ਮੇਰਾ ਘਰ ਮੇਰੇ ਨਾਮ ਤਹਿਤ ਦਸਤਾਵੇਜ਼ ਸੌਂਪੇ
ਪਿੰਡ ਅਮਰਗੜ੍ਹ ਵਿਖੇ ਮਲਕੀਅਤ ਕਾਰਡ ਵੰਡ ਸਮਾਰੋਹ ਕਰਵਾਇਆ
Publish Date: Thu, 23 Apr 2026 04:47 PM (IST)
Updated Date: Fri, 24 Apr 2026 04:02 AM (IST)

ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ ਗੋਨਿਆਣਾ : ਪਿਛਲੇ 78 ਸਾਲਾਂ ਤੋਂ ਲੋਕ ਲਾਲ ਲਕੀਰ ਦੇ ਅੰਦਰ ਆਉਂਦੀਆਂ ਜਾਇਦਾਦਾਂ ਦੇ ਮਲਕਾਨਾ ਹੱਕਾਂ ਲਈ ਸੰਘਰਸ਼ ਕਰ ਰਹੇ ਸਨ, ਪਰ ਕਿਸੇ ਵੀ ਸਰਕਾਰ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਮੇਰਾ ਘਰ ਮੇਰੇ ਨਾਮ” ਯੋਜਨਾ ਤਹਿਤ ਇਹ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੋਨਿਆਣਾ ਬਲਾਕ ਦੇ ਪਿੰਡ ਅਮਰਗੜ੍ਹ ਵਿਖੇ ਭੁੱਚੋ ਹਲਕੇ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕੀਤਾ। ਵਿਧਾਇਕ ਨੇ ਦੱਸਿਆ ਕਿ ਇਸ ਯੋਜਨਾ ਅਧੀਨ ਅੱਜ 252 ਪਰਿਵਾਰਾਂ ਨੂੰ ਉਨ੍ਹਾਂ ਦੇ ਮਲਕਾਨਾ ਹੱਕ ਸੌਂਪੇ ਗਏ ਹਨ, ਜਿਸ ਨਾਲ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋ ਗਈ ਹੈ। ਇਸ ਕਦਮ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਕਾਨੂੰਨੀ ਮਲਕੀਅਤ ਮਿਲੀ ਹੈ, ਜੋ ਕਿ ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਯਤਨੀਸ਼ੀਲ ਤੇ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ ਭਲਾਈ ਦੇ ਇਸ ਤਰ੍ਹਾਂ ਦੇ ਫੈਸਲੇ ਲੈਂਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਸਿਰਫ਼ ਇਕ ਯੋਜਨਾ ਨਹੀਂ, ਸਗੋਂ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਵੱਲ ਇਕ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਸਰਕਾਰ ਵੱਲੋਂ ਲਿਆਂਦਾ ਗਿਆ ਨਵਾਂ ਕਾਨੂੰਨ ਬਹੁਤ ਹੀ ਸਰਾਹਣਾਯੋਗ ਕਦਮ ਹੈ। ਇਸ ਕਾਨੂੰਨ ਦੇ ਤਹਿਤ ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿਚ ਉਮਰ ਕੈਦ ਤੱਕ ਦੀ ਸਜ਼ਾ ਅਤੇ 25 ਲੱਖ ਰੁਪਏ ਤਕ ਦਾ ਜੁਰਮਾਨਾ ਸ਼ਾਮਲ ਹੈ। ਇਸ ਤਰ੍ਹਾਂ ਦੇ ਸਖ਼ਤ ਕਾਨੂੰਨ ਨਾਲ ਨਾ ਸਿਰਫ ਧਾਰਮਿਕ ਭਾਵਨਾਵਾਂ ਦੀ ਰੱਖਿਆ ਹੋਵੇਗੀ, ਸਗੋਂ ਸਮਾਜ ਵਿਚ ਅਮਨ-ਚੈਨ ਅਤੇ ਆਪਸੀ ਸਾਂਝ ਨੂੰ ਵੀ ਮਜ਼ਬੂਤੀ ਮਿਲੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਭੀਸ਼ਮ ਪਾਂਡੇ, ਸਰਪੰਚ ਸਰਬਜੀਤ ਸਿੰਘ, ਅਮਰਿੰਦਰ ਸਿੰਘ ਪਟਵਾਰੀ, ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਆਦਿ ਹਾਜ਼ਰ ਸਨ।