ਸੜਕ ਹਾਦਸੇ ’ਚ ਇਕ ਦੀ ਮੌਤ, ਦੋ ਜ਼ਖ਼ਮੀ
ਸੜਕ ਹਾਦਸੇ ਵਿਚ ਇਕ ਦੀ ਮੌਤ, ਦੋ ਜ਼ਖ਼ਮੀ, ਮਾਮਲਾ ਦਰਜ
Publish Date: Fri, 24 Apr 2026 05:24 PM (IST)
Updated Date: Sat, 25 Apr 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਵਿਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਤੇਜ਼ ਰਫ਼ਤਾਰ ਵਾਹਨਾਂ ਦੀ ਲਪੇਟ ਵਿਚ ਆਉਣ ਕਾਰਨ ਬਾਈਕ ਸਵਾਰ ਇਕ ਨੌਜਵਾਨ ਦੀ ਮੌਤ ਹੋਣ ਅਤੇ ਸਕੂਟਰ ਸਵਾਰ ਮਾਂ ਧੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੋਵਾਂ ਮਾਮਲਿਆਂ ਵਿਚ ਸਬੰਧਤ ਥਾਣਿਆਂ ਦੀ ਪੁਲਿਸ ਨੇ ਵੱਖ-ਵੱਖ ਵਾਹਨ ਚਾਲਕਾਂ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸੰਗਤ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਜਗਸੀਰ ਸਿੰਘ ਵਾਸੀ ਪਿੰਡ ਫੱਲੜ ਨੇ ਦੱਸਿਆ ਕਿ 14 ਅਪ੍ਰੈਲ ਨੂੰ ਉਸ ਦਾ ਲੜਕਾ ਮਨਪ੍ਰੀਤ ਸਿੰਘ ਬਾਈਕ ’ਤੇ ਸਵਾਰ ਹੋ ਕੇ ਪਿੰਡ ਗੁਰੂਸਰ ਸੈਣੇਵਾਲਾ ਕੋਲ ਜਾ ਰਿਹਾ ਸੀ। ਇਸ ਦੌਰਾਨ ਇਕ ਟਰੱਕ ਚਾਲਕ ਨੇ ਲਾਪ੍ਰਰਵਾਹੀ ਵਰਤਦਿਆਂ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਪੀੜਤ ਅਨੁਸਾਰ ਲੰਘੀ 23 ਅਪ੍ਰੈਲ ਨੂੰ ਮਨਪ੍ਰੀਤ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਦਮ ਤੋੜ ਦਿੱਤਾ। ਮਾਮਲੇ ਦੀ ਪੜਤਾਲ ਕਰ ਰਹੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਪੀੜਤ ਵਿਅਕਤੀ ਦੀ ਸ਼ਿਕਾਇਤ ’ਤੇ ਅਣਪਛਾਤੇ ਚਾਲਕ ਖਿਲਾਫ ਕੇਸ ਦਰਜ ਕੀਤਾ।
ਇਕ ਹੋਰ ਮਾਮਲੇ ਵਿਚ ਥਾਣਾ ਕੈਨਾਲ ਕਲੋਨੀ ਪੁਲਿਸ ਨੂੰ ਦਰਜ ਕਰਵਾਹੇ ਬਿਆਨਾਂ ਵਿਚ ਮੱਖਣ ਸਿੰਘ ਵਾਸੀ ਭਾਈ ਮਤੀ ਦਾਸ ਨਗਰ ਨੇ ਦੱਸਿਆ ਕਿ ਲੰਘੀ 19 ਅਪ੍ਰੈਲ ਨੂੰ ਉਸ ਦੀ ਧੀ ਤੇ ਪਤਨੀ ਸਕੂਟਰ ’ਤੇ ਸਵਾਰ ਹੋ ਕੇ ਮਾਨਸਾ ਰੋਡ ’ਤੇ ਜਾ ਰਹੀਆਂ ਸਨ। ਇਸ ਦੌਰਾਨ ਸਕਾਰਪੀਓ ਸਵਾਰ ਨਵਦੀਪ ਸਿੰਘ ਵਾਸੀ ਭੁੱਚੋ ਕੈਂਚੀਆਂ ਨੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਪਤਨੀ ਅਤੇ ਧੀ ਜ਼ਖਮੀ ਹੋ ਗਈਆਂ। ਇਸ ਸਬੰਧੀ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ ਹੈ। ਪ੍ਰੰਤੂ ਮੁਲਜ਼ਮ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ।