ਸਿਆਸੀ ਪਾਰਟੀਆਂ ਦੇ ਚੋਣ ਪ੍ਰਚਾਰ ’ਚ ਸਥਾਨਕ ਮੁੱਦੇ ਗਾਇਬ

-ਨਿਗਮ ਚੋਣਾਂ : ਆਖ਼ਰੀ ਪੜਾਅ ’ਚ ਪੁੱਜੇ ਚੋਣ ਪ੍ਰਚਾਰ ਦੌਰਾਨ ਪਾਰਟੀਆਂ ਦੇ ਉਮੀਦਵਾਰ ਇਕ-ਦੂਜੇ ਦੀਆਂ ਦੱਸ ਰਹੇ ਕਮੀਆਂ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਨਗਰ ਨਿਗਮ ਚੋਣਾਂ ਹੁਣ ਆਪਣੇ ਆਖ਼ਰੀ ਪੜਾਅ ਵਿੱਚ ਦਾਖ਼ਲ ਹੋ ਚੁੱਕੀਆਂ ਹਨ। ਵੋਟਿੰਗ ਦੀ ਤਾਰੀਖ ਨੇੜੇ ਆਉਂਦੇ ਹੀ ਸ਼ਹਿਰ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਵਾਰ ਚੋਣ ਮੈਦਾਨ ਵਿੱਚ ਚਾਰ ਮੁੱਖ ਰਾਜਨੀਤਿਕ ਪਾਰਟੀਆਂ ਆਹਮਣੇ-ਸਾਹਮਣੇ ਹਨ ਅਤੇ ਹਰ ਪਾਰਟੀ ਵੋਟਰਾਂ ਨੂੰ ਆਪਣੇ ਹੱਕ ਵਿੱਚ ਕਰਨ ਲਈ ਪੂਰਾ ਜ਼ੋਰ ਲਾ ਰਹੀ ਹੈ। ਭਾਵੇਂ ਪਾਰਟੀਆਂ ਵਿਕਾਸ ਕਾਰਜਾਂ ਅਤੇ ਸਥਾਨਕ ਸਮੱਸਿਆਵਾਂ ਦੇ ਹੱਲ ਦੇ ਦਾਅਵੇ ਕਰ ਰਹੀਆਂ ਹਨ, ਪਰ ਚੋਣ ਪ੍ਰਚਾਰ ਦੌਰਾਨ ਇਕ ਦੂਜੇ ‘ਤੇ ਦੋਸ਼ ਦੀ ਰਾਜਨੀਤੀ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ। ਉਮੀਦਵਾਰ ਆਪਣੇ ਕੰਮ ਗਿਣਾਉਣ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਦੀਆਂ ਨਾਕਾਮੀਆਂ ਅਤੇ ਕਮਜ਼ੋਰੀਆਂ ਨੂੰ ਵੀ ਮੁੱਖ ਚੋਣਾਵੀ ਮੁੱਦਾ ਬਣਾ ਕੇ ਲੋਕਾਂ ਤੋਂ ਸਮਰਥਨ ਮੰਗ ਰਹੇ ਹਨ। ਚੋਣ ਪ੍ਰਚਾਰ ਦੌਰਾਨ ਵਾਰਡਾਂ ਵਿੱਚ ਜਨ ਸਭਾਵਾਂ, ਨੁੱਕੜ ਮੀਟਿੰਗਾਂ ਅਤੇ ਘਰ-ਘਰ ਜਾ ਕੇ ਪ੍ਰਚਾਰ ਕਰਨ ਦਾ ਦੌਰ ਤੇਜ਼ ਹੋ ਗਿਆ ਹੈ। ਸ਼ਹਿਰ ਵਿੱਚ ਟੁੱਟੀਆਂ ਸੜਕਾਂ, ਸੀਵਰੇਜ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਦੀ ਕਮੀ ਅਤੇ ਸਟਰੀਟ ਲਾਈਟਾਂ ਵਰਗੀਆਂ ਮੁੱਖ ਸਮੱਸਿਆਵਾਂ ਮੌਜੂਦ ਹਨ, ਪਰ ਇਨ੍ਹਾਂ ਮੁੱਦਿਆਂ ਨੂੰ ਕੋਈ ਵੀ ਪਾਰਟੀ ਜ਼ੋਰ ਸ਼ੋਰ ਨਾਲ ਨਹੀਂ ਉਠਾ ਰਹੀ, ਜਿਸ ਕਾਰਨ ਲੋਕਾਂ ਨਾਲ ਜੁੜੇ ਇਹ ਮੁੱਦੇ ਚਣਾਈ ਸ਼ੋਰ ਗੁਆਚਦੇ ਨਜ਼ਰ ਆ ਰਹੇ ਹਨ। ਵੋਟਰਾਂ ਵਿੱਚ ਵੀ ਚੋਣਾਂ ਨੂੰ ਲੈ ਕੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਕੁਝ ਲੋਕ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਦੀ ਗੱਲ ਕਰ ਰਹੇ ਹਨ, ਜਦਕਿ ਕਈ ਵੋਟਰ ਸਥਾਨਕ ਸਮੱਸਿਆਵਾਂ ਦੇ ਹੱਲ ਅਤੇ ਇਮਾਨਦਾਰ ਅਤੇ ਭ੍ਰਿਸ਼ਟਾਚਾਰ ਪ੍ਰਸਾਸਨ ਦੀ ਗੱਲ ਕਰ ਹਨ। ਹਾਲਾਕਿ ਆਮ ਆਦਮੀ ਪਾਰਟੀ ਦੇ ਸਾਬਕਾ ਮੇਅਰ ਪਦਮਜੀਤ ਮਹਿਤਾ ਜਰੂਰ ਆਪਣੇ ਇਕ ਸਾਲ ਦੇ ਕਾਰਜ਼ਕਾਲ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ। ਉਹ ਵਿਕਾਸ ਦੇ ਨਾਮ ’ਤੇ ਵੋਟ ਮੰਗ ਰਹੇ ਹਨ।
