ਕਿਸਾਨ ਵੀਰਾਂ ਨੂੰ ਫਾਸਫੋਰਸ ਖਾਦ ਦੀ ਵਰਤੋਂ ਘਟਾਉਣ ਦੀ ਲੋੜ : ਡਾ. ਤੇਜਬੀਰ ਸਿੰਘ ਬੁੱਚਰ
ਕਿਸਾਨ ਵੀਰਾਂ ਨੂੰ ਫਾਸਫੋਰਸ ਖਾਦ ਦੀ ਵਰਤੋਂ ਘਟਾਉਣ ਦੀ ਲੋੜ : ਡਾ. ਤੇਜਬੀਰ ਸਿੰਘ ਬੁੱਚਰ
Publish Date: Fri, 05 Jun 2026 04:10 PM (IST)
Updated Date: Fri, 05 Jun 2026 04:11 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ “ਖੇਤ ਬਚਾਓ ਅਭਿਆਨ” ਤਹਿਤ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ) ਕੇਵੀਕੇ ਬਠਿੰਡਾ ਦੀ ਅਗਵਾਈ ਹੇਠ ਪਿੰਡ ਮਾਈਸਰਖਾਨਾ ਅਤੇ ਘਸੋਖਾਨਾ (ਬਲਾਕ ਮੌੜ) ਵਿਖੇ ਕਿਸਾਨ ਜਾਗਰੂਕਤਾ ਕੈਂਪਾਂ ਅਤੇ ਕਿਸਾਨ ਗੋਸ਼ਟੀਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸਸ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਵਾਤਾਵਰਣ ਅਨੁਕੂਲ ਖੇਤੀ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਡਾ. ਤੇਜਬੀਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿੱਟੀ ਖੇਤੀਬਾੜੀ ਦੀ ਬੁਨਿਆਦ ਹੈ ਅਤੇ ਇਸ ਦੀ ਸਿਹਤ ਨੂੰ ਬਣਾਈ ਰੱਖਣ ਲਈ ਖਾਦਾਂ ਦੀ ਵਿਗਿਆਨਕ ਅਤੇ ਸੁਚੱਜੀ ਵਰਤੋਂ ਬਹੁਤ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਜੇਕਰ ਕਣਕ ਦੀ ਫ਼ਸਲ ਵਿੱਚ ਸਿਫਾਰਸ਼ ਮਾਤਰਾ ਵਿੱਚ ਫਾਸਫੋਰਸ ਖਾਦ ਪਾਈ ਹੋਵੇ ਤਾਂ ਝੋਨੇ ਜਾਂ ਸਾਉਣੀ ਦੀ ਫ਼ਸਲ ਦੌਰਾਨ ਕੋਈ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਤਾਂ ਜੋ ਖੇਤੀ ਦੀ ਲਾਗਤ ਘਟਾਈ ਜਾ ਸਕੇ ਅਤੇ ਫ਼ਸਲਾਂ ਤੋਂ ਵੱਧ ਝਾੜ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਰਸਾਇਣਕ ਖਾਦਾਂ ਦੀ ਬੇਲੋੜੀ ਅਤੇ ਅਸੰਤੁਲਿਤ ਵਰਤੋਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਘਟਾਉਂਦੀ ਹੈ ਅਤੇ ਵਾਤਾਵਰਣ ਲਈ ਵੀ ਹਾਨੀਕਾਰਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਜੈਵਿਕ ਖਾਦਾਂ, ਹਰੀ ਖਾਦ ਅਤੇ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾ. ਬੁੱਟਰ ਨੇ ਦੱਸਿਆ ਕਿ ਮਿੱਟੀ ਵਿੱਚ ਜੈਵਿਕ ਕਾਰਬਨ ਦੀ ਮਾਤਰਾ ਵਧਾਉਣ ਨਾਲ ਨਾ ਸਿਰਫ਼ ਮਿੱਟੀ ਦੀ ਬਣਤਰ ਵਿੱਚ ਸੁਧਾਰ ਹੁੰਦਾ ਹੈ, ਸਗੋਂ ਪਾਣੀ ਸੰਭਾਲਣ ਦੀ ਸਮਰੱਥਾ ਵੀ ਵਧਦੀ ਹੈ, ਜਿਸ ਨਾਲ ਫਸਲਾਂ ਨੂੰ ਲੰਬੇ ਸਮੇਂ ਤੱਕ ਲਾਭ ਮਿਲਦਾ ਹੈ। ਕਿਸਾਨ ਗੋਸ਼ਟੀ ਦੌਰਾਨ ਕਿਸਾਨਾਂ ਨੇ ਖਾਦਾਂ ਦੀ ਵਰਤੋਂ, ਮਿੱਟੀ ਦੀ ਸਿਹਤ ਅਤੇ ਮੌਜੂਦਾ ਖੇਤੀ ਸਮੱਸਿਆਵਾਂ ਸਬੰਧੀ ਆਪਣੇ ਸਵਾਲ ਪੁੱਛੇ, ਜਿਨ੍ਹਾਂ ਦੇ ਵਿਗਿਆਨਕ ਅਤੇ ਵਿਹਾਰਕ ਜਵਾਬ ਮਾਹਿਰਾਂ ਵੱਲੋਂ ਦਿੱਤੇ ਗਏ। ਇਸ ਮੌਕੇ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ ਅਤੇ ਖੇਤੀ ਨੂੰ ਵਧੇਰੇ ਲਾਹੇਵੰਦ ਤੇ ਟਿਕਾਊ ਬਣਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀ ਅਮਲ ਅਪਣਾਉਣ ਦੀ ਅਪੀਲ ਵੀ ਕੀਤੀ ਗਈ। ਕਿਸਾਨਾਂ ਨੇ ਇਸ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਉਨ੍ਹਾਂ ਨੂੰ ਵਿਗਿਆਨਕ ਜਾਣਕਾਰੀ ਨਾਲ ਜੋੜਦੇ ਹਨ ਅਤੇ ਖੇਤੀ ਵਿੱਚ ਨਵੇਂ ਤਰੀਕੇ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। “ਖੇਤ ਬਚਾਓ ਅਭਿਆਨ” ਤਹਿਤ ਆਉਣ ਵਾਲੇ ਸਮੇਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਇਸ ਤਰ੍ਹਾਂ ਦੇ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾਣਗੇ।