ਸਤਿਕਾਰ (ਸੋਧ) ਕਾਨੂੰਨ 2026 ਲਾਗੂ ਹੋਣ ’ਤੇ ਪਾਏ ਪਾਠ ਦੇ ਭੋਗ
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਲਾਗੂ ਹੋਣ ਦੀ ਖੁਸ਼ੀ ’ਚ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਕਰਵਾਏ
Publish Date: Tue, 28 Apr 2026 08:52 PM (IST)
Updated Date: Wed, 29 Apr 2026 04:19 AM (IST)
ਜਸਪਾਲ ਪਾਲੀ, ਪੰਜਾਬੀ ਜਾਗਰਣ, ਮਰਾਜ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਕੀਤੇ ਜਾਣ ਦੀ ਖੁਸ਼ੀ 'ਚ ਪਿੰਡ ਮਹਿਰਾਜ ਗੁਰਦੁਆਰਾ ਫਲਾਹੀਆਂ ਵਾਲਾ ਸਾਹਿਬ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਜਤਿੰਦਰ ਸਿੰਘ ਭੱਲਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਠਿੰਡਾ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਅਰਦਾਸ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਜਤਿੰਦਰ ਸਿੰਘ ਭੱਲਾ ਵੱਲੋਂ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਫੈਸਲਾਕੁੰਨ ਕਦਮ ਤਹਿਤ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਹੈ, ਜਿਸ ਨਾਲ ਬੇਅਦਬੀ ਨਾਲ ਨਜਿੱਠਣ ਲਈ ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿੱਚੋਂ ਇਕ ਬਣਾਇਆ ਗਿਆ ਹੈ।
ਇਸ ਮੌਕੇ ਹਲਕਾ ਵਿਧਾਇਕ ਸਿੱਧੂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਕਰਕੇ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਤੇ 25 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਹੈ, ਜਿਸ ਕਾਰਨ ਹੁਣ ਕੋਈ ਬੇਅਦਬੀ ਦੀ ਹਿੰਮਤ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਜਾਂਚ ਕਰਵਾਉਣ ਸਮੇਤ ਦੋਸ਼ੀਆਂ ਨੂੰ ਕੋਈ ਜ਼ਮਾਨਤ ਨਾ ਦੇਣਾ ਅਤੇ 20 ਲੱਖ ਰੁਪਏ ਤਕ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਹੈ। ਪਿਛਲੇ ਸਮੇਂ ਦੌਰਾਨ ਇਹ ਸਾਹਮਣੇ ਆਇਆ ਸੀ ਕਿ ਜਦੋਂ ਕੋਈ ਬੇਅਦਬੀ ਹੁੰਦੀ ਸੀ ਤਾਂ ਦੋਸ਼ੀਆਂ ਬਾਰੇ ਇਹ ਕਹਿ ਦਿੱਤਾ ਜਾਂਦਾ ਸੀ ਕਿ ਉਹ ਮੰਦਬੁਧੀ ਹੈ ਜਾਂ ਮਾਨਸਿਕ ਰੋਗੀ ਹੈ ਪ੍ਰੰਤੂ ਹੁਣ ਇਸ ਤਰ੍ਹਾਂ ਦੇ ਮਾਮਲੇ ਵਿਚ ਉਸ ਵਿਅਕਤੀ ਦੇ ਸਰਪ੍ਰਸਤ ਤੇ ਪਰਿਵਾਰ ਨੂੰ ਵੀ ਬਰਾਬਰ ਦੋਸ਼ੀ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਸੰਸਾਰ, ਦੇਸ਼ ਭਰ ਸਮੇਤ ਪੰਜਾਬ ਅੰਦਰ ਸਿੱਖ ਸੰਗਤ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ।