ਨਵ ਨਿਯੁਕਤ ਚੇਅਰਮੈਨ ਧੀਰਾ ਖੁੱਡੀਆਂ ਤਖ਼ਤ ਸਾਹਿਬ ’ਤੇ ਹੋਏ ਨਤਮਸਤਕ
ਨਵ ਨਿਯੁਕਤ ਚੇਅਰਮੈਨ ਧੀਰਾ ਖੁੱਡੀਆਂ ਤਖ਼ਤ ਸਾਹਿਬ ’ਤੇ ਹੋਏ ਨਤਮਸਤਕ
Publish Date: Sun, 07 Jun 2026 06:14 PM (IST)
Updated Date: Sun, 07 Jun 2026 06:14 PM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ ਹੋਣ ਬਾਅਦ ਪ੍ਰਮਾਤਮਾਂ ਦਾ ਸ਼ੁਕਰਾਨਾ ਕਰਨ ਲਈ ਰਣਧੀਰ ਸਿੰਘ ਧੀਰਾ ਖੁੱਡੀਆਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲਿਆ। ਇਸ ਤੋਂ ਪਹਿਲਾਂ ਧੀਰਾ ਖੁੱਡੀਆਂ ਨੇ ਤਲਵੰਡੀ ਸਾਬੋ ਆੜ੍ਹਤੀਆ ਐਸੋਸੀਏਸ਼ਨ ਦੇ ਉਪ ਪ੍ਰਧਾਨ ਜਤਿੰਦਰ ਕੁਮਾਰ ਬਰੂਆ ਸੇਠ ਦੀ ਦੁਕਾਨ ਤੇ ਪਹੁੰਚ ਕੇ ਵਪਾਰੀ ਭਾਈਚਾਰੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਭਰਵਾਂ ਸਵਾਗਤ ਕੀਤਾ ਗਿਆ। ਵਪਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀ ਵਰਗ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਵਿਸ਼ਵਾਸ ਉਨ੍ਹਾਂ ਤੇ ਜਤਾਇਆ ਹੈ, ਉਹ ਉਸ ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਜ਼ਰ ਆ ਰਹੇ ਹਨ। ਵਿਧਾਨ ਸਭਾ ਚੋਣਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਟਿਕਟ ਦੇਣ ਜਾਂ ਨਾ ਦੇਣ ਦਾ ਫ਼ੈਸਲਾ ਪਾਰਟੀ ਹਾਈਕਮਾਨ ਦਾ ਹੁੰਦਾ ਹੈ ਅਤੇ ਉਹ ਪਾਰਟੀ ਦੇ ਹਰ ਫ਼ੈਸਲੇ ਨੂੰ ਸਵੀਕਾਰ ਕਰਨਗੇ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਚੇਅਰਮੈਨ ਦੀ ਜ਼ਿੰਮੇਵਾਰੀ ਮਿਲੀ ਹੈ ਅਤੇ ਉਹ ਆਪਣਾ ਪੂਰਾ ਧਿਆਨ ਇਸ ਨੂੰ ਸਫਲਤਾਪੂਰਵਕ ਨਿਭਾਉਣ ਤੇ ਕੇਂਦਰਿਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਉਨ੍ਹਾਂ ਦੇ ਚਾਚਾ ਹਨ ਅਤੇ ਪਰਿਵਾਰ ਵਿੱਚ ਕਿਸੇ ਤਰ੍ਹਾਂ ਦਾ ਕੋਈ ਮਤਭੇਦ ਨਹੀਂ ਹੈ। ਧੀਰਾ ਖੁੱਡੀਆਂ ਨੇ ਦਾਅਵਾ ਕੀਤਾ ਕਿ ਜਿਸ ਤਰ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਲੰਬੀ ਹਲਕੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਕੇ ਇਤਿਹਾਸਕ ਜਿੱਤ ਦਰਜ ਕੀਤੀ ਸੀ, ਉਸੇ ਤਰ੍ਹਾਂ 2027 ਦੀਆਂ ਚੋਣਾਂ ਵਿੱਚ ਵੀ ਪਾਰਟੀ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰੇਗੀ ਅਤੇ ਪੰਜਾਬ ਵਿੱਚ ਮੁੜ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣੇਗੀ। ਪਟਿਆਲਾ ਵਿੱਚ ਬੀਤੇ ਦਿਨੀਂ ਇੱਕ ਡੀਐਸਪੀ ਵੱਲੋਂ ਪਾਵਰਕਾਮ ਮੁਲਾਜ਼ਮਾਂ ਨਾਲ ਕੀਤੀ ਗਈ ਕਥਿਤ ਕੁੱਟਮਾਰ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਘਟਨਾ ਨਿੰਦਣਯੋਗ ਹੈ ਅਤੇ ਇਸ ਮਾਮਲੇ ਵੱਲ ਸਰਕਾਰ ਨੂੰ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ। ਇਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੇ ਪਿਤਾ ਜਥੇਦਾਰ ਦਰਸ਼ਨ ਸਿੰਘ ਜਗ੍ਹਾ ਰਾਮ ਤੀਰਥ ਨੇ ਆਪਣੀ ਟੀਮ ਸਮੇਤ ਰਣਧੀਰ ਸਿੰਘ ਧੀਰਾ ਖੁੱਡੀਆਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ ਟੇਕ ਸਿੰਘ ਬੰਗੀ, ਭੂਰਾ ਸਿੰਘ ਗੁਰੂਸਰ, ਬਲਕਰਨ ਗੁਰੂਸਰ, ਸੁਖਤਾਜ ਸ਼ੇਖਪੁਰਾ, ਵਿਜੇ ਕੁਮਾਰ, ਪ੍ਰੇਮ ਕੁਮਾਰ ਗੋਗੀ ਨੰਬਰਦਾਰ, ਆਸ਼ੀਸ਼ ਗਰਗ, ਸੋਮਨਾਥ, ਰਵੀਮਾਨ ਡਾ.ਰਾਜਵੀਰ ਢਿੱਲੋਂ, ਯਸਪਾਲ ਕੁਮਾਰ, ਹਿੰਮਤ ਖੁੱਡੀਆਂ ਅਤੇ ਹੋਰ ਆਗੂ ਤੇ ਪਾਰਟੀ ਵਰਕਰ ਹਾਜ਼ਰ ਸਨ।