ਬਾਕਸ
‘ਆਪ’ ਵਿਕਾਸ ਕਾਰਜਾਂ ਨੂੰ ਬਣਾ ਰਹੀ ਮੁੱਖ ਹਥਿਆਰ
ਆਮ ਆਦਮੀ ਪਾਰਟੀ ਦੇ ਜ਼ਿਆਦਾਤਰ ਉਮੀਦਵਾਰ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਲੋਕਾਂ ਸਾਹਮਣੇ ਰੱਖ ਰਹੇ ਹਨ। ਚੋਣ ਪ੍ਰਚਾਰ ਦੌਰਾਨ ਸੜਕਾਂ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪਿਛਲੀਆਂ ਸਰਕਾਰਾਂ ਦੌਰਾਨ ਹੋਏ ਕਥਿਤ ਭ੍ਰਿਸ਼ਟਾਚਾਰ ਅਤੇ ਅਪਰਾਧ ਦੇ ਮਾਮਲਿਆਂ ਨੂੰ ਵੀ ਚੋਣਾਵੀ ਮੁੱਦਾ ਬਣਾਇਆ ਜਾ ਰਿਹਾ ਹੈ। ਪਾਰਟੀ ਦਾ ਕਹਿਣਾ ਹੈ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਸ਼ਹਿਰ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ, ਜਦਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ। ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦਾ ਕਹਿਣਾ ਸੀ ਕਿ ਸ਼ਹਿਰ ਦੇ ਲੋਕ ਵਿਕਾਸ ਦੇ ਨਾਮ ’ਤੇ ਆਪ ਨੂੰ ਵੋਟ ਕਰਨਗੇ।
ਬਾਕਸ
ਬਾਕਸ
ਅਕਾਲੀ ਦਲ ਨੇ ਭ੍ਰਿਸ਼ਟਾਚਾਰ ਨੂੰ ਬਣਾਇਆ ਮੁੱਖ ਮੁੱਦਾ
ਸ੍ਰੋਮਣੀ ਅਕਾਲੀ ਦਲ ਨੇ ਚੋਣਾਂ ਵਿੱਚ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਮੁੱਖ ਤੌਰ ‘ਤੇ ਉਠਾਇਆ ਹੈ। ਪਾਰਟੀ ਆਗੂਆਂ ਅਤੇ ਉਮੀਦਵਾਰਾਂ ਦਾ ਦੋਸ਼ ਹੈ ਕਿ ਨਗਰ ਨਿਗਮ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਵਧਿਆ ਹੈ, ਜਿਸ ਨਾਲ ਆਮ ਲੋਕ ਪਰੇਸ਼ਾਨ ਹੋਏ ਹਨ। ਅਕਾਲੀ ਉਮੀਦਵਾਰ ਘਰ-ਘਰ ਜਾ ਕੇ ਲੋਕਾਂ ਨੂੰ ਇਹ ਭਰੋਸਾ ਦਿਵਾ ਰਹੇ ਹਨ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਨਗਰ ਨਿਗਮ ਵਿੱਚਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਮੌਜੂਦਾ ਪ੍ਰਬੰਧ ਵਿੱਚ ਵਿਕਾਸ ਕਾਰਜਾਂ ਨਾਲੋਂ ਵੱਧ ਸਿਆਸੀ ਲਾਭ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦਾ ਕਹਿਣਾ ਸੀ ਕਿ ਬਠਿੰਡਾ ਦਾ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ, ਇਸ ਤੋਂ ਬਾਅਦ ਸ਼ਹਿਰ ਅੰਦਰ ਕੋਈ ਵਿਕਾਸ ਨਹੀਂ ਹੋਇਆ। ਇਸ ਲਈ ਸ਼ਹਿਰ ਦੇ ਲੋਕ ਅਕਾਲੀ ਦਲ ਦਾ ਸਾਥ ਦੇਣਗੇ।
