ਨਿਗਮ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਚੌਂਕਸ, ਨਸ਼ਾ ਤਸਕਰਾਂ ਤੇ ਅਪਰਾਧੀਆਂ ਖ਼ਿਲਾਫ਼ ਮੁਹਿੰਮ

ਦੀਪਕ ਸ਼ਰਮਾ, ਪੰਜਾਬੀ ਜਾਗਰਣ
ਬਠਿੰਡਾ : ਨਗਰ ਨਿਗਮ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਬਠਿੰਡਾ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਚੋਣ ਅਮਲ ਦੌਰਾਨ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣ, ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਅਤੇ ਗੰਭੀਰ ਅਪਰਾਧਿਕ ਮਾਮਲਿਆਂ ਦੀ ਪੜਤਾਲ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਐੱਸਐੱਸਪੀ ਡਾ. ਜਯੋਤੀ ਯਾਦਵ ਵੱਲੋਂ ਜ਼ਿਲ੍ਹੇ ਦੇ ਸਮੂਹ ਜੀਓਜ਼, ਐੱਸਐੱਚਓਜ਼ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ। ਇਸ ਉੱਚ ਪੱਧਰੀ ਬੈਠਕ ਦੌਰਾਨ ਸਮੂਹ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧ ਪੁਖ਼ਤਾ ਕਰਨ ਅਤੇ ਹਰ ਪੱਧਰ 'ਤੇ ਚੌਕਸੀ ਵਧਾਉਣ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਇਸ ਵਿਸ਼ੇਸ਼ ਮੀਟਿੰਗ ਦਾ ਮੁੱਖ ਕੇਂਦਰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਨਾਲ ਲਾਗੂ ਕਰਨਾ ਰਿਹਾ।
ਐੱਸਐੱਸਪੀ ਨੇ ਸਪੱਸ਼ਟ ਲਫ਼ਜ਼ਾਂ ਵਿੱਚ ਆਖਿਆ ਕਿ ਜ਼ਿਲ੍ਹੇ ਅੰਦਰ ਸਰਗਰਮ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਚੋਣਾਂ ਦੇ ਮਾਹੌਲ ਵਿੱਚ ਖ਼ਲਲ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਲੋਕਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇ। ਇਸ ਦੇ ਨਾਲ ਹੀ ਪਹਿਲਾਂ ਤੋਂ ਲੰਬਿਤ ਪਏ ਅਪਰਾਧਿਕ ਮਾਮਲਿਆਂ ਦੀ ਤਫ਼ਤੀਸ਼ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਨਿਪਟਾਉਣ ਅਤੇ ਅਪਰਾਧੀਆਂ ਵਿਰੁੱਧ ਤੁਰੰਤ ਕਾਨੂੰਨੀ ਸ਼ਿਕੰਜਾ ਕੱਸਣ ਦੀ ਹਦਾਇਤ ਕੀਤੀ ਗਈ। ਬੈਠਕ ਦੌਰਾਨ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੀ ਸੁਰੱਖਿਆ ਰਣਨੀਤੀ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਹੋਈ, ਜਿਸ ਵਿੱਚ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਗਸ਼ਤ ਵਧਾਉਣ, ਸ਼ੱਕੀ ਲੋਕਾਂ ਦੀ ਹਰ ਹਰਕਤ 'ਤੇ ਨਿਗਾਹ ਰੱਖਣ ਅਤੇ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ ਗਿਆ। ਪੁਲਿਸ ਪ੍ਰਸ਼ਾਸਨ ਨੇ ਸਾਫ਼ ਕਰ ਦਿੱਤਾ ਹੈ ਕਿ ਚੋਣਾਂ ਦੇ ਇਸ ਦੌਰ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ। ਜ਼ਿਲ੍ਹਾ ਮੁਖੀ ਨੇ ਥਾਣਾ ਮੁਖੀਆਂ ਨੂੰ ਆਪਸੀ ਤਾਲਮੇਲ ਬਿਹਤਰ ਬਣਾਉਣ ਅਤੇ ਆਪਣੀਆਂ ਖੁਫ਼ੀਆ ਤੰਤਰ ਦੀਆਂ ਟੀਮਾਂ ਨੂੰ ਪੂਰੀ ਤਰ੍ਹਾਂ ਸਰਗਰਮ ਕਰਨ ਲਈ ਵੀ ਆਖਿਆ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਚੋਣਾਂ ਦੌਰਾਨ ਸੋਸ਼ਲ ਮੀਡੀਆ 'ਤੇ ਫੈਲਣ ਵਾਲੀਆਂ ਅਫ਼ਵਾਹਾਂ ਅਤੇ ਭੜਕਾਊ ਪੋਸਟਾਂ 'ਤੇ ਸਾਈਬਰ ਸੈੱਲ ਦੀਆਂ ਟੀਮਾਂ ਰਾਹੀਂ ਤਿੱਖੀ ਨਿਗਰਾਨੀ ਰੱਖੀ ਜਾਵੇ।
ਮੀਟਿੰਗ ਵਿੱਚ ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਕੀਤੀ ਗਈ ਕਿ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਦੇ ਖ਼ਿਲਾਫ਼ ਵਿੱਢੀ ਗਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਪੁਲਿਸ ਮੁਲਾਜ਼ਮਾਂ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਲਗਾਤਾਰ ਸਰਚ ਅਪਰੇਸ਼ਨ ਚਲਾਉਣ, ਸ਼ੱਕੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਅਤੇ ਅਪਰਾਧੀਆਂ ਦੀ ਫੜ੍ਹੋ-ਫੜ੍ਹੀ ਤੇਜ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਜ਼ਿਲ੍ਹੇ ਅੰਦਰ ਅਮਨ-ਅਮਾਨ ਨਾਲ ਅਤੇ ਨਿਰਪੱਖ ਤਰੀਕੇ ਨਾਲ ਚੋਣਾਂ ਕਰਵਾਉਣਾ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੈ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਆਮ ਲੋਕਾਂ ਦੇ ਮਨਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਅਪਰਾਧ ਮੁਕਤ ਮਾਹੌਲ ਸਿਰਜਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਆਸ-ਪਾਸ ਕੋਈ ਵੀ ਸ਼ੱਕੀ ਹਰਕਤ ਜਾਂ ਕਾਨੂੰਨ ਵਿਵਸਥਾ ਨੂੰ ਢਾਹ ਲਾਉਣ ਵਾਲੀ ਸਰਗਰਮੀ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ।