ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਚੋਣ ਅਗਲੇ ਹੁਕਮਾਂ ਤਕ ਮੁਲਤਵੀ
ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਚੋਣ ਅਗਲੇ ਹੁਕਮਾਂ ਤਕ ਮੁਲਤਵੀ
Publish Date: Thu, 14 May 2026 04:14 PM (IST)
Updated Date: Thu, 14 May 2026 04:15 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵੀਰਵਾਰ ਨੂੰ ਹੋਣ ਵਾਲੀ ਚੋਣ ਨੂੰ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 14 ਦਸੰਬਰ ਨੂੰ ਸੂਬੇ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰ ਚੁਣਨ ਲਈ ਵੋਟਾਂ ਪਈਆਂ ਸਨ, ਜਿਸ ਦੇ ਨਤੀਜਿਆਂ ਦਾ ਐਲਾਨ 17 ਦਸੰਬਰ 2025 ਨੂੰ ਕੀਤਾ ਗਿਆ ਸੀ। ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਨਤੀਜਿਆਂ ਤੋਂ ਬਾਅਦ ਸਿਆਸੀ ਸਰਗਰਮੀਆਂ ਕਾਫੀ ਤੇਜ਼ ਹੋ ਗਈਆਂ ਸਨ ਅਤੇ ਤੁਰੰਤ ਹੀ ਚੇਅਰਮੈਨ ਦੀ ਦੌੜ ਵਿੱਚ ਕਈ ਨਾਮ ਸਾਹਮਣੇ ਆਉਣ ਲੱਗ ਪਏ ਸਨ। ਬੁੱਧਵਾਰ ਪੰਜਾਬ ਸਰਕਾਰ ਨੇ ਚੇਅਰਮੈਨਾਂ ਦੀ ਚੋਣ ਲਈ ਨੋਟੀਫੀਕੇਸ਼ਨ ਜਾਰੀ ਕੀਤਾ ਸੀ। ਇਸ ਤੋਂ ਬਾਅਦ ਕਈ ਪਾਰਟੀਆਂ ਵੱਲੋਂ ਅੰਕੜਿਆਂ ਦਾ ਹਿਸਾਬ ਕਿਤਾਬ ਲਾਇਆ ਜਾ ਰਿਹਾ ਹੈ ਤਾਂ ਜੋ ਚੇਅਰਮੈਨ ਦੀ ਕੁਰਸੀ ’ਤੇ ਆਪਣਾ ਕਬਜ਼ਾ ਬਣਾਇਆ ਜਾ ਸਕੇ। ਬਠਿੰਡਾ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 17 ਜ਼ੋਨਾਂ ਵਿਚ 13 ’ਤੇ ਸ਼੍ਰੋਮਣੀ ਅਕਾਲੀ ਦਲ ਨੇ ਜਿੱਤ ਹਾਸਲ ਕੀਤੀ ਸੀ, ਜਦੋਂਕਿ ਚਾਰ ਜ਼ੋਨਾਂ ਵਿਚ ਆਪ ਦੇ ਉਮੀਦਵਾਰ ਜੇਤੂ ਰਹੇ ਸਨ। ਚੇਅਰਮੈਨ ਦੀ ਨਿਯੁਕਤੀ ਨਾ ਹੋਣ ਕਾਰਨ ਜ਼ਿਲ੍ਹਾ ਪ੍ਰੀਸ਼ਦ ਨਾਲ ਜੁੜੇ ਕਈ ਵਿਕਾਸ ਕਾਰਜ ਲਟਕੇ ਹੋਏ ਹਨ। ਬਿਨਾਂ ਚੇਅਰਮੈਨ ਦੇ ਪ੍ਰਸ਼ਾਸਨਿਕ ਫੈਸਲੇ ਲੈਣ ਵਿੱਚ ਦੇਰੀ ਹੋ ਰਹੀ ਹੈ, ਜਿਸ ਦਾ ਸਿੱਧਾ ਅਸਰ ਪਿੰਡ ਪੱਧਰ ਦੇ ਵਿਕਾਸ ਕੰਮਾਂ ’ਤੇ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਐਸਸੀ ਪੁਰਸ਼ ਲਈ ਰਾਖਵੀਂ ਰੱਖੀ ਗਈ ਹੈ ਜਦੋਂ ਕਿ ਵਾਈਸ ਚੇਅਰਮੈਨ ਜਨਰਲ ਵਰਗ ਦੀ ਔਰਤ ਲਈ ਰਾਖਵੀਂ ਹੈ। ਹੁਣ ਲੱਗ ਰਿਹਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਬਾਅਦ ਹੀ ਹੋਵੇਗੀ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਇਨ੍ਹਾਂ ਚੋਣਾਂ ਵਿਚ ਰੁੱਝੇ ਹੋਏ ਹਨ।