ਬਾਕਸ
ਕਾਂਗਰਸ ਕਾਨੂੰਨ ਵਿਵਸਥਾ ਨੂੰ ਬਣਾ ਰਹੀ ਚੋਣ ਮੁੱਦਾ
ਕਾਂਗਰਸ ਪਾਰਟੀ ਲਗਾਤਾਰ ਖ਼ਰਾਬ ਹੋ ਰਹੀ ਕਾਨੂੰਨ ਵਿਵਸਥਾ ਨੂੰ ਚੋਣ ਮੁੱਦੇ ਵਜੋਂ ਉਭਾਰ ਰਹੀ ਹੈ। ਪਾਰਟੀ ਦੇ ਉਮੀਦਵਾਰ ਆਪਣੀਆਂ ਰੈਲੀਆਂ ਦੌਰਾਨ ਮੌਜੂਦਾ ਸਰਕਾਰ ਦੇ ਕਾਰਜਕਾਲ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਦਾ ਜ਼ਿਕਰ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਲੋਕ ਮੌਜੂਦਾ ਸਰਕਾਰ ਦੌਰਾਨ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕਾਂਗਰਸ ਉਮੀਦਵਾਰਾਂ ਦਾ ਦਾਅਵਾ ਹੈ ਕਿ ਜੇਕਰ ਉਹ ਨਗਰ ਨਿਗਮ ਵਿੱਚ ਜਿੱਤਦੇ ਹਨ ਤਾਂ ਸ਼ਹਿਰ ਵਿੱਚ ਵਧੀਆ ਪ੍ਰਸ਼ਾਸਨ ਅਤੇ ਪਾਰਦਰਸ਼ਤਾ ਲਿਆਂਦੀ ਜਾਵੇਗੀ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਲ ਰਾਜਨ ਗਰਗ ਦਾ ਕਹਿਣਾ ਸੀ ਕਿ ਸ਼ਹਿਰ ਦੇ ਲੋਕ ਇਸ ਵਾਰ ਕਾਂਗਰਸ ’ਤੇ ਭਰੋਸਾ ਕਰਨਗੇ।
ਬਾਕਸ
ਭਾਜਪਾ ਨੇ ਔਰਤਾਂ ਨੂੰ ਆਰਥਿਕ ਮਦਦ ਨਾ ਮਿਲਣ ਦਾ ਮੁੱਦਾ ਚੁੱਕਿਆ
ਭਾਜਪਾ ਨੇ ਚੋਣ ਪ੍ਰਚਾਰ ਦੌਰਾਨ ਔਰਤਾਂ ਨੂੰ ਮਹੀਨਾਵਾਰ ਆਰਥਿਕ ਮਦਦ ਨਾ ਮਿਲਣ ਦੇ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਠਾਇਆ ਹੈ। ਭਾਜਪਾ ਉਮੀਦਵਾਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ 1500 ਰੁਪੲ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਾਢੇ ਚਾਰ ਸਾਲ ਬਾਅਦ ਵੀ ਇਹ ਯੋਜਨਾ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਹੋ ਸਕੀ। ਪਾਰਟੀ ਇਸ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੰਦੀ ਹੋਈ ਵੋਟਰਾਂ ਤੋਂ ਸਮਰਥਨ ਮੰਗ ਰਹੀ ਹੈ। ਨਾਲ ਹੀ ਸਥਾਨਕ ਵਿਕਾਸ, ਸਫ਼ਾਈ ਪ੍ਰਬੰਧ ਅਤੇ ਮੁੱਢਲੀਆਂ ਸਹੂਲਤਾਂ ਨੂੰ ਲੈ ਕੇ ਵੀ ਸੱਤਾਧਾਰੀ ਧਿਰ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਭਾਜਪਾ ਦੀਆਂ ਸਰਕਾਰਾਂ ਵੱਲੋਂ ਦੂਜੇ ਸੂਬਿਆਂ ਵਿਚ ਕਰਵਾਏ ਵਿਕਾਸ ਕਾਰਜ ਲੋਕਾਂ ਸਾਹਮਣੇ ਰੱਖ ਰਹੇ ਹਨ।