- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਨੇ ਨਗਰ ਨਿਗਮ ਦੀਆਂ ਚੋਣਾਂ ਜਿੱਤੀਆਂ ਨਹੀਂ, ਲੁੱਟੀਆਂ: ਬਬਲੀ ਢਿੱਲੋਂ

-ਵੋਟਾਂ ਦੀ ਮੁੜ ਗਿਣਤੀ ਲਈ ਹਾਈ ਕੋਰਟ ਜਾਏਗਾ ਸ਼੍ਰੋਮਣੀ ਅਕਾਲੀ ਦਲ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਬਠਿੰਡਾ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਚੋਣ ਨਤੀਜਿਆਂ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਚੋਣ ਪ੍ਰਕਿਰਿਆ 'ਤੇ ਸਵਾਲ ਉਠਾਏ ਜਾ ਰਹੇ ਹਨ। ਇਸੇ ਸਬੰਧੀ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਪੱਤਰਕਾਰਾਂ ਨੂੰ ਜਾਣਕਾਰੀ ਦੇਣ ਦੌਰਾਨ ਪਾਰਟੀ ਆਗੂਆਂ ਨੇ ਸੱਤਾਧਾਰੀ ਪਾਰਟੀ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਅਤੇ ਚੋਣਾਂ ਵਿੱਚ ਵੱਡੇ ਪੱਧਰ 'ਤੇ ਧੱਕੇਸ਼ਾਹੀ ਤੇ ਬੇਨਿਯਮੀਆਂ ਦੇ ਦੋਸ਼ ਲਗਾਏ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਇਹ ਚੋਣਾਂ ਲੋਕਤੰਤਰੀ ਢੰਗ ਨਾਲ ਨਹੀਂ ਜਿੱਤੀਆਂ, ਸਗੋਂ ਸੱਤਾ ਦੇ ਜ਼ੋਰ 'ਤੇ “ਲੁੱਟੀਆਂ” ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸ਼ਹਿਰ ਦੇ ਸੱਤਾਧਾਰੀ ਪਾਰਟੀ ਦੇ ਪ੍ਰਭਾਵਸ਼ਾਲੀ ਆਗੂਆਂ ਨੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਹਰ ਤਰ੍ਹਾਂ ਦੇ ਹਥਕੰਡੇ ਅਪਣਾਏ ਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ। ਬਬਲੀ ਢਿੱਲੋਂ ਨੇ ਕਿਹਾ ਕਿ ਪਹਿਲਾਂ 26 ਮਈ ਨੂੰ ਹੋਈ ਵੋਟਿੰਗ ਦੌਰਾਨ ਕਈ ਪੋਲਿੰਗ ਬੂਥਾਂ 'ਤੇ ਖੁੱਲ੍ਹੇਆਮ ਧੱਕੇਸ਼ਾਹੀ ਕੀਤੀ ਗਈ ਅਤੇ ਜਾਅਲੀ ਵੋਟਾਂ ਭੁਗਤਾਉਣ ਦੇ ਮਾਮਲੇ ਸਾਹਮਣੇ ਆਏ। ਇਸ ਦੌਰਾਨ ਵਿਰੋਧੀ ਪਾਰਟੀਆਂ ਦੇ ਵਰਕਰਾਂ ਤੇ ਏਜੰਟਾਂ ਨੂੰ ਕਈ ਥਾਵਾਂ 'ਤੇ ਦਬਾਅ ਹੇਠ ਰੱਖਿਆ, ਜਿਸ ਕਾਰਨ ਚੋਣਾਂ ਦੀ ਨਿਰਪੱਖਤਾ 'ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਚੋਣ ਪ੍ਰਕਿਰਿਆ ਪਾਰਦਰਸ਼ੀ ਨਹੀਂ ਰਹੀ। ਉਨ੍ਹਾਂ ਦੇ ਅਨੁਸਾਰ ਜਿਨ੍ਹਾਂ ਵਾਰਡਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਥੋੜ੍ਹੇ ਫਰਕ ਨਾਲ ਅੱਗੇ ਸਨ, ਉੱਥੇ ਗਿਣਤੀ ਦੌਰਾਨ ਬੇਨਿਯਮੀਆਂ ਕਰਕੇ ਉਨ੍ਹਾਂ ਨੂੰ ਹਾਰਿਆ ਹੋਇਆ ਕਰਾਰ ਦਿੱਤਾ ਗਿਆ। ਬਬਲੀ ਢਿੱਲੋਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੇ ਲੋਕਤੰਤਰ ਦੀਆਂ ਜੜ੍ਹਾਂ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ।
ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਗਿਣਤੀ ਕੇਂਦਰਾਂ ਵਿੱਚ ਸੱਤਾਧਾਰੀ ਪਾਰਟੀ ਦੇ ਆਗੂਆਂ ਅਤੇ ਸਮਰਥਕਾਂ ਦੀ ਭਾਰੀ ਮੌਜੂਦਗੀ ਰਹੀ, ਜਦਕਿ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਬਿਲਕੁਲ ਵੀ ਮੌਕਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਈ ਥਾਵਾਂ 'ਤੇ ਇਤਰਾਜ਼ ਦਰਜ ਕਰਵਾਉਣ ਦੀ ਵੀ ਆਗਿਆ ਨਹੀਂ ਦਿੱਤੀ ਗਈ ਤੇ ਨਤੀਜਿਆਂ ਸਬੰਧੀ ਚੁੱਕੇ ਗਏ ਸਵਾਲਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੋਟਾਂ ਦੀ ਦੁਬਾਰਾ ਗਿਣਤੀ ਕਰਵਾਉਣ ਲਈ ਕਾਨੂੰਨੀ ਲੜਾਈ ਲੜੀ ਜਾਵੇਗੀ। ਸਭ ਤੋਂ ਪਹਿਲਾਂ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਡਿਪਟੀ ਕਮਿਸ਼ਨਰ ਕੋਲ ਮਾਮਲਾ ਉਠਾਇਆ ਜਾਵੇਗਾ। ਜੇਕਰ ਪ੍ਰਸ਼ਾਸਨ ਵੋਟਾਂ ਦੀ ਮੁੜ ਗਿਣਤੀ ਨਹੀਂ ਕਰਵਾਉਂਦਾ, ਤਾਂ ਪਾਰਟੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਏਗੀ। ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚੋਣਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਤੇ ਧੱਕੇਸ਼ਾਹੀ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖੇਗਾ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਤੇ ਕਰਮਯੋਗ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ ਆਗੂ ਤੇ ਵਰਕਰ ਹਾਜ਼ਰ ਸਨ।