ਪ੍ਰੋ. ਰੁਪਿੰਦਰ ਕੌਰ ਰੂਬੀ ਮੈਂਬਰ ਨਿਯੁਕਤ
ਪ੍ਰੋ. ਰੁਪਿੰਦਰ ਕੌਰ ਰੂਬੀ ਪੰਜਾਬ ਕਾਂਗਰਸ ਦੇ ਐਸਸੀ ਡਿਪਾਰਟਮੈਂਟ ਦੀ ਸਟੇਟ ਐਡਵਾਈਜ਼ਰੀ ਕੌਂਸਲ ਦੇ ਮੈਂਬਰ ਨਿਯੁਕਤ
Publish Date: Thu, 07 May 2026 07:12 PM (IST)
Updated Date: Thu, 07 May 2026 07:14 PM (IST)

ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਸਾਬਕਾ ਵਿਧਾਇਕ ਪ੍ਰੋ. ਰੁਪਿੰਦਰ ਕੌਰ ਰੂਬੀ ਨੂੰ ਆਲ ਇੰਡੀਆ ਕਾਂਗਰਸ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਐੱਸਸੀ ਡਿਪਾਰਟਮੈਂਟ ਦੀ ਸਟੇਟ ਐਡਵਾਈਜ਼ਰੀ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਉਨ੍ਹਾਂ ਦੀ ਲੰਬੇ ਸਮੇਂ ਦੀ ਰਾਜਨੀਤਿਕ ਸੇਵਾ ਅਤੇ ਪਾਰਟੀ ਪ੍ਰਤੀ ਨਿਸ਼ਠਾ ਦੀ ਕਦਰ ਵਜੋਂ ਦੇਖਿਆ ਜਾ ਰਿਹਾ ਹੈ। ਪ੍ਰੋ. ਰੁਪਿੰਦਰ ਕੌਰ ਰੂਬੀ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਹਨ ਅਤੇ ਉਨ੍ਹਾਂ ਨੇ ਜ਼ਮੀਨੀ ਪੱਧਰ ’ਤੇ ਰਹਿੰਦੇ ਹੋਏ ਲੋਕਾਂ ਦੇ ਮਸਲਿਆਂ ਨੂੰ ਹਮੇਸ਼ਾ ਪ੍ਰਮੁੱਖਤਾ ਨਾਲ ਉਠਾਇਆ ਹੈ। ਖਾਸ ਤੌਰ ’ਤੇ ਐੱਸਸੀ ਅਤੇ ਪੱਛੜੇ ਵਰਗਾਂ ਨਾਲ ਸਬੰਧਿਤ ਮੁੱਦਿਆਂ ’ਤੇ ਉਨ੍ਹਾਂ ਦੀ ਸਰਗਰਮੀ ਨੂੰ ਪਾਰਟੀ ਅੰਦਰ ਵੀ ਖਾਸ ਤੌਰ ’ਤੇ ਮਾਨਤਾ ਮਿਲੀ ਹੈ। ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪ੍ਰੋ. ਰੂਬੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਕੀਤਾ ਗਿਆ ਵਿਸ਼ਵਾਸ ਉਨ੍ਹਾਂ ਲਈ ਮਾਣ ਅਤੇ ਜ਼ਿੰਮੇਵਾਰੀ ਦੋਵੇਂ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਉਣਗੀਆਂ। ਇਸ ਮੌਕੇ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਆਲ ਇੰਡੀਆ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਨੈਸ਼ਨਲ ਕੋਆਰਡੀਨੇਟਰ ਕੇ ਰਾਜੂ, ਆਲ ਇੰਡੀਆ ਐੱਸਸੀ ਡਿਪਾਰਟਮੈਂਟ ਦੇ ਚੇਅਰਮੈਨ ਰਜਿੰਦਰ ਪਾਲ ਗੌਤਮ, ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਪੰਜਾਬ ਐੱਸਸੀ ਡਿਪਾਰਟਮੈਂਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੀ ਪੱਖੋ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਕਾਂਗਰਸ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਪ੍ਰੋ. ਰੁਪਿੰਦਰ ਕੌਰ ਰੂਬੀ ਵਰਗੀਆਂ ਮਿਹਨਤੀ ਅਤੇ ਜ਼ਮੀਨੀ ਲੀਡਰਾਂ ਨੂੰ ਅੱਗੇ ਲਿਆਉਣ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ।