਜ਼ਾਵਾਂ ਦਾ ਪ੍ਰਾਵਧਾਨ ਕੀਤਾ ਗਿਆ ਹੈ, ਜਿਸ ਨਾਲ ਕੋਈ ਵੀ ਵਿਅਕਤੀ ਐਸੀ ਹਰਕਤ ਕਰਨ ਤੋਂ ਪਹਿਲਾਂ ਸੋਚੇਗਾ। ਸੁਖਬੀਰ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਸ ਬਿੱਲ ਨੂੰ ਕਾਨੂੰਨ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਅਖੀਰ ਵਿਚ ਉਨ੍ਹਾਂ ਸਮੂਹ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਦੇ ਹੋਏ ਸਮਾਜ ਵਿਚ ਸ਼ਾਂਤੀ, ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕੀਤਾ ਜਾਵੇ।