ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਫੂਕ ਕੱਢ ਰਿਹੈ ਰਾਮਪੁਰਾ ਦਾ ਐੱਸਐੱਚਓ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਫੂਕ ਕੱਢ ਰਿਹਾ ਰਾਮਪੁਰਾ ਸ਼ਹਿਰੀ ਦਾ ਐਸਐਚਓ
Publish Date: Fri, 24 Apr 2026 06:47 PM (IST)
Updated Date: Sat, 25 Apr 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦਾਅਵਿਆਂ ਦੇ ਉਲਟ ਰਾਮਪੁਰਾ ਫੂਲ ਵਿਚ ਪੁਲਿਸ ਦੇ ਰਵੱਈਏ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਦੋਸ਼ ਹੈ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪੱਤਰਕਾਰ ਨੂੰ ਹੀ ਝੂਠੇ ਮਾਮਲੇ ਵਿਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਇਕ ਅਖਬਾਰ ਨਾਲ ਸਬੰਧਤ ਪੱਤਰਕਾਰ ਅਤੇ ਮੌਜੂਦਾ ਕੌਂਸਲਰ ਸੂਰਜ ਰਾਜੋਰਾ ਨੂੰ ਵਾਰਡ ਨੰਬਰ 6 ਗਾਂਧੀ ਨਗਰ ਦੇ ਨਿਵਾਸੀਆਂ ਵੱਲੋਂ ਸੱਦਾ ਦਿੱਤਾ ਗਿਆ ਸੀ, ਜਿੱਥੇ ਨਸ਼ਿਆਂ ਦੀ ਖੁੱਲ੍ਹੀ ਵਿਕਰੀ ਅਤੇ ਨਸ਼ੇੜੀਆਂ ਦੀ ਭਰਮਾਰ ਬਾਰੇ ਸ਼ਿਕਾਇਤ ਕੀਤੀ ਗਈ। ਰਾਜੋਰਾ ਨੇ ਦੱਸਿਆ ਕਿ ਇਸ ਸਬੰਧੀ ਉਹ ਪਹਿਲਾਂ ਵੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਚੁੱਕੇ ਹਨ, ਪਰ ਕੋਈ ਕਾਰਵਾਈ ਨਹੀਂ ਹੋਈ।
ਇਸ ਦੌਰਾਨ ਉਨ੍ਹਾਂ ਵੱਲੋਂ ਮੌਕੇ ’ਤੇ ਨਸ਼ੇੜੀਆਂ ਦੀ ਲਾਈਵ ਵੀਡੀਓ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਚਲਾਈ ਗਈ। ਦੋਸ਼ ਹੈ ਕਿ ਵੀਡੀਓ ਦੌਰਾਨ ਹੀ ਥਾਣਾ ਸ਼ਹਿਰੀ ਦੇ ਐਸਐਚਓ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਵੀਡੀਓ ਹਟਾਉਣ ਲਈ ਦਬਾਅ ਬਣਾਇਆ। ਇਨਕਾਰ ਕਰਨ ’ਤੇ ਐਸਐਚਓ ਵੱਲੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ ਗਈ ਅਤੇ ਝੂਠੇ ਪਰਚੇ ਵਿਚ ਫਸਾਉਣ ਦੀ ਧਮਕੀ ਦਿੱਤੀ ਗਈ। ਪੱਤਰਕਾਰ ਰਾਜੋਰਾ ਨੇ ਇਸ ਘਟਨਾ ਨੂੰ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਦੱਸਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਭੇਜੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਅਤੇ ਸਬੰਧਤ ਥਾਣਾ ਮੁਖੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਘਟਨਾ ਤੋਂ ਬਾਅਦ ਪੱਤਰਕਾਰ ਭਾਈਚਾਰੇ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸ਼ਹਿਰ ਦੇ ਵੱਖ-ਵੱਖ ਪੱਤਰਕਾਰਾਂ, ਸਮਾਜਿਕ ਸੰਸਥਾਵਾਂ ਅਤੇ ਨਾਗਰਿਕਾਂ ਵੱਲੋਂ ਮੀਟਿੰਗ ਕਰਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਜੌੜਾ ਅਤੇ ਜ਼ਿਲ੍ਹਾ ਸਕੱਤਰ ਕੁਲਦੀਪ ਮਤਵਾਲਾ ਨੇ ਪੁਲਿਸ ਦੇ ਰਵੱਈਏ ਦੀ ਕੜੀ ਨਿਖੇਧੀ ਕਰਦਿਆਂ ਰਾਮਪੁਰਾ ਫੂਲ ਦੇ ਪੱਤਰਕਾਰਾਂ ਦੇ ਫੈਸਲੇ ਨੂੰ ਪੂਰਾ ਸਮਰਥਨ ਦਿੱਤਾ। ਇਸ ਮਾਮਲੇ ਸਬੰਧੀ ਜਦੋਂ ਐਸਐਸਪੀ ਬਠਿੰਡਾ ਜਯੋਤੀ ਯਾਦਵ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਧਿਆਨ ਵਿਚ ਆ ਗਿਆ ਹੈ ਅਤੇ ਉਨ੍ਹਾਂ ਨੇ ਡੀਐਸਪੀ ਫੂਲ ਦੀ ਡਿਊਟੀ ਲਾ ਦਿੱਤੀ ਹੈ ਤੇ ਉਹ ਮਾਮਲੇ ਦੀ ਜਾਂਚ ਕਰ ਕੇ ਕਾਰਵਾਈ ਕਰਨਗੇ।